ਹੁਣ ਤੱਕ ਦਾ ਸਭ ਤੋਂ ਮਹਿੰਗਾ ਸਹੁੰ ਚੁੱਕ ਸਮਾਗਮ ਹੋਵੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਭਗਵੰਤ ਮਾਨ ਭਲਕੇ 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ ਅਤੇ ਸਮਾਗਮ ਲਈ ਹੋ ਰਹੀਆਂ ਤਿਆਰੀਆਂ ਤੋਂ ਅੰਦਾਜ਼ਾ ਲਗਾਇਆ ਗਿਆ ਹੈ ਇਹ ਸਹੁੰ ਚੁੱਕ ਸਮਾਗਮ ਹੁਣ ਤੱਕ ਦਾ ਸਭ ਤੋਂ ਮਹਿੰਗਾ ਸਮਾਗਮ ਹੋਵੇਗਾ। ਇਸ ਸਹੁੰ ਚੁੱਕ ਸਮਾਗਮ ਲਈ 100 ਏਕੜ ਜ਼ਮੀਨ ਪੱਧਰੀ ਕਰਵਾਈ ਗਈ ਹੈ ਅਤੇ ਇਸ ਦੌਰਾਨ 50 ਏਕੜ ਵਿਚ ਪੰਡਾਲ ਲਗਾਇਆ ਗਿਆ ਹੈ ਅਤੇ 50 ਏਕੜ ਵਿਚ ਪਾਰਕਿੰਗ ਹੋਵੇਗੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਸਾਢੇ 6 ਏਕੜ ਵਿਚ ਸਟੇਜ ਲਗਾਈ ਗਈ ਹੈ ਅਤੇ ਇਸ ਸਮਾਗਮ ਵਿਚ ਦੋ ਲੱਖ ਤੋਂ ਵੱਧ ਲੋਕਾਂ ਦੇ ਪਹੁੰਚਣ ਦੀ ਉਮੀਦ ਕੀਤੀ ਜਾ ਰਹੀ ਹੈ। ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਜਿਹੜੇ ਕਿਸਾਨਾਂ ਕੋਲੋਂ ਕਣਕ ਵਢਾ ਕੇ ਖੇਤ ਪੱਧਰੇ ਕਰਵਾਏ ਗਏ ਹਨ, ਉਨ੍ਹਾਂ ਨੂੰ 40 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਵੀ ਦਿੱਤਾ ਜਾਵੇਗਾ। ਧਿਆਨ ਰਹੇ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਚਿਹਰਾ ਐਲਾਨ ਕੇ ਚੋਣਾਂ ਲੜੀਆਂ ਸਨ ਅਤੇ ਪਾਰਟੀ ਨੇ 117 ਵਿਚੋਂ 92 ਸੀਟਾਂ ’ਤੇ ਵੱਡੀ ਜਿੱਤ ਦਰਜ ਕੀਤੀ ਹੈ ਅਤੇ ਹੁਣ ਭਲਕੇ 16 ਮਾਰਚ ਨੂੰ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਚੁੱਕ ਲੈਣਗੇ। ਇਹ ਵੀ ਦੱਸਣਾ ਬਣਦਾ ਹੈ ਕਿ ਇਹ ਪਹਿਲੀ ਹੈ ਜਦੋਂ ਕਿਸੇ ਪੰਜਾਬ ਸਰਕਾਰ ਦਾ ਸਹੁੰ ਚੁੱਕ ਸਮਾਗਮ ਰਾਜਧਾਨੀ ਚੰਡੀਗੜ੍ਹ ਤੋਂ ਬਾਹਰ ਹੋ ਰਿਹਾ ਹੈ।