‘ਆਪ’ ਦੇ ਮੰਤਰੀਆਂ ਨੇ ਸੰਭਾਲਿਆ ਕੰਮ ਦਾ ਮੋਰਚਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਤਿੰਨ ਦਿਨਾ ਸ਼ੈਸ਼ਨ ਦੇ ਆਖਰੀ ਦਿਨ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਤਿੰਨ ਮਹੀਨਿਆਂ ਲਈ 37,120 ਕਰੋੜ ਰੁਪਏ ਦਾ ਅੰਤਿ੍ਰਮ ਬਜਟ ਪੇਸ਼ ਕੀਤਾ ਗਿਆ। ਖਜ਼ਾਨਾ ਮੰਤਰੀ ਨੇ ਦੱਸਿਆ ਕਿ 2357 ਕਰੋੜ ਰੁਪਏ ਪੰਜਾਬ ਦੇ ਖੇਤੀ ਪੱਧਰ ਨੂੰ ਉਚਾ ਚੁੱਕਣ ਲਈ ਖਰਚੇ ਜਾਣਗੇ। ਇਸ ਤੋਂ ਇਲਾਵਾ ਸਿੱਖਿਆ ਖੇਤਰ ਵਿਚ ਸੁਧਾਰ ਲਿਆਉਣ ਲਈ 4643 ਕਰੋੜ ਰੁਪਏ ਅਤੇ ਤਕਨੀਕੀ ਸਿੱਖਿਆ ਅਤੇ ਉਦਯੋਗ ਸਿਖਾਈ ’ਤੇ 145 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ ਟਰਾਂਸਪੋਰਟ ’ਤੇ 186 ਕਰੋੜ, ਸਿਹਤ ਅਤੇ ਪਰਿਵਾਰ ਭਲਾਈ ’ਤੇ 1345 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਧਰ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਬਣਾਏ ਗਏ ਮੰਤਰੀਆਂ ਨੇ ਵਿਭਾਗਾਂ ਦੀ ਵੰਡ ਤੋਂ ਬਾਅਦ ਆਪਣੇ-ਆਪਣੇ ਅਹੁਦੇ ਸੰਭਾਲਣ ਤੋਂ ਬਾਅਦ ਸਾਰੇ ਮੰਤਰੀਆਂ ਨੇ ਕੰਮ ਵਾਲਾ ਮੋਰਚਾ ਸੰਭਾਲ ਲਿਆ ਹੈ। ਮੰਤਰੀਆਂ ਦੇ ਅਹੁਦੇ ਸੰਭਾਲਣ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਰਹੇ। ਪੰਜਾਬ ਸਰਕਾਰ ਵੱਲੋਂ 10 ਮੰਤਰੀ ਬਣਾਏ ਗਏ ਹਨ ਜਿਨ੍ਹਾਂ ਵਿਚੋਂ 8 ਅਜਿਹੇ ਮੰਤਰੀ ਹਨ ਜੋ ਪਹਿਲੀ ਵਾਰ ਵਿਧਾਇਕ ਬਣੇ ਹਨ। ਅਹੁਦਾ ਸੰਭਾਲਣ ਤੋਂ ਬਾਅਦ ਮੰਤਰੀਆਂ ਨੇ ਕਿਹਾ ਕਿ ਸਰਕਾਰ ਦਾ ਕੰਮ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੀਤਾ ਜਾਵੇਗਾ। ਇਸ ਮੌਕੇ ਹਰਜੋਤ ਬੈਂਸ ਨੇ ਕਿਹਾ ਕਿ ਉਨ੍ਹਾਂ ਦੇ ਦਫ਼ਤਰ ’ਚ ਕੋਈ ਸਿਫਾਰਸ਼ ਨਹੀਂ ਚੱਲੇਗੀ। ਉਨ੍ਹਾਂ ਇਹ ਵੀ ਕਿਹਾ ਪੰਜਾਬ ਵਿਚ ਹੋਣ ਵਾਲੀ ਨਜਾਇਜ਼ ਮਾਈਨਿੰਗ ਨੂੰ ਪੂਰੀ ਤਰ੍ਹਾਂ ਬੰਦ ਕੀਤਾ ਜਾਵੇਗਾ।