ਯੂਕਰੇਨ ‘ਚ ਪੰਜਾਬ ਦੇ ਬੱਚੇ ਖਤਰੇ ‘ਚ, ਕਿੱਥੇ ਹਨ ਚੰਨੀ, ਸਿੱਧੂ ਤੇ ਜਾਖੜ : ਮਨੀਸ਼ ਤਿਵਾੜੀ
ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਅੰਦਰਖਾਤੇ ਤਲਖੀ ਵਧਦੀ ਜਾ ਰਹੀ ਹੈ ਅਤੇ ਹੁਣ ਯੂਕਰੇਨ ਸੰਕਟ ਨੂੰ ਲੈ ਕੇ ਪੰਜਾਬ ਕਾਂਗਰਸ ‘ਚ ਫਿਰ ਤੋਂ ਕਲੇਸ਼ ਸ਼ੁਰੂ ਹੋ ਗਿਆ ਹੈ।
ਯੂਕਰੇਨ ਵਿੱਚ ਫਸੇ ਪੰਜਾਬੀ ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿੱਚ ਬਿਆਨਬਾਜ਼ੀ ਸ਼ੁਰੂ ਹੋ ਗਈ ਹੈ। ਕਾਂਗਰਸੀ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸੁਨੀਲ ਜਾਖੜ ਅਤੇ ਸੂਬਾ ਇੰਚਾਰਜ ਹਰੀਸ਼ ਚੌਧਰੀ ‘ਤੇ ਸਿੱਧਾ ਸਿਆਸੀ ਹਮਲਾ ਬੋਲਿਆ ਹੈ। ਤਿਵਾੜੀ ਨੇ ਕਿਹਾ ਹੈ ਕਿ ਯੂਕਰੇਨ ‘ਚ ਪੰਜਾਬ ਦੇ ਬੱਚੇ ਖ਼ਤਰੇ ‘ਚ ਹਨ ਤਾਂ ਚੰਨੀ, ਸਿੱਧੂ, ਜਾਖੜ ਤੇ ਚੌਧਰੀ ਕੀ ਕਰ ਰਹੇ ਹਨ। ਮਨੀਸ਼ ਤਿਵਾੜੀ ਨੇ ਯੂਕਰੇਨ ਵਿੱਚ ਫਸੇ ਪੰਜਾਬ ਦੇ ਵਿਦਿਆਰਥੀਆਂ ਬਾਰੇ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ ਹੈ ਕਿ ਹੈਰਾਨੀ ਦੀ ਗੱਲ ਹੈ ਕਿ ਕਾਂਗਰਸ ਦੇ ਇਹ ਆਗੂ ਨਾ ਤਾਂ ਕਿਤੇ ਨਜ਼ਰ ਆ ਰਹੇ ਹਨ ਅਤੇ ਨਾ ਹੀ ਉਨ੍ਹਾਂ ਦੀ ਆਵਾਜ਼ ਸੁਣੀ ਜਾ ਰਹੀ ਹੈ। ਕਾਂਗਰਸੀ ਸੰਸਦ ਮੈਂਬਰ ਦਾ ਇਹ ਟਵੀਟ ਸਪੱਸ਼ਟ ਸੰਕੇਤ ਦੇ ਰਿਹਾ ਹੈ ਕਿ ਪੰਜਾਬ ‘ਚ ਵੋਟਿੰਗ ਭਾਵੇਂ ਹੋ ਗਈ ਹੋਵੇ ਪਰ ਕਾਂਗਰਸ ਦਾ ਝਗੜਾ ਖਤਮ ਨਹੀਂ ਹੋਇਆ ਹੈ। ਤਿਵਾੜੀ ਨੇ ਕਿਹਾ ਕਿ ਪੰਜਾਬ ਅਤੇ ਪੰਜਾਬ ਮਾਡਲ ਦਾ ਮੁੱਦਾ ਚੁੱਕਣ ਵਾਲੇ ਨਵਜੋਤ ਸਿੰਘ ਸਿੱਧੂ ਨੇ ਨਾ ਤਾਂ ਯੂਕਰੇਨ ਵਿੱਚ ਫਸੇ ਪੰਜਾਬੀ ਵਿਦਿਆਰਥੀਆਂ ਬਾਰੇ ਕੋਈ ਬਿਆਨ ਦਿੱਤਾ ਹੈ ਅਤੇ ਨਾ ਹੀ ਕੋਈ ਟਵੀਟ ਕੀਤਾ ਹੈ। ਤਿਵਾੜੀ ਨੇ ਕਿਹਾ ਕਿ ਸਿਰਫ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰ ਹੀ ਯੂਕਰੇਨ ਵਿਚ ਫਸੇ ਪੰਜਾਬ ਦੇ ਵਿਦਿਆਰਥੀਆਂ ਦੀ ਗੱਲ ਕਰ ਰਹੇ ਹਨ।