Breaking News
Home / ਪੰਜਾਬ / ਬੀਬੀਐਮਬੀ ‘ਚ ਪੰਜਾਬ ਦਾ ਦਾਅਵਾ ਖਤਮ ਕਰਨ ਵਿਰੁੱਧ ਹੋਣ ਲੱਗੇ ਪ੍ਰਦਰਸ਼ਨ

ਬੀਬੀਐਮਬੀ ‘ਚ ਪੰਜਾਬ ਦਾ ਦਾਅਵਾ ਖਤਮ ਕਰਨ ਵਿਰੁੱਧ ਹੋਣ ਲੱਗੇ ਪ੍ਰਦਰਸ਼ਨ

ਨੰਗਲ ਵਿਖੇ ਚੀਫ ਇੰਜਨੀਅਰ ਦੇ ਦਫ਼ਤਰ ਅੱਗੇ ਪ੍ਰਦਰਸ਼ਨ
ਸੂਬਿਆਂ ਦੇ ਹੱਕਾਂ ‘ਤੇ ਡਾਕਾ ਮਾਰਨ ਦੀ ਕੋਸ਼ਿਸ਼ ਕਰ ਰਿਹੈ ਕੇਂਦਰ: ਰਾਣਾ ਕੇਪੀ
ਨੰਗਲ/ਬਿਊਰੋ ਨਿਊਜ਼
ਕੇਂਦਰ ਸਰਕਾਰ ਵੱਲੋਂ ਬੀਬੀਐੱਮਬੀ ਵਿੱਚ ਪੰਜਾਬ ਦਾ ਦਾਅਵਾ ਖਤਮ ਕਰਨ ਵਿਰੁੱਧ ਕਾਂਗਰਸ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਦੀ ਅਗਵਾਈ ਹੇਠ ਭਾਖੜਾ ਡੈਮ ਦੇ ਚੀਫ ਇੰਜਨੀਅਰ ਦੇ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ।
ਇਸ ਮੌਕੇ ਰਾਣਾ ਕੇਪੀ ਸਿੰਘ ਨੇ ਕਿਹਾ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੀ ਸਥਾਈ ਮੈਂਬਰਸ਼ਿਪ ਖ਼ਤਮ ਕਰਨ ਦੀ ਸਾਜਿਸ਼ ਰਚ ਕੇ ਦੇਸ਼ ਦੇ ਸੰਘੀ ਢਾਂਚੇ ਨੂੰ ਤਹਿਸ-ਨਹਿਸ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਪੰਜਾਬੀਆਂ ਦੇ ਹੱਕਾਂ ‘ਤੇ ਡਾਕਾ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਭਾਖੜਾ ਡੈਮ ਦੀ ਸੁਰੱਖਿਆ ਸੀਆਈਐੱਸਐੱਫ ਨੂੰ ਦੇਣ ਦਾ ਮਨ ਬਣਾ ਕੇ ਇਹ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਗਈ ਕਿ ਕੇਂਦਰ ਨੂੰ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀ ਪੁਲਿਸ ‘ਤੇ ਵਿਸ਼ਵਾਸ ਨਹੀਂ ਹੈ।
ਉਨ੍ਹਾਂ ਕਿਹਾ ਕਿ ਭਾਖੜਾ ਡੈਮ ਅਤੇ ਬੀਬੀਐੱਮਬੀ ਸਾਡਾ ਹੈ ਤੇ ਅਸੀਂ ਇਸ ਨੂੰ ਆਪਣੇ ਤਰੀਕੇ ਨਾਲ ਚਲਾਵਾਂਗੇ। ਉਨ੍ਹਾਂ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਹੜਤਾਲ ਕਰਕੇ ਆਪਣੇ ਹੱਕਾਂ ਦੀ ਰਾਖੀ ਕਰਨ।ਐਡਵੋਕੇਟ ਪਰਮਜੀਤ ਸਿੰਘ ਪੰਮਾ ਨੇ ਕਿਹਾ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਦੇ ਅਧਿਕਾਰਾਂ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਜੇ ਕੇਂਦਰ ਸਰਕਾਰ ਮਨਮਰਜ਼ੀ ਕਰਦੀ ਹੈ ਤਾਂ ਕਾਂਗਰਸ ਇੱਥੇ ਆਉਣ ਵਾਲੇ ਹਰ ਅਧਿਕਾਰੀ ਦਾ ਘਿਰਾਓ ਕਰੇਗੀ।
ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਨਿਖੇਧੀ
ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ‘ਚ ਪੰਜਾਬ ਦੀ ਨੁਮਾਇੰਦੀ ਖਤਮ ਕਰਨ ਦੀ ਨਿਖੇਧੀ ਕੀਤੀ ਹੈ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਨਵੇਂ ਹੁਕਮਾਂ ਤਹਿਤ ਇਸ ਪ੍ਰਾਜੈਕਟ ਦੇ ਹਿੱਸੇਦਾਰ ਸੂਬਿਆਂ ਤੋਂ ਬਾਹਰਲੇ ਸੂਬਿਆਂ ਦੇ ਨੁਮਾਇੰਦੇ ਵੀ ਪ੍ਰਬੰਧਕ ਤੇ ਚੇਅਰਮੈਨ ਲਾਏ ਜਾ ਸਕਣਗੇ। ਭਵਿੱਖ ਵਿਚ ਇਸ ਪ੍ਰਾਜੈਕਟ ਨੂੰ ਨਿਕੰਮਾ ਦਿਖਾ ਕੇ ਇਸ ਦਾ ਨਿੱਜੀਕਰਨ ਕੀਤਾ ਜਾ ਸਕਦਾ ਹੈ। ਜਥੇਬੰਦੀ ਨੇ ਮੰਗ ਕੀਤੀ ਕਿ ਬੀਬੀਐੱਮਬੀ ਦੀ ਬਣਤਰ ਦੀ ਪਹਿਲੀ ਸਥਿਤੀ ਬਹਾਲ ਕੀਤੀ ਜਾਵੇ ਅਤੇ ਇਸ ਦਾ ਕੰਟਰੋਲ ਪੰਜਾਬ ਤੇ ਹੋਰ ਹਿੱਸੇਦਾਰ ਸੂਬਿਆਂ ਦੇ ਹੱਥਾਂ ਵਿਚ ਹੀ ਰਹਿਣ ਦੀ ਗਾਰੰਟੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਾਵਰਕੌਮ ਵੱਲੋਂ ਚਿੱਪ ਵਾਲੇ ਸਮਾਰਟ ਮੀਟਰ ਲਾਉਣ ਅਤੇ ਖੇਤੀ ਮੋਟਰਾਂ ‘ਤੇ ਨਿੱਜੀ ਟ੍ਰਾਂਸਫਾਰਮਰ ਲਾਉਣ ਦੇ ਫ਼ੈਸਲੇ ਵੀ ਬਿਜਲੀ ਦੇ ਨਿੱਜੀਕਰਨ ਵੱਲ ਵਧ ਰਹੇ ਵੱਡੇ ਕਦਮ ਹਨ।

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …