44 ਦਿਨ ਦੇ ਚੋਣ ਜ਼ਾਬਤੇ ਦੌਰਾਨ 97 ਪਰਚੇ ਹੋਏ ਦਰਜ
ਫਰੀਦਕੋਟ/ਬਿਊਰੋ ਨਿਊਜ਼ : ਇਸ ਵਾਰ ਹੋਈਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਲਗਪਗ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਮੁੱਖ ਆਗੂਆਂ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਪਰਚੇ ਦਰਜ ਹੋਏ ਹਨ। ਜਦਕਿ ਰਿਪੋਰਟਾਂ ਅਨੁਸਾਰ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਵੋਟਰ ਅਤੇ ਬਾਕੀ ਪਾਰਟੀਆਂ ਦੇ ਕਾਰਕੁਨ ਖਾਮੋਸ਼ ਰਹੇ।
ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਆਰੋਪਾਂ ਤਹਿਤ ਮਾਨਸਾ ਜ਼ਿਲ੍ਹੇ ਵਿੱਚ ਪਰਚਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਫ਼ਰੀਦਕੋਟ ਜ਼ਿਲ੍ਹੇ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਦਾ ਪਰਚਾ ਦਰਜ ਹੋਇਆ ਹੈ। ਕਾਂਗਰਸ ਛੱਡ ਕੇ ਭਾਜਪਾ ਵਿੱਚ ਗਏ ਗੁਰਮੀਤ ਸਿੰਘ ਰਾਣਾ ਸੋਢੀ ‘ਤੇ ਵੀ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਹੇਠ ਪਰਚਾ ਦਰਜ ਹੋਇਆ ਹੈ ਤੇ ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ‘ਤੇ ਵੀ ਚੋਣ ਜ਼ਾਬਤੇ ਦੀ ਉਲੰਘਣਾ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਇਸ ਵਾਰ ਦੀਆਂ ਚੋਣਾਂ ਵਿੱਚ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਕਾਰਕੁਨਾਂ ‘ਤੇ ਫੌਜਦਾਰੀ ਪਰਚੇ ਦਰਜ ਨਹੀਂ ਹੋਏ ਅਤੇ ਨਾ ਹੀ ਚੋਣਾਂ ਦੌਰਾਨ ਸਿਆਸੀ ਪਾਰਟੀਆਂ ਦੇ ਕਾਰਕੁਨਾਂ ਦੀ ਆਪਸੀ ਝੜਪ ਦੀਆਂ ਖ਼ਬਰਾਂ ਆਈਆਂ ਹਨ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ 240 ਕਾਰਕੁਨਾਂ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਅਤੇ ਚੋਣਾਂ ਦੌਰਾਨ ਝਗੜਾ ਕਰਨ ਦੇ ਦੋਸ਼ ਹੇਠ ਪਰਚੇ ਦਰਜ ਹੋਏ ਸਨ। ਜਦਕਿ ਇਸ ਵਾਰੀ ਵਿਧਾਨ ਸਭਾ ਚੋਣਾਂ ਵਿੱਚ ਫਾਜ਼ਿਲਕਾ ਜ਼ਿਲ੍ਹੇ ਦੇ ਦੋ ਭਾਜਪਾ ਵਰਕਰਾਂ ਅਤੇ ਫ਼ਰੀਦਕੋਟ ਜ਼ਿਲ੍ਹੇ ਵਿੱਚ ਇਕ ਭਾਜਪਾ ਵਰਕਰ ‘ਤੇ ਹੀ ਪਰਚੇ ਦਰਜ ਹੋਏ ਹਨ। ਭਾਜਪਾ ਆਗੂ ਐਡਵੋਕੇਟ ਗਗਨਦੀਪ ਸਿੰਘ ਸੁਖੀਜਾ ਨੇ ਕਿਹਾ ਕਿ ਇਸ ਵਾਰ ਭਾਰਤੀ ਚੋਣ ਕਮਿਸ਼ਨ ਨੇ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕੀਤੀ ਹੈ ਤੇ ਹਰ ਘਟਨਾ ਦੀ ਬਕਾਇਦਾ ਵੀਡਿਓਗ੍ਰਾਫੀ ਕੀਤੀ ਗਈ ਹੈ, ਇਸ ਕਰਕੇ ਵੋਟਰਾਂ ਅਤੇ ਵਰਕਰਾਂ ਦੀ ਥਾਂ ਇਸ ਵਾਰ ਲੀਡਰਾਂ ਖ਼ਿਲਾਫ਼ ਪਰਚੇ ਦਰਜ ਹੋਏ ਹਨ। ਜ਼ਿਕਰਯੋਗ ਹੈ ਕਿ 44 ਦਿਨ ਦੇ ਚੋਣ ਜ਼ਾਬਤੇ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ 97 ਪਰਚੇ ਦਰਜ ਹੋਏ ਹਨ, ਜਿਨ੍ਹਾਂ ਵਿੱਚੋਂ 27 ਪਰਚੇ ਸਿਆਸੀ ਪਾਰਟੀਆਂ ਦੇ ਆਗੂਆਂ ਖਿਲਾਫ ਹਨ, ਜਦਕਿ 40 ਪਰਚੇ ਅਣਪਛਾਤੇ ਵਿਅਕਤੀਆਂ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਹੇਠ ਦਰਜ ਕੀਤੇ ਗਏ ਹਨ। ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਹੇਠ ਦਰਜ ਕੀਤੇ ਗਏ ਸਾਰੇ ਮੁਕੱਦਮਿਆਂ ਵਿੱਚ ਹਾਲੇ ਤੱਕ ਪੁਲਿਸ ਵੱਲੋਂ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।
ਪੰਜਾਬ ‘ਚ ਕਈਆਂ ਦੀ ਨਿਗ੍ਹਾ ਰਾਜ ਸਭਾ ਦੀ ਮੈਂਬਰੀ ‘ਤੇ ਟਿਕੀ
10 ਮਾਰਚ ਨੂੰ ਪਤਾ ਲੱਗੇਗਾ ਕਿ ਕਿਸ ਪਾਰਟੀ ਦਾ ਪਲੜਾ ਭਾਰੀ
ਚੰਡੀਗੜ੍ਹ : ਪੰਜਾਬ ਵਿਚ ਸਿਆਸੀ ਪਾਰਟੀਆਂ ਦੇ ਕਈ ਆਗੂਆਂ ਦੀ ਨਿਗ੍ਹਾ ਹੁਣ ਰਾਜ ਸਭਾ ਦੀ ਮੈਂਬਰੀ ‘ਤੇ ਵੀ ਟਿਕੀ ਹੋਈ ਹੈ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਅਸਰ ਰਾਜ ਸਭਾ ਮੈਂਬਰ ਲਈ ਹੋਣ ਵਾਲੀਆਂ ਚੋਣਾਂ ‘ਤੇ ਵੀ ਪਵੇਗਾ। ਪੰਜਾਬ ਤੋਂ ਰਾਜ ਸਭਾ ਲਈ ਸੱਤ ਮੈਂਬਰ ਚੁਣੇ ਜਾਂਦੇ ਹਨ ਅਤੇ ਪੰਜਾਬ ਦੇ ਮੌਜੂਦਾ ਸਾਰੇ ਰਾਜ ਸਭਾ ਮੈਂਬਰਾਂ ਦੀ ਮਿਆਦ ਆਉਂਦੇ ਅਪ੍ਰੈਲ ਅਤੇ ਜੁਲਾਈ ਮਹੀਨੇ ਵਿਚ ਖ਼ਤਮ ਹੋ ਜਾਵੇਗੀ। ਧਿਆਨ ਰਹੇ ਕਿ ਇਸ ਸਮੇਂ ਪੰਜਾਬ ਵਿਚੋਂ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ-ਤਿੰਨ ਅਤੇ ਭਾਜਪਾ ਦਾ ਇਕ ਰਾਜ ਸਭਾ ਮੈਂਬਰ ਹੈ। ਅਪ੍ਰੈਲ ਮਹੀਨੇ ਜਿਹੜੇ ਰਾਜ ਸਭਾ ਮੈਂਬਰਾਂ ਦਾ ਕਾਰਜਕਾਲ ਸਮਾਪਤ ਹੋ ਰਿਹਾ ਹੈ, ਉਨ੍ਹਾਂ ਵਿਚ ਕਾਂਗਰਸ ਦੇ ਪ੍ਰਤਾਪ ਸਿੰਘ ਬਾਜਵਾ, ਸ਼ਮਸ਼ੇਰ ਸਿੰਘ ਦੂਲੋ, ਅਕਾਲੀ ਦਲ ਦੇ ਸੁਖਦੇਵ ਸਿੰਘ ਢੀਂਡਸਾ ਅਤੇ ਭਾਜਪਾ ਦੇ ਸ਼ਵੇਤ ਮਲਿਕ ਸ਼ਾਮਲ ਹਨ। ਇਸੇ ਤਰ੍ਹਾਂ ਕਾਂਗਰਸ ਪਾਰਟੀ ਦੀ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਤੇ ਅਕਾਲੀ ਦਲ ਦੇ ਨਰੇਸ਼ ਗੁਜਰਾਲ ਅਤੇ ਬਲਵਿੰਦਰ ਸਿੰਘ ਭੂੰਦੜ ਦਾ ਰਾਜ ਸਭਾ ਕਾਰਜਕਾਲ ਜੁਲਾਈ ਮਹੀਨੇ ਸਮਾਪਤ ਹੋ ਜਾਵੇਗਾ। ਪੰਜਾਬ ਵਿਧਾਨ ਸਭਾ ਲਈ ਪਈਆਂ ਵੋਟਾਂ ਦੇ ਆਉਣ ਵਾਲੇ ਚੋਣ ਨਤੀਜੇ ਹੀ ਸਿਆਸੀ ਪਾਰਟੀਆਂ ਦਾ ਰਾਜ ਸਭਾ ਲਈ ਭਵਿੱਖ ਤੈਅ ਕਰਨਗੇ ਅਤੇ ਇਹ ਨਤੀਜੇ 10 ਮਾਰਚ ਨੂੰ ਆਉਣੇ ਹਨ।