ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੀਤਾ ਯਾਦ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਅੱਜ ਸ਼ਹੀਦੀ ਦਿਨ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੁਸੈਨੀਵਾਲਾ ਅਤੇ ਫਿਰ ਖਟਕੜ ਕਲਾਂ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਧਿਆਨ ਰਹੇ ਕਿ ਭਗਤ ਸਿੰਘ, ਰਾਜਗੁਰੂ ਅਤੇ ਸੂਖਦੇਵ ਨੇ ਦੇਸ਼ ਨੂੰ ਅਜ਼ਾਦ ਕਰਾਉਣ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ ਸਨ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰਨ ਲਈ ਦੇਸ਼ ਵਾਸੀ ਅੱਜ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਹਨ। ਹੁਸੈਨੀਵਾਲਾ ਵਿਖੇ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਨੂੰ ਜਿਤਾਇਆ ਹੈ ਅਤੇ ਅਸੀਂ ਦਿਨ-ਰਾਤ ਇਕ ਕਰਕੇ ਲੋਕਾਂ ਦੀ ਭਲਾਈ ਲਈ ਕੰਮ ਕਰਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਭਿ੍ਰਸ਼ਟਾਚਾਰ ਤੋਂ ਮੁਕਤ ਕਰਾਇਆ ਜਾਵੇਗਾ। ਇਸ ਤੋਂ ਬਾਅਦ ਭਗਵੰਤ ਮਾਨ ਨੇ ਖਟਕੜ ਕਲਾਂ ਪਹੁੰਚ ਕੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਕੀਤੀ। ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਘਰ-ਘਰ ਪਹੁੰਚਾਉਣ ਲਈ ਆਮ ਆਦਮੀ ਪਾਰਟੀ ਦਿਨ-ਰਾਤ ਮਿਹਨਤ ਕਰ ਰਹੀ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰੂ ਸ਼ਰਧਾਂਜਲੀ ਭੇਟ ਕੀਤੀ ਹੈ ਅਤੇ ਕਿਹਾ ਕਿ ਦੇਸ਼ ਲਈ ਕੁਰਬਾਨੀ ਦਾ ਇਨ੍ਹਾਂ ਯੋਧਿਆਂ ਦਾ ਜੋਸ਼ ਦੇਸ਼ ਵਾਸੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ।