21.8 C
Toronto
Monday, September 15, 2025
spot_img
Homeਭਾਰਤਸੋਨੀਆ ਗਾਂਧੀ ਬਣੇ ਰਹਿਣਗੇ ਕਾਂਗਰਸ ਪਾਰਟੀ ਦੇ ਪ੍ਰਧਾਨ

ਸੋਨੀਆ ਗਾਂਧੀ ਬਣੇ ਰਹਿਣਗੇ ਕਾਂਗਰਸ ਪਾਰਟੀ ਦੇ ਪ੍ਰਧਾਨ

ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ‘ਚ ਆਗੂਆਂ ਨੇ ਸੋਨੀਆ ਦੀ ਅਗਵਾਈ ‘ਚ ਪ੍ਰਗਟਾਇਆ ਭਰੋਸਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੁਝ ਦਿਨ ਪਹਿਲਾਂ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦੀ ਹੋਈ ਕਰਾਰੀ ਹਾਰ ਦੇ ਕਾਰਨਾਂ ਬਾਰੇ ਵਿਚਾਰ ਚਰਚਾ ਕਰਨ ਲਈ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਮੀਟਿੰਗ ‘ਚ ਪਾਰਟੀ ਦੇ ਸੀਨੀਅਰ ਆਗੂਆਂ ਨੇ ਹਿੱਸਾ ਲਿਆ ਤੇ ਆਪੋ-ਆਪਣੇ ਵਿਚਾਰ ਪੇਸ਼ ਕੀਤੇ। ਪਾਰਟੀ ਆਗੂਆਂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ‘ਤੇ ਭਰੋਸਾ ਜ਼ਾਹਿਰ ਕਰਦਿਆਂ ਉਨ੍ਹਾਂ ਨੂੰ ਜਥੇਬੰਦਕ ਚੋਣਾਂ ਤੱਕ ਪਾਰਟੀ ਪ੍ਰਧਾਨ ਬਣੇ ਰਹਿਣ ਲਈ ਕਿਹਾ ਤੇ ਨਾਲ ਹੀ ਪਾਰਟੀ ਦੀ ਮਜ਼ਬੂਤੀ ਲਈ ਕਦਮ ਚੁੱਕੇ ਜਾਣ ਦੀ ਮੰਗ ਕੀਤੀ। ਪਾਰਟੀ ਅੰਦਰ ਵੱਡੇ ਪੱਧਰ ‘ਤੇ ਸੁਧਾਰਾਂ ਲਈ ਉੱਠੀ ਆਵਾਜ਼ ਵਿਚਾਲੇ ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਦੱਸਿਆ ਕਿ ਕਾਂਗਰਸ ਵਰਕਿੰਗ ਕਮੇਟੀ ਦੀ ਚਾਰ ਘੰਟੇ ਤੋਂ ਵੱਧ ਸਮਾਂ ਚੱਲੀ ਮੀਟਿੰਗ ਦੌਰਾਨ ਪਾਰਟੀ ਪ੍ਰਧਾਨ ਨੂੰ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮੁੜ ਮਜ਼ਬੂਤ ਕਰਨ ਤੇ ਇਸ ‘ਚ ਨਵੀਂ ਜਾਨ ਪਾਉਣ ਲਈ ਤੁਰੰਤ ਪ੍ਰਭਾਵ ਨਾਲ ਕਦਮ ਚੁੱਕਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੋਨੀਆ ਗਾਂਧੀ ਨੇ ਸਾਰੇ ਆਗੂਆਂ ਦੀ ਗੱਲ ਧਿਆਨ ਨਾਲ ਸੁਣੀ ਤੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੀਆਂ ਤਬਦੀਲੀਆਂ ਕਰਨੀਆਂ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸੰਸਦ ਦੇ ਬਜਟ ਸੈਸ਼ਨ ਤੋਂ ਤੁਰੰਤ ਬਾਅਦ ਇੱਕ ‘ਚਿੰਤਨ ਕੈਂਪ’ ਲਾਵੇਗੀ ਤੇ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਮੁੜ ਹੋਵੇਗੀ।
ਕਾਂਗਰਸ ਆਗੂ ਰਣਦੀਪ ਸੂਰਜੇਵਾਲਾ ਨੇ ਕਿਹਾ ਕਿ ਹਰ ਵਰਕਿੰਗ ਕਮੇਟੀ ਦੇ ਹਰ ਮੈਂਬਰ ਨੇ ਸੋਨੀਆ ਗਾਂਧੀ ਤੋਂ ਮੰਗ ਕੀਤੀ ਕਿ ਜਦੋਂ ਤੱਕ ਜਥੇਬੰਦਕ ਚੋਣਾਂ ਨਹੀਂ ਹੋ ਜਾਂਦੀਆਂ, ਉਹ ਪਾਰਟੀ ਦੀ ਅਗਵਾਈ ਕਰਨ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਚੋਣ ਆਧਾਰਿਤ ਹਰ ਸੂਬੇ ਦੇ ਇੰਚਾਰਜ ਤੇ ਸੀਨੀਅਰ ਆਗੂਆਂ ਨੇ ਸੀਡਬਲਿਊਸੀ ਸਾਹਮਣੇ ਆਪਣੀ ਮੁਕੰਮਲ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ ਇੱਛਾ ਇਹ ਸੀ ਕਿ ਰਾਹੁਲ ਗਾਂਧੀ ਪਾਰਟੀ ਪ੍ਰਧਾਨ ਦੇ ਅਹੁਦੇ ਦੀ ਕਮਾਨ ਸੰਭਾਲਣ ਪਰ ਪਾਰਟੀ ਪ੍ਰਧਾਨ ਦਾ ਫੈਸਲਾ ਜਥੇਬੰਦਕ ਚੋਣਾਂ ਰਾਹੀਂ ਹੀ ਹੋਵੇਗਾ। ਮੀਟਿੰਗ ਵਿੱਚ ਸਾਬਕਾ ਪਾਰਟੀ ਪ੍ਰਧਾਨ ਰਾਹੁਲ ਗਾਂਧੀ, ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ, ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ, ਲੋਕ ਸਭਾ ‘ਚ ਪਾਰਟੀ ਦੇ ਆਗੂ ਅਧੀਰ ਰੰਜਨ ਚੌਧਰੀ ਤੇ ਪੀ ਚਿਦੰਬਰਮ ਵੀ ਸ਼ਾਮਲ ਹੋਏ। ਜੀ-23 ਗਰੁੱਪ ਦੇ ਆਗੂਆਂ ‘ਚੋਂ ਸਿਰਫ਼ ਗੁਲਾਮ ਨਬੀ ਆਜ਼ਾਦ, ਆਨੰਦ ਸ਼ਰਮਾ ਤੇ ਮੁਕੁਲ ਵਸਨੀਕ ਨੇ ਹੀ ਸੀਡਬਲਿਊਸੀ ਦੀ ਮੀਟਿੰਗ ‘ਚ ਹਿੱਸਾ ਲਿਆ।

 

RELATED ARTICLES
POPULAR POSTS