ਡੇਰਾ ਮੁਖੀ ਨੂੰ 4 ਮਈ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ’ਚ ਪੇਸ਼ ਕਰਨ ਦੇ ਹੁਕਮ
ਫਰੀਦਕੋਟ/ਬਿਊਰੋ ਨਿਊਜ਼
ਫਰੀਦਕੋਟ ਜ਼ਿਲ੍ਹੇ ਦੇ ਪਿੰਡ ਜਵਾਹਰ ਸਿੰਘ ਵਾਲਾ ਤੋਂ 2015 ਵਿਚ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੇ ਅੰਗ ਬਰਗਾੜੀ ਅਤੇ ਜਵਾਹਰ ਸਿੰਘ ਵਾਲਾ ਵਿਖੇ ਖਿਲਾਰਨ ਅਤੇ ਇਸ ਤੋਂ ਪਹਿਲਾਂ ਇਤਰਾਜ਼ਯੋਗ ਪੋਸਟਰ ਲਾਉਣ ਸੰਬੰਧੀ ਥਾਣਾ ਬਾਜਾਖਾਨਾ ਵਿਖੇ ਦਰਜ ਦੋ ਮਾਮਲਿਆਂ ਵਿਚ ਐਸਆਈਟੀ ਵਲੋਂ ਡੇਰਾ ਸਿਰਸਾ ਦੇ ਮੁਖੀ ਨੂੰ ਨਾਮਜ਼ਦ ਕੀਤਾ ਗਿਆ ਹੈ। ਫਰੀਦਕੋਟ ਦੀ ਜੁਡੀਸ਼ੀਅਲ ਮੈਜਿਸਟ੍ਰੇਟ ਤਰਜਨੀ ਵਲੋਂ ਸੁਨਾਰੀਆ ਜੇਲ੍ਹ ਵਿਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ 4 ਮਈ ਨੂੰ ਪੇਸ਼ ਕਰਨ ਲਈ ਜੇਲ੍ਹ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਅਦਾਲਤ ਡੇਰਾ ਮੁਖੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਚੋਰੀ ਦੇ ਮਾਮਲੇ ਸਬੰਧੀ ਪਹਿਲਾਂ ਹੀ ਨਾਮਜ਼ਦ ਕਰ ਚੁੱਕੀ ਹੈ। ਹੁਣ ਫਰੀਦਕੋਟ ਅਦਾਲਤ ਵਲੋਂ ਡੇਰਾ ਮੁਖੀ ਨੂੰ 4 ਮਈ 2022 ਨੂੰ ਸਵੇਰੇ 10 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਧਿਆਨ ਰਹੇ ਕਿ ਗੁਰਮੀਤ ਰਾਮ ਰਹੀਮ ਜਬਰ ਜਨਾਹ ਦੇ ਦੋਸ਼ਾਂ ਤਹਿਤ ਪਹਿਲਾਂ ਹੀ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਹੈ।