ਬੀਬੀ ਸਰਬਜੀਤ ਕੌਰ ਮਾਣੂਕੇ ਦਾ ਨਾਮ ਸਭ ਤੋਂ ਅੱਗੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ 92 ਸੀਟਾਂ ’ਤੇ ਜਿੱਤ ਹਾਸਲ ਕਰਕੇ ਇਤਿਹਾਸ ਰਚ ਦਿੱਤਾ ਹੈ। ਹੁਣ ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸਭਾ ਦੇ ਇਤਿਹਾਸ ’ਚ ਪਹਿਲੀ ਵਾਰ ਕਿਸੇ ਮਹਿਲਾ ਨੂੰ ਸਪੀਕਰ ਬਣਾ ਕੇ ਇਤਿਹਾਸ ਰਚਣ ਜਾ ਰਹੀ ਜੋ ਲਗਭਗ ਤਹਿ ਹੈ। ਮਹਿਲਾ ਸਪੀਕਰ ਲਗਾਉਣ ਨੂੰ ਲੈ ਕੇ ਪਹਿਲਾ ਨਾਮ ਬੀਬੀ ਸਰਬਜੀਤ ਕੌਰ ਮਾਣੂਕੇ ਦਾ ਹੈ ਜੋ ਜਗਰਾਉਂ ਵਿਧਾਨ ਸਭਾ ਹਲਕੇ ਤੋਂ ਦੂਜੀ ਵਾਰ ਜਿੱਤ ਕੇ ਵਿਧਾਨ ਸਭਾ ਪਹੁੰਚੇ ਹਨ। ਉਥੇ ਹੀ ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਤੋਂ ਦੂਜੀ ਵਾਰ ਵਿਧਾਇਕ ਬਣੀ ਪ੍ਰੋਫੈਸਰ ਬਲਜਿੰਦਰ ਕੌਰ ਵੀ ਇਸ ਦੌੜ ਵਿਚ ਸ਼ਾਮਲ ਹਨ। ਮਿਲੀ ਜਾਣਕਾਰੀ ਅਨੁਸਾਰ ਕਿਸੇ ਮਹਿਲਾ ਨੂੰ ਪੰਜਾਬ ਵਿਧਾਨ ਸਭਾ ਦੀ ਸਪੀਕਰ ਬਣਾਉਣ ਲਈ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਦਰਮਿਆਨ ਇਸ ਨੂੰ ਲੈ ਕੇ ਚਰਚਾ ਹੋ ਚੁੱਕੀ ਹੈ। ਧਿਆਨ ਰਹੇ ਕਿ ਪੰਜਾਬ ਵਿਧਾਨ ਸਭਾ ਦੇ ਹੁਣ ਤੱਕ 19 ਸਪੀਕਰ ਰਹਿ ਚੁੱਕੇ ਹਨ ਜਿਨ੍ਹਾਂ ਵਿਚ ਕਿਸੇ ਮਹਿਲਾ ਦਾ ਨਾਮ ਸ਼ਾਮਲ ਨਹੀਂ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ 12 ਮਹਿਲਾ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਸੀ ਜਿਨ੍ਹਾਂ ਵਿਚੋਂ 11 ਨੇ ਜਿੱਤ ਹਾਸਲ ਕੀਤੀ ਹੈ।