Breaking News
Home / ਭਾਰਤ / ਭਾਰਤ ਸਰਕਾਰ ਵਲੋਂ ਕਰੋਨਾ ਸਬੰਧੀ ਸਾਰੀਆਂ ਪਾਬੰਦੀਆਂ 31 ਮਾਰਚ ਤੋਂ ਹਟਾਉਣ ਦਾ ਫੈਸਲਾ

ਭਾਰਤ ਸਰਕਾਰ ਵਲੋਂ ਕਰੋਨਾ ਸਬੰਧੀ ਸਾਰੀਆਂ ਪਾਬੰਦੀਆਂ 31 ਮਾਰਚ ਤੋਂ ਹਟਾਉਣ ਦਾ ਫੈਸਲਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ‘ਚ ਕਰੋਨਾ ਦੇ ਲਗਾਤਾਰ ਘੱਟ ਹੋ ਰਹੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਕਰੀਬ 2 ਸਾਲ ਬਾਅਦ 31 ਮਾਰਚ ਤੋਂ ਕਰੋਨਾ ਸੰਬੰਧੀ ਸਾਰੀਆਂ ਪਾਬੰਦੀਆਂ ਹਟਾਉਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਮਾਸਕ ਲਗਾਉਣ ਅਤੇ ਸਰੀਰਕ ਦੂਰੀ ਬਣਾਈ ਰੱਖਣ ਸਬੰਧੀ ਨਿਯਮ ਲਾਗੂ ਰਹਿਣਗੇ। ਕੇਂਦਰ ਸਰਕਾਰ ਨੇ 24 ਮਾਰਚ, 2020 ਨੂੰ ਪਹਿਲੀ ਵਾਰ ਦੇਸ਼ ‘ਚ ਕਰੋਨਾ ਵਾਇਰਸ ਫੈਲਣ ਤੋਂ ਰੋਕਣ ਲਈ ਆਫਤ ਪ੍ਰਬੰਧਨ ਕਾਨੂੰਨ 2005 ਤਹਿਤ ਕਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸਨ ਅਤੇ ਹਾਲਾਤ ਦੇ ਅਨੁਸਾਰ ਸਮੇਂ-ਸਮੇਂ ‘ਤੇ ਇਨ੍ਹਾਂ ‘ਚ ਬਦਲਾਅ ਵੀ ਕੀਤੇ। ਕੇਂਦਰੀ ਗ੍ਰਹਿ ਸਕੱਤਰ ਅਜੇ ਭੱਲਾ ਨੇ ਸਾਰੇ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਭੇਜੇ ਪੱਤਰ ‘ਚ ਕਿਹਾ ਕਿ ਪਿਛਲੇ 24 ਮਹੀਨਿਆਂ ਦੌਰਾਨ ਵਿਸ਼ਵ ਪੱਧਰੀ ਮਹਾਂਮਾਰੀ ਦੇ ਪ੍ਰਬੰਧਨ ਦੇ ਵੱਖ-ਵੱਖ ਪਹਿਲੂਆਂ, ਜਿਸ ਤਰ੍ਹਾਂ ਬਿਮਾਰੀ ਦਾ ਪਤਾ ਲਗਾਉਣਾ, ਨਿਗਰਾਨੀ, ਪੀੜਤਾਂ ਦੇ ਸੰਪਰਕ ‘ਚ ਆਏ ਲੋਕਾਂ ਦਾ ਪਤਾ ਲਗਾਉਣ, ਇਲਾਜ, ਟੀਕਾਕਰਨ, ਹਸਪਤਾਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਆਦਿ ਸੰਬੰਧੀ ਕਈ ਮਹੱਤਵਪੂਰਨ ਕਦਮ ਚੁੱਕੇ ਗਏ। ਉਨ੍ਹਾਂ ਕਿਹਾ ਕਿ ਹੁਣ ਆਮ ਲੋਕ ਵੀ ਕਰੋਨਾ ਨਾਲ ਨਜਿੱਠਣ ਸਬੰਧੀ ਕਾਫ਼ੀ ਜਾਗਰੂਕ ਹਨ। ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੇ ਵੀ ਆਪਣੀਆਂ ਸਮਰੱਥਾਵਾਂ ਅਤੇ ਪ੍ਰਣਾਲੀਆਂ ਨੂੰ ਵਿਕਸਤ ਕੀਤਾ ਹੈ ਅਤੇ ਕਰੋਨਾ ਮਹਾਂਮਾਰੀ ਦੇ ਪ੍ਰਬੰਧਨ ਲਈ ਆਪਣੀਆਂ ਵਿਸ਼ੇਸ਼ ਯੋਜਨਾਵਾਂ ਨੂੰ ਲਾਗੂ ਕੀਤਾ ਹੈ। ਪਿਛਲੇ ਸੱਤ ਹਫ਼ਤਿਆਂ ਦੌਰਾਨ ਕਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ ‘ਚ ਭਾਰੀ ਕਮੀ ਆਈ ਹੈ। ਉਨ੍ਹਾਂ ਦੱਸਿਆ ਕਿ ਹੁਣ 31 ਮਾਰਚ ਤੋਂ ਬਾਅਦ ਗ੍ਰਹਿ ਮੰਤਰਾਲੇ ਵਲੋਂ ਕਰੋਨਾ ਸੰਬੰਧੀ ਕੋਈ ਆਦੇਸ਼ ਜਾਰੀ ਨਹੀਂ ਕੀਤਾ ਜਾਵੇਗਾ। ਪਰ ਲੋਕਾਂ ਨੂੰ ਅਜੇ ਵੀ ਚੌਕਸ ਰਹਿਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਮਾਮਲੇ ਵਧਣ ‘ਤੇ ਸੂਬੇ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਸਥਾਨਕ ਪੱਧਰ ‘ਤੇ ਕਾਰਵਾਈ ਸੰਬੰਧੀ ਵਿਚਾਰ ਕਰ ਸਕਦੇ ਹਨ, ਜਿਸ ਦੀ ਸਮੇਂ-ਸਮੇਂ ‘ਤੇ ਸਿਹਤ ਮੰਤਰਾਲੇ ਵਲੋਂ ਸਲਾਹ ਦਿੱਤੀ ਜਾਂਦੀ ਹੈ।

Check Also

ਭਾਰਤ ’ਚ ਕਮਰਸ਼ੀਅਲ ਗੈਸ ਸਿਲੰਡਰ 19 ਰੁਪਏ ਹੋਇਆ ਸਸਤਾ

ਰਸੋਈ ਗੈਸ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਤੇਲ ਮਾਰਕੀਟਿੰਗ …