Breaking News
Home / ਪੰਜਾਬ / ਭਗਵੰਤ ਮਾਨ ਨੇ ਹੁਸੈਨੀਵਾਲਾ ਤੇ ਖਟਕੜ ਕਲਾਂ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਭਗਵੰਤ ਮਾਨ ਨੇ ਹੁਸੈਨੀਵਾਲਾ ਤੇ ਖਟਕੜ ਕਲਾਂ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੀਤਾ ਯਾਦ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ 23 ਮਾਰਚ ਦਿਨ ਬੁੱਧਵਾਰ ਨੂੰ ਸ਼ਹੀਦੀ ਦਿਨ ਸੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੁਸੈਨੀਵਾਲਾ ਅਤੇ ਫਿਰ ਖਟਕੜ ਕਲਾਂ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਧਿਆਨ ਰਹੇ ਕਿ ਭਗਤ ਸਿੰਘ, ਰਾਜਗੁਰੂ ਅਤੇ ਸੂਖਦੇਵ ਨੇ ਦੇਸ਼ ਨੂੰ ਅਜ਼ਾਦ ਕਰਾਉਣ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ ਸਨ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰਨ ਲਈ ਦੇਸ਼ ਵਾਸੀਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਹੁਸੈਨੀਵਾਲਾ ਵਿਖੇ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਨੂੰ ਜਿਤਾਇਆ ਹੈ ਅਤੇ ਅਸੀਂ ਦਿਨ-ਰਾਤ ਇਕ ਕਰਕੇ ਲੋਕਾਂ ਦੀ ਭਲਾਈ ਲਈ ਕੰਮ ਕਰਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਾਇਆ ਜਾਵੇਗਾ। ਇਸ ਤੋਂ ਬਾਅਦ ਭਗਵੰਤ ਮਾਨ ਨੇ ਖਟਕੜ ਕਲਾਂ ਪਹੁੰਚ ਕੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਕੀਤੀ। ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਘਰ-ਘਰ ਪਹੁੰਚਾਉਣ ਲਈ ਆਮ ਆਦਮੀ ਪਾਰਟੀ ਦਿਨ-ਰਾਤ ਮਿਹਨਤ ਕਰ ਰਹੀ ਹੈ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਸ਼ਰਧਾਂਜਲੀ ਦੇਣ ਉਪਰੰਤ ਮੁੱਖ ਮੰਤਰੀ ਭਗਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਮਿਲੇ। ਮੁੱਖ ਮੰਤਰੀ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਭਾਰਤ ਦੀ ਅਜ਼ਾਦੀ ਦੇ ਸੰਘਰਸ਼ ਦੇ ਮਹਾਨ ਨਾਇਕ ਅਤੇ ਉਨ੍ਹਾਂ ਦੇ ਦੋਵਾਂ ਸਾਥੀਆਂ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ ਪੰਜਾਬ ਸਰਕਾਰ ਹਰ ਸੰਭਵ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਦੇਸ਼ ਆਜ਼ਾਦੀ ਦੇ ਇੰਨੇ ਸਾਲਾਂ ਬਾਅਦ ਵੀ ਇਨ੍ਹਾਂ ਕੌਮੀ ਨਾਇਕਾਂ ਨੂੰ ਸ਼ਹੀਦ ਦਾ ਦਰਜਾ ਨਾ ਦੇਣਾ ਅਫ਼ਸੋਸਨਾਕ ਤੇ ਮੰਦਭਾਗਾ ਹੈ।
ਉਨ੍ਹਾਂ ਕਿਹਾ ਕਿ ਦੇਸ਼ ਨੂੰ ਬਰਤਾਨਵੀ ਸਾਮਰਾਜਵਾਦ ਦੇ ਚੁੰਗਲ ਵਿੱਚੋਂ ਕੱਢਣ ਲਈ ਸਮੁੱਚੀ ਕੌਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਅਦੁੱਤੀ ਸ਼ਹਾਦਤ ਦੀ ਸਦਾ ਰਿਣੀ ਰਹੇਗੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਖਟਕੜ ਕਲਾਂ ਸਥਿਤ ਅਜਾਇਬ ਘਰ ਦਾ ਦੌਰਾ ਵੀ ਕੀਤਾ। ਭਾਵੁਕ ਹੋਏ ਮੁੱਖ ਮੰਤਰੀ ਨੇ ਵਿਜ਼ਟਰ ਬੁੱਕ ਵਿੱਚ ਲਿਖਿਆ, ‘ਖਟਕੜ ਕਲਾਂ ਦੀ ਪਵਿੱਤਰ ਧਰਤੀ ਹਮੇਸ਼ਾ ਮੇਰੇ ਦਿਲ ਦੇ ਬਹੁਤ ਨੇੜੇ ਰਹੀ ਹੈ।
ਅਜਾਇਬ ਘਰ ਵਿੱਚ ਦਰਸਾਏ ਸ਼ਹੀਦ ਦੇ ਜੀਵਨ ਵੇਰਵਿਆਂ ਅਤੇ ਨਿੱਜੀ ਚੀਜ਼ਾਂ ਨੇ ਮੈਨੂੰ ਭਾਵੁਕ ਕਰ ਦਿੱਤਾ ਹੈ। ਸ਼ਹੀਦ-ਏ-ਆਜ਼ਮ ਦੇ ਸੁਫਨਿਆਂ ਨੂੰ ਸਾਕਾਰ ਕਰਨਾ ਸਾਡਾ ਨੈਤਿਕ ਫਰਜ਼ ਹੈ।’ ਮੁੱਖ ਮੰਤਰੀ ਨੇ ਮਗਰੋਂ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਭਗਤ ਸਿੰਘ ਦੇ ਜੱਦੀ ਘਰ ਨੂੰ ਵੀ ਸਿਜਦਾ ਕੀਤਾ।
ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੂੰ ਸ਼ਰਧਾਂਜਲੀ ਭੇਟ ਕੀਤੀ ਹੈ ਅਤੇ ਕਿਹਾ ਕਿ ਦੇਸ਼ ਲਈ ਕੁਰਬਾਨੀ ਦਾ ਇਨ੍ਹਾਂ ਯੋਧਿਆਂ ਦਾ ਜੋਸ਼ ਦੇਸ਼ ਵਾਸੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ।

 

Check Also

ਚਰਨਜੀਤ ਸਿੰਘ ਚੰਨੀ ਦੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਚਰਚਾ ਦਾ ਵਿਸ਼ਾ ਬਣੀ  

ਸੰਤ ਸੀਚੇਵਾਲ ‘ਆਪ’ ਦੇ ਰਾਜ ਸਭਾ ਮੈਂਬਰ ਅਤੇ ਚੰਨੀ ਹਨ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ …