ਕਿਸਾਨ ਅੰਦੋਲਨ ਦੌਰਾਨ ਦਰਜ ਹੋਏ ਸਨ ਕੇਸ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਸਰਕਾਰ ਨੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦੌਰਾਨ ਪਿਛਲੇ ਸਾਲ ਦਿੱਲੀ ਪੁਲਿਸ ਵੱਲੋਂ ਦਰਜ 17 ਕੇਸ ਵਾਪਸ ਲੈਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਵਿੱਚ ਗਣਤੰਤਰ ਦਿਵਸ 26 ਜਨਵਰੀ 2021 ਨੂੰ ਹੋਈ ਹਿੰਸਾ ਨਾਲ ਸਬੰਧਤ ਕੇਸ ਵੀ ਸ਼ਾਮਲ ਹਨ। ਮੋਦੀ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਤੋਂ ਬਾਅਦ ਕਿਸਾਨਾਂ ਨੇ ਦਸੰਬਰ 2021 ਵਿੱਚ ਅੰਦੋਲਨ ਮੁਲਤਵੀ ਕਰ ਦਿੱਤਾ ਸੀ। ਕੇਂਦਰ ਨੇ ਨਵੰਬਰ 2020 ਤੋਂ ਦਸੰਬਰ 2021 ਦਰਮਿਆਨ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਕੇਸ ਵਾਪਸ ਲੈਣ ਦੀ ਸੰਯੁਕਤ ਕਿਸਾਨ ਮੋਰਚਾ ਦੀ ਮੰਗ ‘ਤੇ ਵੀ ਸਹਿਮਤੀ ਪ੍ਰਗਟਾਈ ਸੀ। ਇੱਕ ਸੀਨੀਅਰ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਉਪ ਰਾਜਪਾਲ ਅਨਿਲ ਬੈਜਲ ਦੇ ਦਫ਼ਤਰ ਵੱਲੋਂ 31 ਜਨਵਰੀ ਨੂੰ ਗ੍ਰਹਿ ਮੰਤਰੀ ਸਤਿੰਦਰ ਜੈਨ ਨੂੰ ਭੇਜੇ ਗਏ ਕੇਸਾਂ ਨਾਲ ਸਬੰਧਤ ਫਾਈਲ ਨੂੰ ਕਾਨੂੰਨ ਵਿਭਾਗ ਦੀ ਰਾਇ ਲੈਣ ਤੋਂ ਬਾਅਦ ਸੋਮਵਾਰ ਨੂੰ ਮਨਜ਼ੂਰੀ ਦਿੱਤੀ ਗਈ। ਦਿੱਲੀ ਪੁਲਿਸ ਨੇ ਨਵੰਬਰ 2020 ਤੋਂ ਦਸੰਬਰ 2021 ਦੌਰਾਨ ਦਰਜ 54 ਵਿੱਚੋਂ 17 ਕੇਸ ਵਾਪਸ ਲੈਣ ਦਾ ਫੈਸਲਾ ਕੀਤਾ ਸੀ। ਇਸ ਵਿੱਚ ਲਗਭਗ 200-300 ਪ੍ਰਦਰਸ਼ਨਕਾਰੀਆਂ ਤੇ 20-25 ਟਰੈਕਟਰਾਂ ਦੇ ਲਾਹੌਰੀ ਗੇਟ ਰਾਹੀਂ ਲਾਲ ਕਿਲ੍ਹੇ ਤੱਕ ਪਹੁੰਚਣ ਦਾ ਮਾਮਲਾ ਵੀ ਸ਼ਾਮਲ ਹੈ, ਜਿਸ ਨਾਲ ਟਿਕਟ ਕਾਊਂਟਰਾਂ ਅਤੇ ਸੁਰੱਖਿਆ ਜਾਂਚ ਉਪਕਰਨਾਂ ਨੂੰ ਨੁਕਸਾਨ ਪਹੁੰਚਿਆ ਸੀ। ਇਸ ਤੋਂ ਇਲਾਵਾ 150-175 ਟਰੈਕਟਰਾਂ ‘ਤੇ ਉੱਤਰ ਪ੍ਰਦੇਸ਼ ਦੇ ਲੋਨੀ ਤੋਂ ਦਿੱਲੀ ਦਾਖਲ ਹੋਏ ਕਿਸਾਨਾਂ ਖਿਲਾਫ ਉੱਤਰ-ਪੂਰਬੀ ਦਿੱਲੀ ਦੇ ਜੋਤੀ ਨਗਰ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਸੀ।
ਆਰੋਪ ਹੈ ਕਿ ਕਿਸਾਨਾਂ ਨੇ ਪੁਲਿਸ ਮੁਲਾਜ਼ਮਾਂ ਦੀ ਡਿਊਟੀ ‘ਚ ਵਿਘਨ ਪਾਇਆ ਤੇ ਹਮਲਾ ਕੀਤਾ। ਜ਼ਿਆਦਾਤਰ ਮਾਮਲੇ ਦਿੱਲੀ ਦੇ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਸਰਹੱਦਾਂ ‘ਤੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਇਕ ਸਾਲ ਤੋਂ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦੌਰਾਨ ਕੋਵਿਡ-19 ਨਿਯਮਾਂ ਤੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਨਾਲ ਸਬੰਧਤ ਹਨ। ਅੰਦੋਲਨਕਾਰੀ ਕਿਸਾਨਾਂ ਨੇ ਸੰਸਦ ਦੁਆਰਾ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਨਵੰਬਰ 2020 ਵਿੱਚ ਦਿੱਲੀ ਦੀਆਂ ਸਰਹੱਦਾਂ ‘ਤੇ ਡੇਰੇ ਲਾਏ ਸਨ। ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਨਵੰਬਰ 2020 ਵਿੱਚ ਦਿੱਲੀ ਦੀਆਂ ਸਰਹੱਦਾਂ ‘ਤੇ ਘੇਰਾਬੰਦੀ ਕੀਤੀ ਤੇ ਕੇਂਦਰ ਤੋਂ ਸੰਸਦ ਦੇ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਸੀ।
ਮੋਦੀ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਤੋਂ ਬਾਅਦ ਕਿਸਾਨਾਂ ਨੇ 11 ਦਸੰਬਰ 2021 ਨੂੰ ਅੰਦੋਲਨ ਮੁਲਤਵੀ ਕਰ ਦਿੱਤਾ ਸੀ। ਕੇਂਦਰ ਨੇ ਨਵੰਬਰ 2020 ਤੋਂ ਦਸੰਬਰ 2021 ਦਰਮਿਆਨ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਕੇਸ ਵਾਪਸ ਲੈਣ ਦੀ ਸੰਯੁਕਤ ਕਿਸਾਨ ਮੋਰਚਾ ਦੀ ਮੰਗ ‘ਤੇ ਵੀ ਸਹਿਮਤੀ ਪ੍ਰਗਟਾਈ ਸੀ। ਪਿਛਲੇ ਸਾਲ ਗਣਤੰਤਰ ਦਿਵਸ ‘ਤੇ ਇਕ ਟਰੈਕਟਰ ਰੈਲੀ ਦੌਰਾਨ ਅੰਦੋਲਨਕਾਰੀ ਕਿਸਾਨਾਂ ਦੇ ਦਿੱਲੀ ਵਿਚ ਦਾਖਲ ਹੋਣ ਤੋਂ ਬਾਅਦ ਹਿੰਸਾ ਤੇ ਭੰਨ੍ਹ-ਤੋੜ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਕੇਂਦਰ ਨੇ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਕੇਸ ਵਾਪਸ ਲੈਣ ਦੀ ਅੰਦੋਲਨਕਾਰੀ ਕਿਸਾਨ ਸੰਗਠਨ ਸੰਯੁਕਤ ਕਿਸਾਨ ਮੋਰਚਾ ਦੀ ਮੰਗ ਨੂੰ ਵੀ ਮੰਨ ਲਿਆ ਸੀ।
Check Also
ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ ਕੁਮਾਰ ਦਾ ਦਿਹਾਂਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੁੱਖ ਦਾ ਇਜ਼ਹਾਰ ਮੁੰਬਈ/ਬਿਊਰੋ ਨਿਊਜ਼ ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ …