Breaking News
Home / ਭਾਰਤ / ਦਿੱਲੀ ਗੁਰਦੁਆਰਾ ਕਮੇਟੀ ਦੇ ਆਗੂਆਂ ਦੀ ਬਗਾਵਤ ਅਕਾਲੀ ਦਲ ਲਈ ਵੱਡੀ ਚੁਣੌਤੀ

ਦਿੱਲੀ ਗੁਰਦੁਆਰਾ ਕਮੇਟੀ ਦੇ ਆਗੂਆਂ ਦੀ ਬਗਾਵਤ ਅਕਾਲੀ ਦਲ ਲਈ ਵੱਡੀ ਚੁਣੌਤੀ

ਸੁਖਬੀਰ ਬਾਦਲ ਨੇ ਹੰਗਾਮੀ ਮੀਟਿੰਗ ਕਰਕੇ ਡੀਐੱਸਜੀਐੱਮ ਦੇ ਪ੍ਰਧਾਨ ਹਰਮੀਤ ਕਾਲਕਾ ਨੂੰ ਪਾਰਟੀ ‘ਚੋਂ ਕੱਢਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ‘ਚ ਨਮੋਸ਼ੀ ਭਰੀ ਹਾਰ ਤੋਂ ਬਾਅਦ ਦਿੱਲੀ ਦੇ ਅਕਾਲੀ ਆਗੂਆਂ ਦੀ ਬਗਾਵਤ ਨੇ ਸ਼੍ਰੋਮਣੀ ਅਕਾਲੀ ਦਲ ਲਈ ਨਵਾਂ ਸੰਕਟ ਖੜ੍ਹਾ ਕਰ ਦਿੱਤਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮ) ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਵੱਖਰੀ ਜਥੇਬੰਦੀ ਬਣਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤਾਜ਼ਾ ਘਟਨਾਕ੍ਰਮ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹੰਗਾਮੀ ਮੀਟਿੰਗ ਕਰਕੇ ਹਰਮੀਤ ਸਿੰਘ ਕਾਲਕਾ ਨੂੰ ਪਾਰਟੀ ‘ਚੋਂ ਕੱਢਣ ਦਾ ਐਲਾਨ ਕਰਨ ਸਮੇਤ ਦਿੱਲੀ ਦਾ ਜਥੇਬੰਦਕ ਢਾਂਚਾ ਭੰਗ ਕਰਕੇ ਅਵਤਾਰ ਸਿੰਘ ਹਿਤ ਦੀ ਅਗਵਾਈ ਹੇਠ ਪੰਜ ਮੈਂਬਰੀ ਕਮੇਟੀ ਬਣਾ ਦਿੱਤੀ ਹੈ। ਪਾਰਟੀ ਦੇ ਸੀਨੀਅਰ ਆਗੂਆਂ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ ਅਤੇ ਅਵਤਾਰ ਸਿੰਘ ਹਿਤ ਨੇ ਕਿਹਾ ਕਿ ਡੀਐੱਸਜੀਐੱਮ ਦੇ ਪ੍ਰਧਾਨ ਅਤੇ ਹੋਰਨਾਂ ਅਕਾਲੀ ਆਗੂਆਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਿੱਖ ਕੌਮ ਦੇ ਖਿਲਾਫ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੇ ਇਨ੍ਹਾਂ ਗਤੀਵਿਧੀਆਂ ਨੂੰ ਅਨੁਸ਼ਾਸਨਹੀਣਤਾ ਮੰਨਦਿਆਂ ਹਰਮੀਤ ਸਿੰਘ ਕਾਲਕਾ ਅਤੇ ਹੋਰਨਾਂ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ ਸਿੱਖ ਸੰਗਤ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਦਿੱਲੀ ਦੇ ਜਥੇਬੰਦਕ ਢਾਂਚੇ ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਦਿੱਲੀ ਦੀ ਸਿੱਖ ਸੰਗਤ ਨੂੰ ਅਵਤਾਰ ਸਿੰਘ ਹਿੱਤ ਦੀ ਅਗਵਾਈ ਵਾਲੀ ਕਮੇਟੀ ਨੂੰ ਸਹਿਯੋਗ ਦੇਣ ਦੀ ਬੇਨਤੀ ਕੀਤੀ। ਚੰਦੂਮਾਜਰਾ ਨੇ ਕਿਹਾ ਕਿ ਹਰਮੀਤ ਸਿੰਘ ਕਾਲਕਾ ਜਾਂ ਹੋਰਨਾਂ ਵੱਲੋਂ ਇਹ ਕਹਿਣਾ ਕਿਸੇ ਵੀ ਤਰ੍ਹਾਂ ਵਾਜਬ ਨਹੀਂ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਡੀਐਸਜੀਐਮ ਦੇ ਅਹੁਦੇਦਾਰਾਂ ਦੀ ਚੋਣ ਜਾਂ ਕੰਮਾਂ ‘ਚ ਦਖਲ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕਾਲਕਾ ਵੀ ਕੁਝ ਮਹੀਨੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਹੀ ਚੋਣ ਜਿੱਤੇ ਸਨ ਤੇ ਅੱਜ ਉਹ ਕੁੱਝ ਗਲਤ ਲੋਕਾਂ ਦੀਆਂ ਗੱਲਾਂ ‘ਚ ਆ ਕੇ ਪੰਥ ਵਿਰੋਧੀ ਗਤੀਵਿਧੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡੀਐੱਸਜੀਐੱਮ ਨੂੰ ਬਚਾਉਣ ਲਈ ਹਰ ਤਰ੍ਹਾਂ ਦਾ ਸੰਘਰਸ਼ ਲੜਿਆ ਜਾਵੇਗਾ।
ਦਿੱਲੀ ‘ਚ ਬਣਿਆ ਇਕ ਹੋਰ ਅਕਾਲੀ ਦਲ
ਨਵੀਂ ਦਿੱਲੀ : ਨਵੀਂ ਦਿੱਲੀ ‘ਚ ਇਕ ਹੋਰ ਨਵਾਂ ਅਕਾਲੀ ਦਲ ਹੋਂਦ ਵਿਚ ਆ ਗਿਆ ਹੈ। ਬਾਦਲ ਦਲ ਨੂੰ ਅਲਵਿਦਾ ਕਹਿਣ ਵਾਲੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵਲੋਂ ਨਵੇਂ ਅਕਾਲੀ ਦਲ ਦਾ ਗਠਨ ਕੀਤਾ ਗਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਨਵੇਂ ਅਕਾਲੀ ਦਲ ਦਾ ਨਾਮ ‘ਸ਼ਰੋਮਣੀ ਅਕਾਲੀ ਦਲ ਦਿੱਲੀ ਸਟੇਟ’ ਰੱਖਿਆ ਗਿਆ ਹੈ। ਇਸ ਪਾਰਟੀ ਦਾ ਪ੍ਰਧਾਨ ਐਮ.ਪੀ. ਐਸ.ਚੱਢਾ ਨੂੰ ਥਾਪਿਆ ਹੈ ਅਤੇ ਪਾਰਟੀ ਦੇ ਚੀਫ ਪੈਟਰਨ ਹਰਮੀਤ ਸਿੰਘ ਕਾਲਕਾ ਹੋਣਗੇ, ਜਦਕਿ ਭਜਨ ਸਿੰਘ ਵਾਲੀਆ ਤੇ ਹਰਜਿੰਦਰ ਸਿੰਘ ਕੇ.ਪੀ.ਪੈਟਰਨ ਹੋਣਗੇ। ਇਸ ਤੋਂ ਇਲਾਵਾ ਇਕ ਪੰਜ ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ। ਨਵੇਂ ਅਕਾਲੀ ਦਲ ਦੇ ਹੋਂਦ ‘ਚ ਆਉਣ ਨਾਲ ਪਹਿਲਾਂ ਹੀ ਹਾਸ਼ੀਏ ‘ਤੇ ਗਏ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਹਾਲਤ ਹੋਰ ਪਤਲੀ ਹੋ ਗਈ ਹੈ।

 

Check Also

ਆਸਕਰ ਐਵਾਰਡ ’ਚ ਜਾਵੇਗੀ ਆਮਿਰ ਖਾਨ ਦੀ ਫਿਲਮ ‘ਲਾਪਤਾ ਲੇਡੀਜ਼’

2 ਮਾਰਚ 2025 ਨੂੰ ਹੋਣਾ ਹੈ ਆਸਕਰ ਐਵਾਰਡ ਸਮਾਰੋਹ ਮੁੰਬਈ/ਬਿਊਰੋ ਨਿਊਜ਼ ਆਸਕਰ 2025 ਵਿਚ ਫਿਲਮ …