ਕਿਹਾ ਹਰ ਵਾਅਦਾ ਪੂਰਾ ਕਰੇਗੀ ਪੰਜਾਬ ਸਰਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਨਵੀਂ ਸਰਕਾਰ ਦੇ ਪਹਿਲੇ ਵਿਧਾਨ ਸਭਾ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਸੰਬੋਧਨ ਕੀਤਾ ਗਿਆ। ਆਪਣੇ ਸੰਬੋਧਨ ਵਿਚ ਰਾਜਪਾਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਆਮ ਆਦਮੀ ਪਾਰਟੀ ’ਤੇ ਵੱਡਾ ਭਰੋਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਦਿ੍ਰੜ ਨਿਸ਼ਚੇ ਨਾਲ ਕੰਮ ਕਰੇਗੀ ਅਤੇ ਸੂਬੇ ਦੇ ਹਰ ਵਰਗ ਦੇ ਵਿਕਾਸ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੇਅਦਬੀ ਦੇ ਮਾਮਲੇ ਵਿਚ ਡੂੰਘਾਈ ਨਾਲ ਜਾਂਚ ਕਰੇਗੀ ਅਤੇ ਆਰੋਪੀਆਂ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ। ਰਾਜਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚੋਂ ਹਰ ਤਰ੍ਹਾਂ ਦੇ ਮਾਫੀਆ ਨੂੰ ਖਤਮ ਕਰਨ ਲਈ ਸਖਤ ਕਦਮ ਚੁੱਕੇਗੀ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਹਰ ਘਰ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਮਹਿਲਾਵਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਭੱਤਾ ਦਿੱਤਾ ਜਾਵੇਗਾ, ਜਦਕਿ ਸੀਨੀਅਰ ਸਿਟੀਜ਼ਨ ਮਹਿਲਾਵਾਂ ਨੂੰ ਇਕ ਹਜ਼ਾਰ ਰੁਪਏ ਬੁਢਾਪਾ ਪੈਨਸ਼ਨ ਤੋਂ ਇਲਾਵਾ ਦਿੱਤੇ ਜਾਣਗੇ।