ਪੰਚਾਇਤ ਮੰਤਰੀ ਨੇ ਕਿਹਾ, ਭਿ੍ਰਸ਼ਟਾਚਾਰ ਨੂੰ ਸਹਿਣ ਨਹੀਂ ਕੀਤਾ ਜਾਵੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਚੰਡੀਗੜ੍ਹ ’ਚ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਭਿ੍ਰਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਅਪਣਾਉਣ ਦਾ ਸਪੱਸ਼ਟ ਸੰਦੇਸ਼ ਦਿੱਤਾ। ਧਾਲੀਵਾਲ ਨੇ ਕਿਹਾ ਕਿ ਗ੍ਰਾਮ ਸਭਾ ਪੇਂਡੂ ਵਿਕਾਸ ਦਾ ਸਭ ਤੋਂ ਅਹਿਮ ਥੰਮ੍ਹ ਹੈ, ਜਿਸ ਨੂੰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ 26 ਜੂਨ, 2022 ਨੂੰ ਸੂਬੇ ਦੇ ਸਮੂਹ ਪਿੰਡਾਂ ਵਿੱਚ ਗ੍ਰਾਮ ਸਭਾ ਇਜਲਾਸ ਬੁਲਾਉਣ। ਪੇਂਡੂ ਵਿਕਾਸ ਮੰਤਰੀ ਨੇ ਕਿਹਾ ਕਿ ਗ੍ਰਾਮ ਸਭਾ ਇਜਲਾਸ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵੱਖ-ਵੱਖ ਪ੍ਰਚਾਰ ਮਾਧਿਅਮਾਂ ਰਾਹੀਂ ਗ੍ਰਾਮ ਸਭਾਵਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਗ੍ਰਾਮ ਸਭਾ ਸਬੰਧੀ ਪਿੰਡਾਂ ਵਿੱਚ ਸਹੀ ਢੰਗ ਨਾਲ ਪੋਸਟਰ ਲਗਾਏ ਜਾਣ ਅਤੇ ਗ੍ਰਾਮ ਸਭਾ ਦੇ ਇਸ ਇਜਲਾਸ ਲਈ ਸਮੇਂ ਸਿਰ ਸਾਰੇ ਪ੍ਰਬੰਧ ਯਕੀਨੀ ਬਣਾਏ ਜਾਣ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿੰਡਾਂ ਦੇ ਸਾਰੇ ਵਿਕਾਸ ਕਾਰਜ ਤਕਨੀਕੀ ਸ਼ਾਖਾਵਾਂ ਤੋਂ ਸਹੀ ਵਿਉਂਤਬੰਦੀ ਅਤੇ ਰੂਪ-ਰੇਖਾ ਨਾਲ ਨੇਪਰੇ ਚਾੜ੍ਹੇ ਜਾਣ। ਉਨ੍ਹਾਂ ਨਾਲ ਹੀ ਕਿਹਾ ਕਿ ਵਿਕਾਸ ਕਾਰਜਾਂ ਦੀ ਘੱਟੋ-ਘੱਟ ਮਿਆਦ 25 ਸਾਲ ਹੋਣੀ ਚਾਹੀਦੀ ਹੈ ਅਤੇ ਵਿਕਾਸ ਕਾਰਜਾਂ ਲਈ ਸਿਰਫ਼ ਮਿਆਰੀ ਸਮੱਗਰੀ ਹੀ ਵਰਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਭਿ੍ਰਸ਼ਟਾਚਾਰ ਕਰਨ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …