ਕਿਹਾ : ‘ਆਪ’ ਵਰਕਰਾਂ ਨਾਲ ਹੋਣ ਲੱਗਾ ਕੋਝਾ ਮਜ਼ਾਕ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ ਪੰਜ ਰਾਜ ਸਭਾ ਪੰਜ ਸੀਟਾਂ ਲਈ ਉਮੀਦਵਾਰ ਐਲਾਨੇ ਜਾ ਚੁੱਕੇ ਹਨ ਅਤੇ ਉਨ੍ਹਾਂ ਉਮੀਦਵਾਰਾਂ ਨੇ ਨਾਮਜ਼ਦਗੀ ਪਰਚੇ ਵੀ ਭਰ ਦਿੱਤੇ ਹਨ। ਇਸ ਤੋਂ ਬਾਅਦ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਅਸੀਂ ਗੈਰ-ਪੰਜਾਬੀਆਂ ਨੂੰ ਰਾਜ ਸਭਾ ਲਈ ਨਾਮਜ਼ਦ ਕੀਤੇ ਜਾਣ ਦਾ ਜ਼ੋਰਦਾਰ ਢੰਗ ਨਾਲ ਵਿਰੋਧ ਕਰਾਂਗੇ। ਉਨ੍ਹਾਂ ਕਿਹਾ ਕਿ ਗੈਰ ਪੰਜਾਬੀ ਵਿਅਕਤੀਆਂ ਨੂੰ ਰਾਜ ਸਭਾ ਵਿਚ ਭੇਜਣਾ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਕੋਝਾ ਮਜ਼ਾਕ ਹੈ। ਖਹਿਰਾ ਨੇ ਕਿਹਾ ਕਿ ਮੈਂ ਭਗਵੰਤ ਮਾਨ ਨੂੰ ਅਪੀਲ ਕਰਾਂਗਾ ਕਿ ਉਹ ਬੀਬੀ ਖਾਲੜਾ ਜਿਹੇ ਲੋਕਾਂ ਦਾ ਸਨਮਾਨ ਕਰਨ ਦੇ ਆਪਣੇ ਵਿਚਾਰ ਨੂੰ ਅਮਲ ਵਿੱਚ ਲਿਆਉਣ। ਉਨ੍ਹਾਂ ਕਿਹਾ ਕਿ ਬੀਬੀ ਖਾਲੜਾ ਨੂੰ ਰਾਜ ਸਭਾ ਮੈਂਬਰ ਬਣਾਇਆ ਜਾਵੇ, ਜਿਨ੍ਹਾਂ ਪੁਲਿਸ ਦਾ ਜ਼ੁਲਮ ਸਹਿਣ ਦੇ ਨਾਲ ਪੰਜਾਬ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਹਰਭਜਨ ਸਿੰਘ, ਰਾਘਵ ਚੱਢਾ, ਸੰਦੀਪ ਪਾਠਕ, ਅਸ਼ੋਕ ਮਿੱਤਲ ਅਤੇ ਸੰਜੀਵ ਅਰੋੜਾ ਨੂੰ ਰਾਜ ਸਭਾ ਵਿਚ ਭੇਜ ਰਹੀ ਹੈ।