ਗੁਰਜੀਤ ਔਜਲਾ ਨੇ ਵੀ ਭਗਵੰਤ ਮਾਨ ਦੀਆਂ ਤਸਵੀਰਾਂ ਟਵਿੱਟਰ ’ਤੇ ਕੀਤੀਆਂ ਸਾਂਝੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੇ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਸਪੀਕਰ ਓਮ ਬਿਰਲਾ ਨੂੰ ਆਪਣਾ ਅਸਤੀਫ਼ਾ ਦੇਣ ਤੋਂ ਪਹਿਲਾਂ ਆਖਰੀ ਵਾਰ ਲੋਕ ਸਭਾ ਵਿੱਚ ਹਿੱਸਾ ਲਿਆ। ਅਸਤੀਫ਼ਾ ਦੇਣ ਤੋਂ ਬਾਅਦ ਮਾਨ ਨੇ ਕਿਹਾ ਕਿ ਇਸ ਸਦਨ ਦੀ ਯਾਦ ਆਏਗੀ ਪਰ ਹੁਣ ਵੱਡੀ ਜ਼ਿੰਮੇਵਾਰੀ ਨਿਭਾਉਣੀ ਹੈ। ਧਿਆਨ ਰਹੇ ਕਿ ਭਗਵੰਤ ਮਾਨ 16 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕਣਗੇ। ਮੀਡੀਆ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਲੋਕ ਸਭਾ ਵਿੱਚ ਆਪਣੇ ਆਖਰੀ ਦਿਨ ਮੌਕੇ ਕਿਹਾ ਕਿ ਮੈਂ ਇਸ ਸਦਨ ਨੂੰ ਹਮੇਸ਼ਾ ਯਾਦ ਕਰਾਂਗਾ ਅਤੇ ਹੁਣ ਪੰਜਾਬ ਦੇ ਲੋਕਾਂ ਨੇ ਮੈਨੂੰ ਪੂਰੇ ਸੂਬੇ ਦੀ ਸੇਵਾ ਲਈ ਇਕ ਵੱਡੀ ਜ਼ਿੰਮੇਵਾਰੀ ਦੇ ਦਿੱਤੀ ਹੈ। ਭਗਵੰਤ ਨੇ ਕਿਹਾ ਮੈਂ ਵਾਅਦਾ ਕਰਦਾ ਹਾਂ ਕਿ ਸੰਗਰੂਰ ਤੋਂ ਇਕ ਹੋਰ ਆਵਾਜ਼ ਛੇਤੀ ਹੀ ਲੋਕ ਸਭਾ ਵਿੱਚ ਗੂੰਜੇਗੀ। ਇਸੇ ਦੌਰਾਨ ਸਾਥੀ ਸੰਸਦ ਮੈਂਬਰਾਂ ਵਲੋਂ ਭਗਵੰਤ ਮਾਨ ਨੂੰ ਵਿਦਾਇਗੀ ਦਿੱਤੀ ਗਈ। ਇਸ ਸਬੰਧੀ ਕੁਝ ਤਸਵੀਰਾਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਆਪਣੇ ਟਵਿਟਰ ਅਕਾਊਂਟ ’ਤੇ ਸਾਂਝੀਆਂ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਕਾਂਗਰਸ ਦੇ ਇਕ ਹੋਰ ਸੀਨੀਅਰ ਆਗੂ ਸ਼ਸ਼ੀ ਥਰੂਰ ਵਲੋਂ ਵੀ ਭਗਵੰਤ ਮਾਨ ਨੂੰ ਨਵੀਂ ਸਿਆਸੀ ਸ਼ੁਰੂਆਤ ਲਈ ਵਧਾਈ ਦਿੱਤੀ ਗਈ ਹੈ।