5.3 C
Toronto
Tuesday, October 28, 2025
spot_img
Homeਪੰਜਾਬਪੰਜਾਬ ਦੇ ਸਕੂਲਾਂ 'ਚ 12ਵੀਂ ਜਮਾਤ ਦੇ ਵਿਦਿਅਰਥੀਆਂ ਨੂੰ ਵਿਵਾਦਤ ਪੁਸਤਕ ਪੜ੍ਹਾਉਣ...

ਪੰਜਾਬ ਦੇ ਸਕੂਲਾਂ ‘ਚ 12ਵੀਂ ਜਮਾਤ ਦੇ ਵਿਦਿਅਰਥੀਆਂ ਨੂੰ ਵਿਵਾਦਤ ਪੁਸਤਕ ਪੜ੍ਹਾਉਣ ਦਾ ਮਾਮਲਾ ਭਖਿਆ

ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦਫਤਰ ਦੇ ਬਾਹਰ ਰੋਸ ਰੈਲੀ ਅਤੇ ਧਰਨਾ
ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਦੇ ਸਕੂਲਾਂ ਵਿੱਚ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਵਿਵਾਦਤ ਇਤਿਹਾਸ ਦੀ ਕਿਤਾਬ ਪੜ੍ਹਾਉਣ ਦਾ ਮਾਮਲਾ ਭਖ ਗਿਆ ਹੈ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ (ਸਿਰਸਾ) ਦੇ ਪ੍ਰਧਾਨ ਅਤੇ ਸਿੱਖ ਆਗੂ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਸਿੱਖਿਆ ਬੋਰਡ ਦੇ ਬਾਹਰ ਸੂਬਾ ਪੱਧਰੀ ਰੈਲੀ ਕੀਤੀ ਗਈ। ਜਦੋਂਕਿ ਲੜੀਵਾਰ ਧਰਨਾ ਵੀ ਜਾਰੀ ਰਿਹਾ।
ਇਸ ਧਰਨੇ ਵਿੱਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਤਿੰਨ ਮਤੇ ਪਾਸ ਕਰਕੇ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਵਾਲੇ ਲੇਖਕ, ਪ੍ਰਕਾਸ਼ਕ, ਮਾਨਤਾ ਦੇਣ ਵਾਲੇ ਬੋਰਡ ਅਧਿਕਾਰੀਆਂ ਸਮੇਤ ਤਤਕਾਲੀ ਸਿੱਖਿਆ ਮੰਤਰੀ ਵਿਰੁੱਧ ਪਰਚੇ ਕਰਨ, ਵਿਵਾਦਿਤ ਕਿਤਾਬਾਂ ‘ਤੇ ਪੂਰਨ ਪਾਬੰਦੀ ਲਗਾਉਣ ਅਤੇ ਸਿੱਖ ਇਤਿਹਾਸ ਨੂੰ ਗੁਰਬਾਣੀ ਦੀ ਕਸਵੱਟੀ ਅਨੁਸਾਰ ਪਰਖਣ ਲਈ ਮਾਹਰਾਂ ਦੀ ਕਮੇਟੀ ਬਣਾ ਕੇ ਪੜਚੋਲ ਕਰਵਾਉਣ ਉਪਰੰਤ ਪ੍ਰਕਾਸ਼ਿਤ ਕਰਵਾਉਣ ਲਈ ਕਿਹਾ ਗਿਆ।
ਸਿਰਸਾ ਨੇ ਕਿਹਾ ਕਿ ਕਿਤਾਬ ਵਿੱਚ ਨੌਵੇਂ ਪਾਤਸ਼ਾਹ ਨੂੰ ਚੋਰ ਡਾਕੂ ਅਤੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਲੋਕਾਂ ਦਾ ਖੂਨ ਚੂਸਣ ਵਾਲਾ ਰਾਖਸਸ਼ ਦੱਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਤਾਬ ਵਿੱਚ ਗੁਰੂਆਂ ਅਤੇ ਸਿੱਖ ਇਤਿਹਾਸ ਬਾਰੇ ਦਰਜ ਗਲਤ ਤੱਥ ਹਟਾਏ ਜਾਣ ਅਤੇ ਕਿਤਾਬ ਨੂੰ ਨਵੇਂ ਸਿਰਿਉਂ ਸੋਧ ਕੇ ਛਾਪਿਆ ਜਾਵੇ। ਇਸ ਮੌਕੇ ਡਾ. ਪਿਆਰਾ ਲਾਲ ਗਰਗ, ਲੱਖਾ ਸਿਧਾਣਾ, ਕਿਸਾਨ ਆਗੂ ਮੇਹਰ ਸਿੰਘ ਥੇੜੀ, ਜਗਜੀਤ ਸਿੰਘ ਡੱਲੇਵਾਲ, ਸਿੱਖ ਆਗੂ ਗੁਰਨਾਮ ਸਿੰਘ ਸਿੱਧੂ, ਹਰਮਨਪ੍ਰੀਤ ਕੌਰ ਵਿਰਕ, ਕਰਨੈਲ ਸਿੰਘ ਮਾਛੀਵਾੜਾ, ਮਨਮੋਹਨ ਸਿੰਘ ਖੇੜਾ ਨੇ ਵੀ ਸੰਬੋਧਨ ਕੀਤਾ।
ਪੰਜ ਮਾਰਚ ਤਕ ਰਿਪੋਰਟ ਮੰਗੀ: ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੇ ਸਪੱਸ਼ਟ ਕੀਤਾ ਹੈ ਕਿ ਇਹ ਕਿਤਾਬ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਛਾਪੀ ਗਈ ਸੀ ਜੋ ਸਾਲ 2009 ਤੋਂ ਬਾਜ਼ਾਰ ਵਿੱਚ ਵਿਕ ਰਹੀ ਹੈ। ਇਸ ਕਿਤਾਬ ਦੇ ਪ੍ਰਕਾਸ਼ਨ ਜਾਂ ਲੇਖਕ ਦੀ ਨਿਯੁਕਤੀ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਨਹੀਂ ਹੈ। ਇਸ ਕਿਤਾਬ ਦੀ 2009 ਤੋਂ 2017 ਤੱਕ ਬੋਰਡ ਦੇ ਰਿਕਾਰਡ ਅਨੁਸਾਰ ਇੱਕ ਸਬ-ਕਮੇਟੀ ਅਤੇ ਅਕਾਦਮਿਕ ਕੌਂਸਲ ਦੀ ਸਿਫ਼ਾਰਸ਼ ਨਾਲ ਪ੍ਰਵਾਨਗੀ ਦਿੱਤੀ ਗਈ ਸੀ। ਇਸ ਪੁਸਤਕ ਦਾ ਪ੍ਰਕਾਸ਼ਨ ਰਾਜ ਪਬਲਿਸ਼ਰ ਜਲੰਧਰ ਨੇ ਕੀਤਾ ਹੈ, ਜਿਸ ਦੇ ਲੇਖਕ ਡਾ. ਐਮ ਐਸ ਮਾਨ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਸਿਰਸਾ ਦੀ ਸ਼ਿਕਾਇਤ ਦੀ ਜਾਂਚ ਆਈਪੀਐਸ ਮਲਹੋਤਰਾ ਕਰ ਰਹੇ ਹਨ ਜਿਨ੍ਹਾਂ ਨੂੰ 5 ਮਾਰਚ ਤਕ ਰਿਪੋਰਟ ਸੌਂਪਣ ਲਈ ਕਿਹਾ ਹੈ।
ਧਰਨਾਕਾਰੀਆਂ ਕੋਲ ਪੁੱਜੇ ਸਿੱਖਿਆ ਮੰਤਰੀ ਪਰਗਟ ਸਿੰਘ
ਮੁਹਾਲੀ : ਪੰਜਾਬ ਦੇ ਸਕੂਲਾਂ ਵਿੱਚ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਇਤਿਹਾਸ ਵਿਸ਼ੇ ਦੀ ਵਿਵਾਦਤ ਕਿਤਾਬ ਪੜ੍ਹਾਉਣ ਵਿਰੁੱਧ ਸਿੱਖਿਆ ਬੋਰਡ ਦੇ ਬਾਹਰ ਲੜੀਵਾਰ ਧਰਨਾ ਜਾਰੀ ਰਿਹਾ। ਉਧਰ, ਸਿੱਖਿਆ ਮੰਤਰੀ ਪਰਗਟ ਸਿੰਘ ਵੀ ਧਰਨੇ ਵਿੱਚ ਪੁੱਜੇ। ਉਨ੍ਹਾਂ ਸਿੱਖ ਗੁਰੂਆਂ ਅਤੇ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਬਾਰੇ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਵਾਦਤ ਕਿਤਾਬ ਦੇ ਪੰਨੇ ਫਰੋਲੇ ਅਤੇ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਕਿ ਵਿਵਾਦਤ ਕਿਤਾਬਾਂ ਨੂੰ ਜ਼ਬਤ ਕੀਤਾ ਜਾਵੇਗਾ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਇਹ ਵੀ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਵਿਦਿਆਰਥੀਆਂ ਤਕ ਸਹੀ ਪਾਠਕ੍ਰਮ ਪੁੱਜਦਾ ਕੀਤਾ ਜਾਵੇਗਾ ਅਤੇ ਕਿਤਾਬ ਛਾਪਣ ਤੋਂ ਪਹਿਲਾਂ ਉਸ ਦੀ ਘੋਖ ਕੀਤੀ ਜਾਵੇਗੀ। ਧਰਨਾਕਾਰੀਆਂ ਨੇ ਕਿਹਾ ਕਿ ਜੇਕਰ ਬੱਚਿਆਂ ਨੂੰ ਗਲਤ ਇਤਿਹਾਸ ਪੜ੍ਹਾਇਆ ਜਾਵੇਗਾ ਤਾਂ ਫਿਰ ਉਨ੍ਹਾਂ ਤੋਂ ਚੰਗੇ ਭਵਿੱਖ ਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ।

RELATED ARTICLES
POPULAR POSTS