ਸੁਪਰੀਮ ਕੋਰਟ ਇਸ ਮਾਮਲੇ ’ਤੇ ਸਪੈਸ਼ਲ ਬੈਂਚ ਕਰੇਗਾ ਕਾਇਮ
ਨਵੀਂ ਦਿੱਲੀ/ਬਿਊਰੋ ਨਿਊਜ਼
ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਮੁੱਖ ਮੁਲਜ਼ਮ ਅਸ਼ੀਸ਼ ਮਿਸ਼ਰਾ ਨੂੰ ਲੰਘੇ ਦਿਨੀਂ ਇਲਾਹਾਬਾਦ ਹਾਈ ਕੋਰਟ ਨੇ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਸੀ। ਇਲਾਹਾਬਾਦ ਹਾਈ ਕੋਰਟ ਵੱਲੋਂ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਵਾਲੇ ਫੈਸਲੇ ’ਤੇ ਕਿਸਾਨ ਜਥੇਬੰਦੀਆਂ ਨੇ ਹੈਰਾਨੀ ਪ੍ਰਗਟਾਈ ਸੀ, ਜਿਸ ਤੋਂ ਬਾਅਦ ਉਨ੍ਹਾਂ ਅਸ਼ੀਸ਼ ਦੀ ਜ਼ਮਾਨਤ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਕਿਸਾਨ ਜਥੇਬੰਦੀਆਂ ਵੱਲੋਂ ਸੁਪਰੀਮ ਕੋਰਟ ਵਿਚ ਦਾਇਰ ਕੀਤੀ ਗਈ ਪਟੀਸ਼ਨ ’ਤੇ ਅੱਜ ਸੁਣਵਾਈ ਹੋਈ, ਜਿਸ ਵਿਚ ਕੋਰਟ ਵੱਲੋਂ ਕਿਹਾ ਗਿਆ ਹੈ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਤੇ ਸੁਣਵਾਈ ਕਰਨ ਲਈ ਇਕ ਬੈਂਚ ਕਾਇਮ ਕੀਤਾ ਜਾਵੇਗਾ। ਧਿਆਨ ਰਹੇ ਕਿ ਲੰਘੀ 3 ਅਕਤੂਬਰ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਮੁੰਡੇ ਅਸ਼ੀਸ਼ ਮਿਸ਼ਰਾ ਨੇ ਆਪਣੀ ਥਾਰ ਗੱਡੀ ਹੇਠ ਦਰੜ ਕੇ 4 ਕਿਸਾਨਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ ਅਤੇ ਇਸ ਤੋਂ ਬਾਅਦ ਫੈਲੀ ਹਿੰਸਾ ਦੌਰਾਨ 4 ਕਿਸਾਨਾਂ ਸਮੇਤ 8 ਵਿਅਕਤੀਆਂ ਦੀ ਮੌਤ ਹੋ ਗਈ ਸੀ।