Breaking News
Home / ਹਫ਼ਤਾਵਾਰੀ ਫੇਰੀ / ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ

ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ

ਪੰਜਾਬ ‘ਚ ਕਾਂਗਰਸ ਦੀ ਹਾਰ ਦਾ ਠੀਕਰਾ ਸਿੱਧੂ ਸਿਰ ਭੱਜਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਖੇਡਾਂ ਵਿਚੋਂ ਰਾਜਨੀਤੀ ‘ਚ ਆਏ ਨਵਜੋਤ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਹੈ। ਸਿੱਧੂ ਨੇ ਅਸਤੀਫੇ ਦੀ ਕਾਪੀ ਦੇ ਨਾਲ ਟਵਿੱਟਰ ‘ਤੇ ਲਿਖਿਆ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਇੱਛਾ ਦੇ ਮੁਤਾਬਕ ਉਨ੍ਹਾਂ ਨੇ ਆਪਣਾ ਅਸਤੀਫਾ ਭੇਜ ਦਿੱਤਾ ਹੈ।
ਧਿਆਨ ਰਹੇ ਕਿ ਪੰਜ ਸੂਬਿਆਂ ਪੰਜਾਬ, ਉਤਰ ਪ੍ਰਦੇਸ਼, ਗੋਆ, ਉਤਰਾਖੰਡ ਅਤੇ ਮਨੀਪੁਰ ਵਿਚ ਕਾਂਗਰਸ ਦੀ ਹੋਈ ਹਾਰ ਤੋਂ ਬਾਅਦ ਸੋਨੀਆ ਗਾਂਧੀ ਨੇ ਵੱਡਾ ਫੈਸਲਾ ਲੈਂਦਿਆਂ ਪੰਜ ਸੂਬਿਆਂ ਦੇ ਕਾਂਗਰਸ ਪ੍ਰਧਾਨਾਂ ਕੋਲੋਂ ਅਸਤੀਫੇ ਮੰਗੇ ਸਨ। ਜਿਸ ਤੋਂ ਬਾਅਦ ਨਵਜੋਤ ਸਿੱਧੂ ਨੇ ਆਪਣਾ ਅਸਤੀਫਾ ਭੇਜ ਦਿੱਤਾ। ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਨੂੰ 18 ਜੁਲਾਈ 2021 ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ ਅਤੇ ਉਹ 2017 ਵਿਚ ਕਾਂਗਰਸ ਪਾਰਟੀ ‘ਚ ਸ਼ਾਮਲ ਹੋਏ ਸਨ। ਇਸ ਤੋਂ ਪਹਿਲਾਂ ਸਿੱਧੂ ਭਾਰਤੀ ਜਨਤਾ ਪਾਰਟੀ ਵਿਚ ਰਹੇ ਹਨ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਅੰਮ੍ਰਿਤਸਰ ਈਸਟ ਹਲਕੇ ਤੋਂ ਨਵਜੋਤ ਸਿੱਧੂ ਨੇ ਚੋਣ ਲੜੀ ਸੀ ਅਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਉਮੀਦਵਾਰ ਡਾ. ਜੀਵਨਜੋਤ ਕੌਰ ਨੇ ਹਰਾ ਦਿੱਤਾ ਸੀ। ਪੰਜਾਬ ਵਿਚ ਕਾਂਗਰਸ ਪਾਰਟੀ ਦੀ ਹੋਈ ਕਰਾਰੀ ਦਾ ਹਾਰ ਦਾ ਠੀਕਰਾ ਵੀ ਨਵਜੋਤ ਸਿੱਧੂ ਦੇ ਸਿਰ ਹੀ ਭੱਜ ਰਿਹਾ ਹੈ। ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਨੇ ਪ੍ਰਧਾਨਗੀ ਸੰਭਾਲਣ ਤੋਂ 72 ਦਿਨਾਂ ਮਗਰੋਂ ਹੀ 28 ਸਤੰਬਰ ਨੂੰ ਅਚਨਚੇਤ ਹੀ ਅਸਤੀਫ਼ਾ ਦੇ ਦਿੱਤਾ ਸੀ।
ਉਨ੍ਹਾਂ ਦੀ ਨਾਰਾਜ਼ਗੀ ਡੀਜੀਪੀ ਅਤੇ ਐਡਵੋਕੇਟ ਜਨਰਲ ਦੀ ਨਿਯੁਕਤੀ ਨੂੰ ਲੈ ਕੇ ਸੀ। ਕਾਂਗਰਸ ਹਾਈਕਮਾਨ ਨੇ ਸੁਨੀਲ ਜਾਖੜ ਤੋਂ ਪ੍ਰਧਾਨਗੀ ਖੋਹ ਕੇ ਸਿੱਧੂ ਦੀ ਝੋਲੀ ਪਾਈ ਸੀ। ਕਾਂਗਰਸ ਅੰਦਰ ਚੋਣਾਂ ਤੋਂ ਪਹਿਲਾਂ ਦਾ ਕਲੇਸ਼ ਲਗਾਤਾਰ ਚੱਲ ਰਿਹਾ ਹੈ। ਤਤਕਾਲੀ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਨਵਜੋਤ ਸਿੱਧੂ ਦੇ ਸੁਰ ਕਦੇ ਵੀ ਮਿਲੇ ਨਹੀਂ ਸਨ। ਹੁਣ ਨਵਜੋਤ ਸਿੱਧੂ ਦੇ ਸਿਆਸੀ ਭਵਿੱਖ ਨੂੰ ਲੈ ਕੇ ਕਈ ਤਰ੍ਹਾਂ ਦੇ ਚਰਚੇ ਛਿੜ ਗਏ ਹਨ।
ਸਿੱਧੂ ਦੇ ਸਿਆਸੀ ਕਰੀਅਰ ‘ਤੇ ਇੱਕ ਤਰ੍ਹਾਂ ਨਾਲ ਸੁਆਲੀਆ ਨਿਸ਼ਾਨ ਲੱਗਦਾ ਨਜ਼ਰ ਆ ਰਿਹਾ ਹੈ। ਉਸ ਕੋਲ ਹੁਣ ਕੋਈ ਬਦਲ ਵੀ ਨਹੀਂ ਬਚਿਆ ਹੈ। ਉਹ ਭਾਜਪਾ ਨੂੰ ਪਹਿਲਾਂ ਹੀ ਅਲਵਿਦਾ ਆਖ ਚੁੱਕੇ ਸਨ ਅਤੇ ਬਾਦਲ ਪਰਿਵਾਰ ਨਾਲ ਛੱਤੀ ਦਾ ਅੰਕੜਾ ਹੈ। ‘ਆਪ’ ਵੱਲੋਂ ਵੀ ਹੁਣ ਸਿੱਧੂ ਨੂੰ ਆਪਣੇ ਨੇੜੇ ਲਾਉਣ ਦੀ ਸੰਭਾਵਨਾ ਨਹੀਂ ਹੈ। ਸਿੱਧੂ ਦੇ ਅਸਤੀਫੇ ਮਗਰੋਂ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਲਈ ਦੌੜ ਵੀ ਸ਼ੁਰੂ ਹੋ ਗਈ ਹੈ।

Check Also

ਇਕੋ ਦਿਨ ਜਲੰਧਰ ‘ਚੋਂ ਉਡ ਗਈਆਂ ‘ਆਪ’ ਦੀਆਂ ਦੋ ਤਿਤਲੀਆਂ

ਚੰਦ ਦਿਨਾਂ ‘ਚ ਚੁਣੇ ਹੋਏ ਤਿੰਨ ਸੰਸਦ ਮੈਂਬਰਾਂ ਨੇ ਦਲ ਬਦਲ ਕੇ ਭਾਜਪਾ ‘ਚ ਕੀਤੀ …