ਭਗਵੰਤ ਨੇ ਕੇਜਰੀਵਾਲ ਦੇ ਪੈਰੀਂ ਹੱਥ ਲਗਾ ਕੇ ਲਿਆ ਅਸ਼ੀਰਵਾਦ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਹੋਈ ਧਮਾਕੇਦਾਰ ਜਿੱਤ ਤੋਂ ਬਾਅਦ ਭਗਵੰਤ ਮਾਨ ਆਉਂਦੀ 16 ਮਾਰਚ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੰੁ ਚੁੱਕਣਗੇ ਅਤੇ ਇਹ ਸਹੁੰ ਚੁੱਕ ਸਮਾਗਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੋਵੇਗਾ। ਧਿਆਨ ਰਹੇ ਕਿ ਭਗਵੰਤ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਵੀ ਕੀਤੀ ਹੈ। ਭਗਵੰਤ ਨੇ ਅਰਵਿੰਦ ਕੇਜਰੀਵਾਲ ਦੇ ਪੈਰੀਂ ਹੱਥ ਲਗਾ ਕੇ ਅਸ਼ੀਰਵਾਦ ਲਿਆ ਅਤੇ ਉਨ੍ਹਾਂ ਨੂੰ ਘੁੱਟ ਕੇ ਜੱਫੀ ਪਾਈ ਅਤੇ ਮੁੁਨੀਸ਼ ਸਿਸੋਦੀਆ ਵੀ ਭਗਵੰਤ ਨੂੰ ਜੱਫੀ ਪਾ ਕੇ ਮਿਲੇ। ਭਗਵੰਤ ਮਾਨ ਭਲਕੇ ਸ਼ਨੀਵਾਰ ਨੂੰ ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਨੂੰ ਮਿਲ ਕੇ ਪੰਜਾਬ ਵਿਚ ਸਰਕਾਰ ਬਣਾਉਣ ਲਈ ਦਾਅਵਾ ਵੀ ਪੇਸ਼ ਕਰਨਗੇ। ਧਿਆਨ ਰਹੇ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਕਾਂਗਰਸ ਅਤੇ ਅਕਾਲੀ ਦਲ ਨੂੰ ਪਛਾੜ ਕੇ ਵੱਡੀ ਜਿੱਤ ਦਰਜ ਕੀਤੀ ਹੈ ਅਤੇ 117 ਵਿਚੋਂ 92 ਸੀਟਾਂ ’ਤੇ ਜਿੱਤ ਪ੍ਰਾਪਤ ਕੇ ਇਤਿਹਾਸ ਰਚ ਦਿੱਤਾ ਹੈ।
ਇਸੇ ਦੌਰਾਨ ਅਰਵਿੰਦ ਕੇਜਰੀਵਾਲ ਵਲੋੋਂ ਇਕ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਮੇਰਾ ਛੋਟਾ ਭਰਾ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੇਗਾ ਅਤੇ ਉਹ ਸਹੁੰ ਚੁੱਕ ਸਮਾਗਮ ਲਈ ਸੱਦਾ ਦੇਣ ਮੇਰੇ ਘਰ ਆਏ। ਮੈਨੂੰ ਪੂਰਾ ਭਰੋਸਾ ਹੈ ਕਿ ਭਗਵੰਤ ਮਾਨ ਇਕ ਮੁੱਖ ਮੰਤਰੀ ਦੇ ਤੌਰ ’ਤੇ ਪੰਜਾਬ ਦੇ ਲੋਕਾਂ ਦੀ ਹਰ ਉਮੀਦ ਨੂੰ ਪੂਰਾ ਕਰਨਗੇ।