Breaking News
Home / ਭਾਰਤ / ਯੂਕਰੇਨ ‘ਚੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਰਣਨੀਤਕ ਯੋਜਨਾ ਦੀ ਲੋੜ : ਰਾਹੁਲ ਗਾਂਧੀ

ਯੂਕਰੇਨ ‘ਚੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਰਣਨੀਤਕ ਯੋਜਨਾ ਦੀ ਲੋੜ : ਰਾਹੁਲ ਗਾਂਧੀ

ਸੂਰਜੇਵਾਲਾ ਦਾ ਆਰੋਪ : ਭਾਜਪਾ ਸਰਕਾਰ ਕੋਲ ਯੂਕਰੇਨ ‘ਚੋਂ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਦੀ ਕੋਈ ਯੋਜਨਾ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਨੇ ਯੂਕਰੇਨ ਵਿਚ ਹੋਈ ਭਾਰਤੀ ਵਿਦਿਆਰਥੀ ਦੀ ਮੌਤ ਉਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉੱਥੋਂ ਭਾਰਤੀਆਂ ਨੂੰ ਸੁਰੱਖਿਅਤ ਕੱਢਣ ਲਈ ਸਰਕਾਰ ਨੂੰ ਰਣਨੀਤਕ ਯੋਜਨਾ ਬਣਾਉਣੀ ਚਾਹੀਦੀ ਹੈ। ਕਾਂਗਰਸ ਆਗੂ ਨੇ ਕਿਹਾ ਕਿ ਇਕ-ਇਕ ਮਿੰਟ ਕੀਮਤੀ ਹੈ। ਕਾਂਗਰਸ ਪਾਰਟੀ ਨੇ ਵੀ ਮ੍ਰਿਤਕ ਵਿਦਿਆਰਥੀ ਨਵੀਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਪਾਰਟੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਜਲਦੀ ਤੋਂ ਜਲਦੀ ਵਿਦਿਆਰਥੀਆਂ ਨੂੰ ਮੁਲਕ ਵਾਪਸ ਲਿਆਏ। ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਆਰੋਪ ਲਾਇਆ ਕਿ ਭਾਜਪਾ ਸਰਕਾਰ ਕੋਲ ਯੂਕਰੇਨ ‘ਚੋਂ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਦੀ ਕੋਈ ਯੋਜਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਫੋਟੋਆਂ ਖਿਚਾਈਆਂ ਜਾ ਰਹੀਆਂ ਹਨ ਤੇ ਕੋਈ ਠੋਸ ਕਾਰਵਾਈ ਨਹੀਂ ਹੋਈ। ਸੁਰਜੇਵਾਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਯੂਪੀ ਵਿਚ ਚੋਣ ਰੈਲੀਆਂ ਕਰ ਰਹੇ ਹਨ, ਨਾਗਰਿਕਾਂ ਨੂੰ ਸੁਰੱਖਿਅਤ ਲਿਆਉਣ ਦੀ ਜ਼ਿੰਮੇਵਾਰੀ ਕਿਸ ਦੀ ਹੈ? ਉਨ੍ਹਾਂ ਕਿਹਾ ਕਿ ਸਰਕਾਰ ਗੈਰ-ਸੰਵੇਦਨਸ਼ੀਲ ਹੈ। ਕਾਂਗਰਸ ਆਗੂ ਗੌਰਵ ਗੋਗੋਈ ਨੇ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਸਰਬ-ਪਾਰਟੀ ਸੰਸਦੀ ਮੀਟਿੰਗ ਸੱਦਣੀ ਚਾਹੀਦੀ ਹੈ। ਕਈ ਹੋਰਨਾਂ ਕਾਂਗਰਸੀ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਸਮੇਂ ਸਿਰ ਕਾਰਵਾਈ ਨਾ ਕਰਨ ਦਾ ਖ਼ਮਿਆਜ਼ਾ ਵਿਦਿਆਰਥੀਆਂ ਨੂੰ ਭੁਗਤਣਾ ਪੈ ਰਿਹਾ ਹੈ। ਲੋਕ ਸਭਾ ਵਿਚ ਪਾਰਟੀ ਦੇ ਆਗੂ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਯੂਕਰੇਨ ਦੀ ਸਥਿਤੀ ਦਾ ਅੰਦਾਜ਼ਾ ਲਾਉਣ ‘ਚ ਸਰਕਾਰ ਨਾਕਾਮ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਢੁੱਕਵੇਂ ਯਤਨ ਨਹੀਂ ਕੀਤੇ ਤੇ ਚੋਣ ਰੈਲੀਆਂ ਵਿਚ ਰੁੱਝੀ ਰਹੀ। ਉਨ੍ਹਾਂ ਕਿਹਾ ਕਿ ਇੰਟੈਲੀਜੈਂਸ ਦੇ ਬਾਵਜੂਦ ਕਦਮ ਨਹੀਂ ਚੁੱਕੇ ਗਏ।

 

Check Also

ਫੌਜ ਮੁਖੀ ਜਨਰਲ ਦਿਵੇਦੀ ਤਿੰਨੋਂ ਸੈਨਾਵਾਂ ’ਚ ਤਾਲਮੇਲ ਬਣਾਉਣ ਨੂੰ ਦੇਣਗੇ ਤਰਜੀਹ

ਕਿਹਾ : ਭਾਰਤੀ ਫੌਜ ਸਾਰੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ …