ਕਾਂਗਰਸੀ ਸੰਸਦ ਮੈਂਬਰਾਂ ਨੇ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਕੀਤਾ ਰੋਸ ਪ੍ਰਦਰਸ਼ਨ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧ ਰਹੀਆਂ ਕੀਮਤਾਂ ਦੇ ਮੁੱਦੇ ‘ਤੇ ਲਗਾਤਾਰ ਸੰਸਦ ਦੇ ਦੋਹਾਂ ਸਦਨਾਂ ‘ਚ ਅਤੇ ਸੰਸਦ ਦੇ ਬਾਹਰ ਕਾਂਗਰਸੀ ਸੰਸਦ ਮੈਂਬਰਾਂ ਵਲੋਂ ਹੰਗਾਮਾ ਕੀਤਾ ਜਾ ਰਿਹਾ ਹੈ।
ਰਾਜ ਸਭਾ ਅਤੇ ਲੋਕ ਸਭਾ ‘ਚ ਵਿਰੋਧੀ ਧਿਰਾਂ ਨੇ ਮਹਿੰਗਾਈ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਚੋਣਾਂ ਤੋਂ ਬਾਅਦ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ‘ਚ ਵਾਧਾ ਹੋਣਾ ਹੀ ਸੀ, ਇਹ ਸਿਰਫ਼ ਚੋਣਾਂ ਦੇ ਕਾਰਨ ਰੋਕਿਆ ਗਿਆ ਸੀ। ਹੰਗਾਮਿਆਂ ਕਾਰਨ ਦੋਹਾਂ ਸਦਨਾਂ ਦੀ ਕਾਰਵਾਈ ਮੁਲਤਵੀ ਕਰਨੀ ਪਈ। ਦੂਜੇ ਪਾਸੇ ਸਰਕਾਰ ਨੇ ਕੀਮਤਾਂ ਦੇ ਵਾਧੇ ਨੂੰ ਆਲਮੀ ਹਾਲਾਤ ਨਾਲ ਜੋੜਦਿਆਂ ਕਿਹਾ ਕਿ ਸਰਕਾਰ ਦਾ ਇਸ ‘ਚ ਸਿੱਧੇ ਤੌਰ ‘ਤੇ ਕੋਈ ਦਖ਼ਲ ਨਹੀਂ ਹੈ। ਕਾਂਗਰਸ ਦੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਨੇ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤਾ। ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮਲਿਕ ਅਰਜੁਨ ਖੜਗੇ ਅਤੇ ਲੋਕ ਸਭਾ ‘ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਦੀ ਅਗਵਾਈ ਹੇਠ ਸੰਸਦ ਮੈਂਬਰਾਂ ਨੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।