Breaking News
Home / ਪੰਜਾਬ / ਭ੍ਰਿਸ਼ਟਾਚਾਰੀਆਂ ਦੀ ਸਿੱਧੀ ਵੀਡੀਓ ਮੈਨੂੰ ਭੇਜੋ : ਭਗਵੰਤ ਮਾਨ

ਭ੍ਰਿਸ਼ਟਾਚਾਰੀਆਂ ਦੀ ਸਿੱਧੀ ਵੀਡੀਓ ਮੈਨੂੰ ਭੇਜੋ : ਭਗਵੰਤ ਮਾਨ

ਮੁੱਖ ਮੰਤਰੀ ਨੇ 9501200200 ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਕੀਤਾ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਨ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਕਰਨ ਨੂੰ ਲੈ ਕੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਲਈ 95012-00200 ਨੰਬਰ ਜਾਰੀ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਇਹ ਨੰਬਰ ਖਟਕੜ ਕਲਾਂ ਵਿਖੇ ਜਾਰੀ ਕੀਤਾ ਅਤੇ ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।
ਰਿਸ਼ਵਤਖੋਰੀ ਅਤੇ ਹਫਤਾ ਵਸੂਲੀ ਦੀ ਸ਼ਿਕਾਇਤ ਹੁਣ ਲੋਕ ਇਸ ਨੰਬਰ ‘ਤੇ ਕਰ ਸਕਦੇ ਹਨ। ਦੱਸਿਆ ਗਿਆ ਕਿ ਇਸ ਵਟਸਅੱਪ ਨੰਬਰ ‘ਤੇ ਭ੍ਰਿਸ਼ਟਾਚਾਰ ਸਬੰਧੀ ਕੋਈ ਵੀ ਆਡੀਓ ਅਤੇ ਵੀਡੀਓ ਵੀ ਭੇਜੀ ਜਾ ਸਕਦੀ ਹੈ, ਜੋ ਸਿੱਧੀ ਭਗਵੰਤ ਮਾਨ ਦੇ ਕੋਲ ਪਹੁੰਚੇਗੀ। ਭਗਵੰਤ ਮਾਨ ਨੇ ਵਟਸਅੱਪ ਨੰਬਰ ਜਾਰੀ ਕਰਦੇ ਹੋਏ ਕਿਹਾ ਕਿ ਜੇਕਰ ਕੋਈ ਵੀ ਤੁਹਾਡੇ ਕੋਲੋਂ ਰਿਸ਼ਵਤ ਮੰਗਦਾ ਹੈ ਤਾਂ ਉਨ੍ਹਾਂ ਨੂੰ ਮਨਾ ਨਾ ਕਰਿਓ, ਸਿਰਫ ਉਨ੍ਹਾਂ ਦੀ ਆਡੀਓ ਅਤੇ ਵੀਡੀਓ ਬਣਾ ਕੇ ਜਾਰੀ ਕੀਤੇ ਗਏ ਵਟਸਅੱਪ ਨੰਬਰ ‘ਤੇ ਭੇਜ ਦਿਓ।
ਇਸ ਤੋਂ ਬਾਅਦ ਭ੍ਰਿਸ਼ਟਾਚਾਰ ਖਿਲਾਫ ਜ਼ਰੂਰ ਐਕਸ਼ਨ ਲਿਆ ਜਾਵੇਗਾ ਅਤੇ ਇਸ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕਿਸੇ ਵੀ ਮੰਤਰੀ, ਵਿਧਾਇਕ ਅਤੇ ਅਫਸਰ ਨੂੰ ਵੀ ਨਹੀਂ ਬਖਸਿਆ ਜਾਵੇਗਾ। ਭਗਵੰਤ ਮਾਨ ਨੇ ਇਹ ਅਪੀਲ ਵੀ ਕੀਤੀ ਕਿ ਇਸ ਨੰਬਰ ‘ਤੇ ਸਿਰਫ ਭ੍ਰਿਸ਼ਟਾਚਾਰ ਸਬੰਧੀ ਹੀ ਸ਼ਿਕਾਇਤ ਕੀਤੀ ਜਾਵੇ। ਧਿਆਨ ਰਹੇ ਕਿ ਭਗਵੰਤ ਮਾਨ ਨੇ ਪਿਛਲੇ ਦਿਨੀਂ ਐਲਾਨ ਕੀਤਾ ਸੀ ਕਿ ਉਹ 23 ਮਾਰਚ ਨੂੰ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ ਕਰਨਗੇ।
ਇਸ ਤੋਂ ਪਹਿਲਾਂ ਹੁਸੈਨੀਵਾਲਾ ਵਿਖੇ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਨੂੰ ਜਿਤਾਇਆ ਹੈ ਅਤੇ ਅਸੀਂ ਦਿਨ-ਰਾਤ ਇਕ ਕਰਕੇ ਲੋਕਾਂ ਦੀ ਭਲਾਈ ਲਈ ਕੰਮ ਕਰਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਾਇਆ ਜਾਵੇਗਾ। ਇਸ ਤੋਂ ਬਾਅਦ ਭਗਵੰਤ ਮਾਨ ਨੇ ਖਟਕੜ ਕਲਾਂ ਪਹੁੰਚ ਕੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਕੀਤੀ। ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਘਰ-ਘਰ ਪਹੁੰਚਾਉਣ ਲਈ ਆਮ ਆਦਮੀ ਪਾਰਟੀ ਦਿਨ-ਰਾਤ ਮਿਹਨਤ ਕਰ ਰਹੀ ਹੈ। ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਸ਼ਰਧਾਂਜਲੀ ਦੇਣ ਉਪਰੰਤ ਮੁੱਖ ਮੰਤਰੀ ਮਾਨ ਭਗਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਮਿਲੇ। ਮੁੱਖ ਮੰਤਰੀ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਭਾਰਤ ਦੀ ਅਜ਼ਾਦੀ ਦੇ ਸੰਘਰਸ਼ ਦੇ ਮਹਾਨ ਨਾਇਕ ਅਤੇ ਉਨ੍ਹਾਂ ਦੇ ਦੋਵਾਂ ਸਾਥੀਆਂ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ ਪੰਜਾਬ ਸਰਕਾਰ ਹਰ ਸੰਭਵ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਇੰਨੇ ਸਾਲਾਂ ਬਾਅਦ ਵੀ ਇਨ੍ਹਾਂ ਕੌਮੀ ਨਾਇਕਾਂ ਨੂੰ ਸ਼ਹੀਦ ਦਾ ਦਰਜਾ ਨਾ ਦੇਣਾ ਅਫ਼ਸੋਸਨਾਕ ਤੇ ਮੰਦਭਾਗਾ ਹੈ।
ਉਨ੍ਹਾਂ ਕਿਹਾ ਕਿ ਦੇਸ਼ ਨੂੰ ਬਰਤਾਨਵੀ ਸਾਮਰਾਜਵਾਦ ਦੇ ਚੁੰਗਲ ਵਿੱਚੋਂ ਕੱਢਣ ਲਈ ਸਮੁੱਚੀ ਕੌਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਅਦੁੱਤੀ ਸ਼ਹਾਦਤ ਦੀ ਸਦਾ ਰਿਣੀ ਰਹੇਗੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਖਟਕੜ ਕਲਾਂ ਸਥਿਤ ਅਜਾਇਬ ਘਰ ਦਾ ਦੌਰਾ ਵੀ ਕੀਤਾ। ਭਾਵੁਕ ਹੋਏ ਮੁੱਖ ਮੰਤਰੀ ਨੇ ਵਿਜ਼ਟਰ ਬੁੱਕ ਵਿੱਚ ਲਿਖਿਆ, ‘ਖਟਕੜ ਕਲਾਂ ਦੀ ਪਵਿੱਤਰ ਧਰਤੀ ਹਮੇਸ਼ਾ ਮੇਰੇ ਦਿਲ ਦੇ ਬਹੁਤ ਨੇੜੇ ਰਹੀ ਹੈ।

 

Check Also

ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ

ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …