ਲੱਖਾਂ ਸ਼ਰਧਾਲੂਆਂ ਨੇ ਗੁਰੂਘਰ ਵਿਖੇ ਟੇਕਿਆ ਮੱਥਾ
ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਖਾਲਸਾਈ ਪੰਥ ਦੇ ਜਾਹੋ ਜਲਾਲ ਤੇ ਨਿਆਰੇਪਣ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਹੋਲੇ ਮਹੱਲੇ ਦੇ ਆਖਰੀ ਦਿਨ ਅੱਜ ਨਿਹੰਗ ਸਿੰਘਾਂ ਵੱਲੋਂ ਮਹੱਲਾ ਕੱਢਿਆ ਗਿਆ ਅਤੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਗੁਰੂਘਰ ਵਿਖੇ ਮੱਥਾ ਟੇਕ ਕੇ ਗੁਰੂ ਪਾਸੋਂ ਅਸ਼ੀਰਵਾਦ ਪ੍ਰਾਪਤ ਕੀਤਾ। ਦੱਸਿਆ ਜਾਂਦਾ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਭਾਰਤੀ ਲੋਕਾਈ ‘ਚ ਨਵਾਂ ਜੋਸ਼ ਅਤੇ ਕੁਰਬਾਨੀ ਦਾ ਜਜ਼ਬਾ ਪੈਦਾ ਕਰਦਿਆਂ ਸਮੇਂ ਦੀ ਜਾਬਰ ਅਤੇ ਜ਼ਾਲਮ ਸਰਕਾਰ ਖਿਲਾਫ਼ ਸੰਘਰਸ਼ ਕਰਨ ਲਈ ਰਵਾਇਤੀ ਹੋਲੀ ਦੇ ਤਿਉਹਾਰ ਨੂੰ ਨਵਾਂ ਰੂਪ ਦੇ ਕੇ 1700 ਈਸਵੀ ਵਿਚ ਹੋਲਾ ਮਹੱਲੇ ਦੀ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਸ਼ੁਰੂਆਤ ਕੀਤੀ ਸੀ। ਗੁਰੂ ਸਾਹਿਬ ਵੱਲੋਂ ਖਾਲਸਾਈ ਫੌਜਾਂ ਦੇ ਦੋ ਦਲਾਂ ਵਿਚਕਾਰ ਸ਼ਸਤਰ ਵਿਦਿਆ ਦੇ ਜੰਗੀ ਮੁਕਾਬਲੇ ਕਰਵਾਏ ਗਏ ਸਨ ਜੋ ਰਵਾਇਤ ਅੱਜ ਵੀ ਉਸੇ ਤਰ੍ਹਾਂ ਜਾਰੀ ਹੈ। ਅੱਜ ਵੀ ਨਿਹੰਗ ਸਿੰਘਾਂ ਵੱਲੋਂ ਘੋੜ ਸਵਾਰੀ, ਗਤਕਾ ਆਦਿ ਦੇ ਜ਼ੋਹਰ ਦਿਖਾਏ ਗਏ। ਹੋਲੇ ਮਹੱਲੇ ਦੀ ਸ਼ੁਰੂਆਤ ਨਗਰ ਕੀਰਤਨ ਦੇ ਨਾਲ ਕੀਤੀ ਜਾਂਦੀ ਹੈ। ਸੁੰਦਰ ਫੁੱਲਾਂ ਨਾਲ ਸਜੀ ਪਾਲਕੀ ‘ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ‘ਚ ਪੰਜ ਪਿਆਰੇ ਨਗਰ ਕੀਰਤਨ ਦੀ ਅਗਵਾਈ ਕਰਦੇ ਹਨ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਇਸ ਨਗਰ ਕੀਰਤਨ ਵਿਚ ਸ਼ਿਰਕਤ ਕੀਤੀ ਜਾਂਦੀ ਹੈ ਅਤੇ ਥਾਂ-ਥਾਂ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਜਾਂਦਾ ਹੈ।