ਕਿਹਾ : ਮਾਫੀਆ ਖਤਮ ਕਰਕੇ ਪੰਜਾਬ ਦਾ ਖਜ਼ਾਨਾ ਭਰਾਂਗੇ
ਸੰਗਰੂਰ/ਬਿਊਰੋ ਨਿਊਜ਼
ਪੰਜਾਬ ਦੇ ਨਵੇਂ ਬਣੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸੰਗਰੂਰ ਵਿਚ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਵਿਚ ਹਰ ਤਰ੍ਹਾਂ ਦੇ ਮਾਫੀਏ ਨੂੰ ਖਤਮ ਕਰਕੇ ਸਰਕਾਰੀ ਖਜ਼ਾਨਾ ਭਰਿਆ ਜਾਵੇਗਾ ਅਤੇ ਇਹ ਖਜ਼ਾਨਾ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਹੈ ਕਿ ਕਣਕ ਦੀ ਖਰੀਦ ਮੌਕੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰੇਗੀ ਅਤੇ ਕੋਈ ਵੀ ਨਵਾਂ ਟੈਕਸ ਨਹੀਂ ਲਗਾਇਆ ਜਾਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਬੇਲੋੜੇ ਖਰਚੇ ਘਟਾਏਗੀ ਅਤੇ ਲੋਕ ਹਿੱਤ ਵਿੱਚ ਫੈਸਲੇ ਲਏ ਜਾਣਗੇ। ਜ਼ਿਕਰਯੋਗ ਹੈ ਕਿ ਹਰਪਾਲ ਸਿੰਘ ਚੀਮਾ ਪੰਜਾਬ ਦੇ ਵਿੱਤ ਮੰਤਰੀ ਬਣ ਕੇ ਪਹਿਲੀ ਵਾਰ ਸੰਗਰੂਰ ਪਹੁੰਚੇ ਅਤੇ ਪੁਲਿਸ ਵਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ।