ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦੇ ਫ਼ੈਸਲੇ ਖ਼ਿਲਾਫ ਬੁੱਧਵਾਰ ਨੂੰ ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦਿੱਤੇ ਗਏ। ਇਨ੍ਹਾਂ ਮੰਗ ਪੱਤਰਾਂ ਰਾਹੀਂ ‘ਆਪ’ ਆਗੂਆਂ ਨੇ ਪੰਜਾਬ ਦੇ ਰਾਜਪਾਲ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਪੰਜਾਬ ਦੇ ਹੱਕਾਂ ਦੀ ਪੈਰਵੀ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਕੇਂਦਰ ਵੱਲੋਂ ਪੰਜਾਬ ਨਾਲ ਕੀਤੀ ਜਾ ਰਹੇ ਧੱਕੇਸ਼ਾਹੀ ਬੰਦ ਹੋ ਸਕੇ।
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੀਬੀਐੱਮਬੀ ਪੰਜਾਬ ਦੀ ਜ਼ਮੀਨ ‘ਤੇ ਖੜ੍ਹਾ ਹੋਇਆ ਉਹ ਪ੍ਰਬੰਧਨ ਹੈ, ਜਿਸ ਵਿੱਚੋਂ ਪੰਜਾਬ ਨੂੰ ਹੀ ਬਾਹਰ ਕੱਢਣ ਦੀਆਂ ਸਾਜਿਸ਼ਾਂ ਹੋ ਰਹੀਆਂ ਹਨ ਅਤੇ ਬੀਬੀਐੱਮਬੀ ਦੇ ਪ੍ਰਬੰਧਨ ਵਿੱਚੋਂ ਗਿਣਮਿਥ ਕੇ ਪੰਜਾਬ ਦੀ ਅਹਿਮੀਅਤ ਘਟਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ‘ਚ ਕਾਬਜ਼ ਕਾਂਗਰਸ ਦੀਆਂ ਸਰਕਾਰਾਂ ਪੰਜਾਬ ਨਾਲ ਧੱਕਾ ਕਰਦੀਆਂ ਸਨ, ਹੁਣ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਕਰ ਰਹੀ ਹੈ।
‘ਆਪ’ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਬੀਬੀਐੱਮਬੀ ਦੇ ਨਿਯਮਾਂ ‘ਚ ਮਨਮਾਨੇ ਫ਼ੈਸਲੇ ਲੈਣ ਤੋਂ ਗੁਰੇਜ਼ ਕਰੇ ਅਤੇ ਪਹਿਲਾਂ ਹੀ ਦੋਵੇਂ ਹੱਥੀਂ ਲੁੱਟੇ ਗਏ ਪੰਜਾਬ ਨਾਲ ਮਤਰੇਈ ਮਾਂ ਵਾਲਾ ਵਤੀਰਾ ਤਿਆਗੇ। ਬੀਬੀਐੱਮਬੀ ‘ਚ ਪੰਜਾਬ ਦੀ ਪੱਕੀ ਨੁਮਾਇੰਦਗੀ ਖ਼ਤਮ ਕਰਨ ਦਾ ਫ਼ੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੁਰੰਤ ਵਾਪਸ ਲੈਣ ਤੇ ਕਾਂਗਰਸ ਸਰਕਾਰਾਂ ਵੱਲੋਂ ਪਹਿਲਾਂ ਲਏ ਗਏ ਪੰਜਾਬ ਵਿਰੋਧੀ ਸਾਰੇ ਫ਼ੈਸਲਿਆਂ ‘ਤੇ ਨਜ਼ਰਸਾਨੀ ਕਰਨ।
Check Also
ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੋ ਦਸੰਬਰ ਨੂੰ ਸੌਂਪਣੇ ਆਪਣਾ ਸਪੱਸ਼ਟੀਕਰਨ
ਕਿਹਾ : ਮੇਰਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੈ ਸਮਰਪਿਤ ਅੰਮਿ੍ਰਤਸਰ/ਬਿਊਰੋ ਨਿਊਜ਼ : …