-4.2 C
Toronto
Monday, December 8, 2025
spot_img
Homeਪੰਜਾਬਕਿਸਾਨਾਂ ਵੱਲੋਂ ਕੇਂਦਰ ਦੀ ਵਾਅਦਾ ਖਿਲਾਫੀ ਵਿਰੁੱਧ ਪੰਜਾਬ 'ਚ ਰੋਸ ਪ੍ਰਦਰਸ਼ਨ

ਕਿਸਾਨਾਂ ਵੱਲੋਂ ਕੇਂਦਰ ਦੀ ਵਾਅਦਾ ਖਿਲਾਫੀ ਵਿਰੁੱਧ ਪੰਜਾਬ ‘ਚ ਰੋਸ ਪ੍ਰਦਰਸ਼ਨ

ਡਿਪਟੀ ਕਮਿਸ਼ਨਰਾਂ ਅਤੇ ਐੱਸਡੀਐੱਮ ਦਫ਼ਤਰਾਂ ਅੱਗੇ ਧਰਨੇ ਲਾ ਕੇ ਮੰਗ ਪੱਤਰ ਸੌਂਪੇ
ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਜਥੇਬੰਦੀਆਂ ਨੇ ਪੰਜਾਬ ਭਰ ਵਿੱਚ ਡਿਪਟੀ ਕਮਿਸ਼ਨਰਾਂ ਅਤੇ ਐੱਸਡੀਐਮ ਦਫ਼ਤਰਾਂ ਅੱਗੇ ਧਰਨੇ ਦਿੱਤੇ ਹਨ। ਇਸ ਦੌਰਾਨ ਉਨ੍ਹਾਂ ਕੇਂਦਰੀ ਹਕੂਮਤ ‘ਤੇ ਕਿਸਾਨਾਂ ਨਾਲ ਵਾਅਦਾਖਿਲਾਫੀ ਦੇ ਆਰੋਪ ਲਾਉਂਦਿਆਂ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ।
ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਕਿਸਾਨ ਸੰਘਰਸ਼ ਕਮੇਟੀ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਅਤੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਸਮੇਤ ਹੋਰ ਜਥੇਬੰਦੀਆਂ ਦੇ ਆਗੂਆਂ ਸੁਖਦੇਵ ਸਿੰਘ ਕੋਕਰੀ ਕਲਾਂ, ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ, ਜਸਵਿੰਦਰ ਸਿੰਘ ਲੌਂਗੋਵਾਲ, ਹਰਿੰਦਰ ਕੌਰ ਬਿੰਦੂ, ਕਮਲਜੀਤ ਕੌਰ ਬਰਨਾਲਾ, ਗੁਰਪ੍ਰੀਤ ਕੌਰ ਬਰਾਸ, ਕੁਲਦੀਪ ਕੌਰ ਕੁੱਸਾ, ਜਗਮੋਹਨ ਸਿੰਘ ਪਟਿਆਲਾ, ਡਾ. ਦਰਸ਼ਨ ਪਾਲ, ਸੁਰਜੀਤ ਸਿੰਘ ਫੂਲ ਤੇ ਸਤਨਾਮ ਸਿੰਘ ਪੰਨੂ ਨੇ ਦੱਸਿਆ ਕਿ ਪੰਜਾਬ ਦੇ 13 ਡੀਸੀ ਤੇ ਐੱਸਡੀਐੱਮ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਮੰਗ ਪੱਤਰ ਸੌਂਪੇ ਗਏ ਹਨ। ਆਗੂਆਂ ਨੇ ਕਿਹਾ ਕਿ ਮੁਲਕ ਪੱਧਰੀ ਕਿਸਾਨੀ ਸੰਘਰਸ਼ ਦੇ ਦਬਾਅ ਹੇਠ ਕੇਂਦਰ ਨੇ ਤਿੰਨ ਖੇਤੀ ਕਾਨੂੰਨ ਤਾਂ ਵਾਪਸ ਲੈ ਲਏ ਪਰ 9 ਦਸੰਬਰ ਦੀ ਸਰਕਾਰੀ ਚਿੱਠੀ ਰਾਹੀਂ ਰਹਿੰਦੀਆਂ ਮੰਗਾਂ ਬਾਰੇ ਕੀਤੇ ਗਏ ਲਿਖਤੀ ਵਾਅਦੇ ਅੱਜ ਵੀ ਪੂਰੇ ਨਹੀਂ ਕੀਤੇ ਗਏ।
ਕਿਸਾਨ ਆਗੂਆਂ ਨੇ ਕਿਹਾ ਕਿ ਇੱਕ ਮਹੀਨੇ ਅੰਦਰ ਇਹ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕਰਨ ਦੇ ਬਾਵਦੂਦ ਤਿੰਨ ਮਹੀਨਿਆਂ ਤੋਂ ਵੱਧ ਸਮਾਂ ਬੀਤ ਗਿਆ ਹੈ ਪਰ ਇਹ ਮੰਗਾਂ ਨਹੀਂ ਮੰਨੀਆਂ ਗਈਆਂ।
ਇਸੇ ਤਰ੍ਹਾਂ ਨਿੱਜੀਕਰਨ ਦਾ ਰਾਹ ਪੱਧਰਾ ਕਰਨ ਲਈ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦਾ ਕੰਟਰੋਲ ਪੰਜਾਬ ਤੇ ਹਰਿਆਣਾ ਦੇ ਲੋਕਾਂ ਤੋਂ ਖੋਹ ਕੇ ਕੇਂਦਰ ਨੇ ਆਪਣੇ ਹੱਥਾਂ ਵਿੱਚ ਲੈਣ ਦਾ ਫ਼ੈਸਲਾ ਕੀਤਾ ਹੈ।ਆਗੂਆਂ ਨੇ ਕਿਹਾ ਕਿ ਜੇ ਉਨ੍ਹਾਂ ਦੀਆਂ ਇਹ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਜੋਗਿੰਦਰ ਉਗਰਾਹਾਂ ਨੇ ਕਿਸਾਨ ਅੰਦੋਲਨ ਦੀ ਦਿੱਤੀ ਚਿਤਾਵਨੀ
ਸੰਗਰੂਰ : ਦਿੱਲੀ ਕਿਸਾਨ ਅੰਦੋਲਨ ਦੌਰਾਨ ਖੇਤੀ ਕਾਨੂੰਨਾਂ ਦੀ ਵਾਪਸੀ ਮੌਕੇ ਕੇਂਦਰ ਸਰਕਾਰ ਵਲੋਂ ਮੰਨੀਆਂ ਕਿਸਾਨੀ ਮੰਗਾਂ ਨੂੰ ਅਜੇ ਤੱਕ ਲਾਗੂ ਨਾ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਸੰਗਰੂਰ ਦੇ ਡੀਸੀ ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ। ਕਿਸਾਨਾਂ ਨੇ ਮੋਦੀ ਹਕੂਮਤ ਦੀ ਵਾਅਦਾਖ਼ਿਲਾਫ਼ੀ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਅਤੇ ਟਰੇਡ ਯੂਨੀਅਨਾਂ ਦੀ 28 ਅਤੇ 29 ਮਾਰਚ ਦੀ ਦੇਸ਼ ਵਿਆਪੀ ਹੜਤਾਲ ਦੀ ਹਮਾਇਤ ਦਾ ਐਲਾਨ ਕੀਤਾ। ਕਿਸਾਨਾਂ ਨੇ ਡੀਸੀ ਨੂੰ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ।
ਭਾਕਿਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਨੀਆਂ ਕਿਸਾਨੀ ਮੰਗਾਂ ਜਲਦ ਲਾਗੂ ਨਾ ਕੀਤੀਆਂ ਗਈਆਂ ਤਾਂ ਕੇਂਦਰ ਸਰਕਾਰ ਨੂੰ ਮੁੜ ਦੇਸ਼ ਵਿਆਪੀ ਅੰਦੋਲਨ ਦਾ ਸਾਹਮਣਾ ਕਰਨਾ ਪਵੇਗਾ। ਬੁਲਾਰਿਆਂ ਨੇ ਮੰਗ ਕੀਤੀ ਕਿ ਐਮਐਸਪੀ ਗਾਰੰਟੀ ਕਾਨੂੰਨ ਸਮੇਤ ਜਨਤਕ ਵੰਡ ਪ੍ਰਣਾਲੀ ਮਜ਼ਬੂਤ ਕਰਨ ਸਬੰਧੀ ਕਮੇਟੀ ਬਣਾਈ ਜਾਵੇ, ਲਖੀਮਪੁਰ ਖੀਰੀ (ਯੂ ਪੀ) ਕਾਂਡ ‘ਚ ਕੇਂਦਰੀ ਮੰਤਰੀ ਅਜੇ ਕੁਮਾਰ ਮਿਸ਼ਰਾ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਮੰਤਰੀ ਮੰਡਲ ‘ਚੋ ਲਾਂਭੇ ਕੀਤਾ ਜਾਵੇ, ਕਤਲ ਕਾਂਡ ਦੇ ਗਵਾਹਾਂ ਦੀ ਕੁੱਟਮਾਰ ਕਰਨ ਅਤੇ ਗਵਾਹਾਂ ਨੂੰ ਡਰਾਉਣ-ਧਮਕਾਉਣ ਵਾਲਿਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ, ਕਿਸਾਨਾਂ ਖ਼ਿਲਾਫ਼ ਦਰਜ ਕੇਸ ਰੱਦ ਕੀਤੇ ਜਾਣ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਫਾਜ਼ਿਲਕਾ ਸਾਹਮਣੇ ਰੋਸ ਪ੍ਰਦਸ਼ਨ ਕੀਤਾ।

ਟਰੇਡ ਯੂਨੀਅਨਾਂ ਦੀ ਹੜਤਾਲ ਦੀ ਹਮਾਇਤ
ਕਿਸਾਨ ਆਗੂਆਂ ਨੇ 28, 29 ਮਾਰਚ ਨੂੰ ਦੇਸ਼ ਭਰ ਦੀਆਂ ਟਰੇਡ ਯੂਨੀਅਨਾਂ ਵੱਲੋਂ ਮੋਦੀ ਸਰਕਾਰ ਵਿਰੁੱਧ ਕੀਤੀ ਜਾ ਰਹੀ ਹੜਤਾਲ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਸਮੂਹ ਕਿਸਾਨਾਂ, ਮਜ਼ਦੂਰਾਂ ਤੇ ਹੋਰ ਕਿਰਤੀ ਲੋਕਾਂ ਨੂੰ ਇਸ ਹੜਤਾਲ ਵਿੱਚ ਵਧ-ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ।

RELATED ARTICLES
POPULAR POSTS