Breaking News
Home / ਪੰਜਾਬ / ਪਿੰਡ ਸੰਧਵਾਂ ਨੇ ਦੇਸ਼ ਨੂੰ ਦਿੱਤੇ ਵੱਡੇ ਸਿਆਸਤਦਾਨ

ਪਿੰਡ ਸੰਧਵਾਂ ਨੇ ਦੇਸ਼ ਨੂੰ ਦਿੱਤੇ ਵੱਡੇ ਸਿਆਸਤਦਾਨ

ਕੁਲਤਾਰ ਸਿੰਘ ਸੰਧਵਾਂ ਦੇ ਸਪੀਕਰ ਬਣਨ ਨਾਲ ਪਿੰਡ ਵਿੱਚ ਖੁਸ਼ੀ ਦਾ ਮਾਹੌਲ
ਫਰੀਦਕੋਟ : ਪੰਜਾਬ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਸਪੀਕਰ ਚੁਣੇ ਗਏ ਕੁਲਤਾਰ ਸਿੰਘ ਸੰਧਵਾਂ ਫਰੀਦਕੋਟ ਜ਼ਿਲ੍ਹੇ ਦੇ ਸਭ ਤੋਂ ਵੱਧ ਦਲਿਤ ਵਸੋਂ ਵਾਲੇ ਪਿੰਡ ਸੰਧਵਾਂ ਦੇ ਵਸਨੀਕ ਹਨ। ਗਿਆਨੀ ਜ਼ੈਲ ਸਿੰਘ ਵੀ ਇਸੇ ਹੀ ਪਿੰਡ ਦੇ ਜੰਮਪਲ ਸਨ ਅਤੇ ਉਹ ਪੰਜਾਬ ਦੇ ਮੁੱਖ ਮੰਤਰੀ, ਭਾਰਤ ਦੇ ਗ੍ਰਹਿ ਮੰਤਰੀ ਅਤੇ ਬਾਅਦ ਵਿੱਚ ਦੇਸ਼ ਦੇ ਰਾਸ਼ਟਰਪਤੀ ਵੀ ਬਣੇ। ਕੁਲਤਾਰ ਸਿੰਘ ਸੰਧਵਾਂ ਗਿਆਨੀ ਜ਼ੈਲ ਸਿੰਘ ਦੇ ਪੋਤਰੇ ਹਨ। 1972 ਵਿੱਚ ਗਿਆਨੀ ਜ਼ੈਲ ਸਿੰਘ ਪੰਜਾਬ ਦੇ ਮੁੱਖ ਮੰਤਰੀ ਬਣੇ ਸੀ। ਇਸੇ ਤਰ੍ਹਾਂ ਜਸਵਿੰਦਰ ਸਿੰਘ ਬਰਾੜ ਵੀ ਪਿੰਡ ਸੰਧਵਾਂ ਦੇ ਹੀ ਜੰਮਪਲ ਸਨ ਤੇ ਉਹ 1972 ਵਿੱਚ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਸਨ। ਜਸਵਿੰਦਰ ਸਿੰਘ ਬਰਾੜ, ਕੋਟਕਪੂਰਾ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਚੋਣ ਜਿੱਤੇ ਸਨ। ਇਸ ਤੋਂ ਇਲਾਵਾ ਮਨਤਾਰ ਸਿੰਘ ਬਰਾੜ, ਕੋਟਕਪੂਰਾ ਵਿਧਾਨ ਸਭਾ ਹਲਕੇ ਤੋਂ ਤਿੰਨ ਵਾਰ ਚੋਣ ਜਿੱਤੇ ਹਨ ਅਤੇ 2012 ਤੋਂ 2017 ਤੱਕ ਅਕਾਲੀ ਦਲ ਦੀ ਸਰਕਾਰ ਦੌਰਾਨ ਉਹ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਮੁੱਖ ਪਾਰਲੀਮਾਨੀ ਸਕੱਤਰ ਦੇ ਅਹੁਦੇ ‘ਤੇ ਰਹੇ। ਉਹ ਜਸਵਿੰਦਰ ਸਿੰਘ ਬਰਾੜ ਦੇ ਪੁੱਤਰ ਹਨ। ਕੁਲਤਾਰ ਸਿੰਘ ਸੰਧਵਾਂ ਲਗਾਤਾਰ ਕੋਟਕਪੂਰਾ ਵਿਧਾਨ ਸਭਾ ਹਲਕੇ ਤੋਂ ਵੱਡੇ ਫਰਕ ਨਾਲ ਦੂਜੀ ਵਾਰ ਚੋਣ ਜਿੱਤੇ ਹਨ ਅਤੇ ਉਹ ਆਮ ਆਦਮੀ ਪਰਟੀ ਦੇ ਮੁੱਢਲੇ ਮੈਂਬਰਾਂ ਵਿੱਚ ਸ਼ਾਮਲ ਹਨ। ਕੁਲਤਾਰ ਸਿੰਘ ਸੰਧਵਾਂ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਵੀ ਰਹਿ ਚੁੱਕੇ ਹਨ। ਵਿਧਾਨ ਸਭਾ ‘ਚ ਕੁਲਤਾਰ ਸੰਧਵਾਂ ਦੇ ਸਪੀਕਰ ਵਜੋਂ ਸਹੁੰ ਚੁੱਕਣ ਮਗਰੋਂ ਉਸ ਦੇ ਜੱਦੀ ਪਿੰਡ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਪਿੰਡ ਵਾਸੀਆਂ ਤੇ ਪਾਰਟੀ ਵਰਕਰਾਂ ਨੇ ਲੱਡੂ ਵੀ ਵੰਡੇ।
ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪਿੰਡ ਸੰਧਵਾਂ ਫਰੀਦਕੋਟ ਜ਼ਿਲ੍ਹੇ ਦਾ ਇੱਕ ਛੋਟਾ ਜਿਹਾ ਪਿੰਡ ਹੈ, ਜਿਸ ਨੇ ਪੰਜਾਬ ਅਤੇ ਦੇਸ਼ ਨੂੰ ਚੋਟੀ ਦੇ ਸਿਆਸੀ ਆਗੂ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕੁਲਤਾਰ ਸਿੰਘ ਸੰਧਵਾਂ ਦੇ ਸਪੀਕਰ ਬਣਨ ਨਾਲ ਪਿੰਡ ਅਤੇ ਜ਼ਿਲ੍ਹੇ ਦਾ ਨਾਮ ਰੋਸ਼ਨ ਹੋਇਆ ਹੈ। ਗੁਰਦਿੱਤ ਸੇਖੋਂ ਨੇ ਕਿਹਾ ਕਿ ਪਿੰਡ ਸੰਧਵਾਂ ‘ਚੋਂ ਉੱਠੇ ਸਾਰੇ ਸਿਆਸੀ ਆਗੂ ਸਧਾਰਨ ਪਰਿਵਾਰਾਂ ਨਾਲ ਸਬੰਧਤ ਸਨ ਪਰ ਉਹ ਆਪਣੀ ਮਿਹਨਤ ਸਦਕਾ ਸਿਆਸਤ ਦੇ ਸਿਖ਼ਰ ‘ਤੇ ਪਹੁੰਚੇ।

Check Also

ਸਾਬਕਾ ਕਾਂਗਰਸੀ ਵਿਧਾਇਕ ਦਲਬੀਰ ਸਿੰਘ ਗੋਲਡੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਅਤੇ ਮੀਤ ਹੇਅਰ ਵੱਲੋਂ ਕੀਤਾ ਗਿਆ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ …