ਕੌਮੀ ਮਹਿਲਾ ਕਮਿਸ਼ਨ ਨੇ ਸੁਮਨ ਤੂਰ ਵੱਲੋਂ ਲਗਾਏ ਗਏ ਆਰੋਪਾਂ ਦੀ ਜਾਂਚ ਦੇ ਦਿੱਤੇ ਹੁਕਮ
ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀਆਂ ਚੋਣ ਨਤੀਜਿਆਂ ਤੋਂ ਮੁਸ਼ਕਿਲਾਂ ਵਧ ਗਈਆਂ ਹਨ। ਸਿੱਧੂ ਦੀ ਭੈਣ ਸੁਮਨ ਤੂਰ ਵੱਲੋਂ ਉਨ੍ਹਾਂ ’ਤੇ ਕਈ ਤਰ੍ਹਾਂ ਦੇ ਗੰਭੀਰ ਆਰੋਪ ਲਗਾਏ ਸਨ, ਜਿਸ ਦੇ ਚਲਦਿਆਂ ਸੁਮਨ ਤੂਰ ਨੇ ਜਾਇਦਾਦ ਵਿਵਾਦ ’ਚ ਸਿੱਧੂ ਖਿਲਾਫ਼ ਕੌਮੀ ਮਹਿਲਾ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਕੌਮੀ ਮਹਿਲਾ ਕਮਿਸ਼ਨ ਨੇ ਹਰਕਤ ਵਿਚ ਆਉਂਦੇ ਹੋਏ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਪੰਦਰਾਂ ਦਿਨਾਂ ਦੇ ਅੰਦਰ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਸਿੱਧੂ ਦੀ ਭੈਣ ਸੁਮਨ ਤੂਰ ਵਿਦੇਸ਼ ’ਚ ਰਹਿੰਦੀ ਹੈ ਅਤੇ ਉਸ ਨੇ ਸ਼ਿਕਾਇਤ ’ਚ ਲੁਧਿਆਣਾ ਦੇ ਪੱਖੋਵਾਲ ਰੋਡ ਦਾ ਪਤਾ ਦਿੱਤਾ ਹੈ। ਧਿਆਨ ਰਹੇ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੁਮਨ ਤੂਰ ਨੇ ਚੰਡੀਗੜ੍ਹ ’ਚ ਪ੍ਰੈਸ ਕਾਨਫਰੰਸ ਕਰਕੇ ਸਿੱਧੂ ’ਤੇ ਕਈ ਗੰਭੀਰ ਆਰੋਪ ਲਗਾਏ ਸਨ। ਜਿਸ ਤੋਂ ਬਾਅਦ ਸਿੱਧੂ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ’ਤੇ ਆ ਗਏ ਸਨ ਅਤੇ ਇਸ ਸਬੰਧੀ ਸਿੱਧੂ ਕੋਲੋਂ ਸਵਾਲ ਵੀ ਪੁੱਛੇ ਜਾ ਰਹੇ ਸਨ। ਪ੍ਰੰਤੂ ਨਵਜੋਤ ਸਿੰਘ ਸਿੱਧੂ ਨੇ ਇਸ ’ਤੇ ਕੋਈ ਪ੍ਰਤੀਕ੍ਰਿਆ ਨਹੀਂ ਸੀ ਦਿੱਤੀ। ਪਰ ਉਨ੍ਹਾਂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਕਿਹਾ ਸੀ ਕਿ ਚੋਣਾਂ ਸਮੇਂ ਅਜਿਹੇ ਰਿਸ਼ਤੇਦਾਰ ਸਾਹਮਣੇ ਆ ਜਾਂਦੇ ਹਨ। ਪ੍ਰੰਤੂ ਉਨ੍ਹਾਂ ਸਾਫ਼ ਲਫ਼ਜ਼ਾਂ ’ਚ ਕਿਹਾ ਸੀ ਕਿ ਸਿੱਧੂ ਆਪਣੇ ਮਾਂ-ਬਾਪ ਦੇ ਇਕਲੌਤੇ ਵਾਰਸ ਹਨ ਅਤੇ ਉਨ੍ਹਾਂ ਦੀ ਕੋਈ ਭੈਣ ਨਹੀਂ।