ਕਿਹਾ : ਰਾਜਨੀਤੀ ਵਿਚ ਅਜਿਹੀਆਂ ਗੱਲਾਂ ਹੁੰਦੀਆਂ ਰਹਿੰਦੀਆਂ ਹਨ
ਚੰਡੀਗੜ੍ਹ/ਬਿਊੁਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਬਹੁਤ ਵੱਡੀ ਹਾਰ ਹੋਈ ਹੈ ਅਤੇ ਪਾਰਟੀ ਸਿਰਫ ਤਿੰਨ ਸੀਟਾਂ ’ਤੇ ਹੀ ਸਿਮਟ ਗਈ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੇ ਫਤਵੇ ਅੱਗੇ ਸਿਰ ਝੁਕਾਉਂਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਐਮਰਜੈਂਸੀ ਤੋਂ ਬਾਅਦ ਅਸੀਂ ਸਾਰੀਆਂ ਸੀਟਾਂ ਜਿੱਤੀਆਂ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਰਾਜਨੀਤੀ ਵਿਚ ਅਜਿਹੀਆਂ ਗੱਲਾਂ ਹੁੰਦੀਆਂ ਰਹਿੰਦੀਆਂ ਹਨ ਅਤੇ ਅਸੀਂ ਪੰਜਾਬ ਅਤੇ ਦੇਸ਼ ਲਈ ਲੜਦੇ ਰਹਾਂਗੇ। ਪਰਕਾਸ਼ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਜਿਹੇ ਸਿਆਸੀ ਤੂੁਫਾਨ ਪਹਿਲਾਂ ਵੀ ਆਉਂਦੇ ਰਹੇ ਹਨ ਅਤੇ ਸਿਆਸਤ ਵਿਚ ਜਿੱਤ-ਹਾਰ ਚੱਲਦੀ ਰਹਿੰਦੀ ਹੈ। ਧਿਆਨ ਰਹੇ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੂੰ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਹਰਾ ਦਿੱਤਾ ਸੀ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਮਿਲੀ ਹੈ।