ਨਵਜੋਤ ਸਿੱਧੂ ਕੋਲੋਂ ਲਿਆ ਜਾ ਚੁੱਕਾ ਹੈ ਅਸਤੀਫਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਾਂਗਰਸ ਨੂੰ ਇਸੇ ਮਹੀਨੇ ਨਵਾਂ ਪ੍ਰਧਾਨ ਮਿਲ ਸਕਦਾ ਹੈ। ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਪੰਜਾਬ ਵਿਚ ਕਰਾਰੀ ਹਾਰ ਹੋਈ ਹੈ, ਜਿਸ ਤੋਂ ਬਾਅਦ ਸੋਨੀਆ ਗਾਂਧੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੋਲੋਂ ਅਸਤੀਫਾ ਲੈ ਲਿਆ ਸੀ। ਦੱਸਿਆ ਜਾ ਰਿਹਾ ਹੈ ਕਿ ਹੁਣ ਸ਼ਨੀਵਾਰ ਨੂੰ ਸੋਨੀਆ ਗਾਂਧੀ ਨੇ ਦਿੱਲੀ ਵਿਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਬੁਲਾਈ ਹੈ, ਜਿਸ ਵਿਚ ਸਾਰੇ ਜਨਰਲ ਸਕੱਤਰ ਅਤੇ ਇੰਚਾਰਜ ਬੁਲਾਏ ਗਏ ਹਨ। ਇਸ ਮੀਟਿੰਗ ਦੀ ਅਗਵਾਈ ਕੇਸੀ ਵੇਣੂਗੋਪਾਲ ਕਰਨਗੇ ਅਤੇ ਪਿ੍ਰਅੰਕਾ ਗਾਂਧੀ ਵੀ ਮੀਟਿੰਗ ਵਿਚ ਹਾਜ਼ਰ ਰਹਿਣਗੇ। ਮੀਡੀਆ ਰਿਪੋਰਟਾਂ ਤੋਂ ਜਾਣਕਾਰੀ ਮਿਲੀ ਹੈ ਕਿ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਰਾਜਾ ਵੜਿੰਗ ਦਾ ਨਾਮ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਲਈ ਅੱਗੇ ਚੱਲ ਰਿਹਾ ਹੈ। ਖਬਰ ਇਹ ਵੀ ਹੈ ਕਿ ਸੁਨੀਲ ਜਾਖੜ ਨੂੰ ਵੀ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਮਿਲ ਸਕਦੀ ਹੈ। ਧਿਆਨ ਰਹੇ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ 117 ਵਿਚੋਂ ਸਿਰਫ 18 ਸੀਟਾਂ ਹੀ ਜਿੱਤ ਸਕੀ ਹੈ।

