ਹੁਣ ਸਾਲ ਵਿਚ 7 ਵਾਰ ਪਾਕਿਸਤਾਨ ਜਾ ਸਕਣਗੇ ਸ਼ਰਧਾਲੂ
ਅੰਮਿ੍ਰਤਸਰ/ਬਿਊਰੋ ਨਿਊਜ਼
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ ਹੋਰ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਹੁਣ ਸਾਲ ਵਿਚ 7 ਵਾਰ ਸੰਗਤਾਂ ਜਾ ਸਕਣਗੀਆਂ ਅਤੇ ਪਹਿਲਾਂ ਇਕ ਸਾਲ ਵਿਚ ਸਿਰਫ 4 ਵਾਰ ਹੀ ਭਾਰਤੀ ਸੰਗਤਾਂ ਨੂੰ ਜਾਣ ਦੀ ਇਜਾਜਤ ਸੀ। ਇਮਰਾਨ ਖਾਨ ਸਰਕਾਰ ਦੇ ਇਸ ਫੈਸਲੇ ਨਾਲ ਸਿੱਖ ਸੰਗਤਾਂ ਵਿਚ ਖੁਸ਼ੀ ਦੀ ਲਹਿਰ ਦੇਖੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲਹਿੰਦੇ ਪੰਜਾਬ ਤੋਂ ਮੰਤਰੀ ਮਹਿੰਦਰਪਾਲ ਸਿੰਘ ਨੇ ਦੱਸਿਆ ਕਿ ਇਮਰਾਨ ਸਰਕਾਰ ਨੇ ਇਸ ਸਬੰਧੀ ਫੈਸਲਾ ਲੈ ਲਿਆ ਹੈ ਕਿ ਸਾਲ ਵਿਚ ਹੁਣ 4 ਦੀ ਬਜਾਏ 7 ਵਾਰ ਸਿੱਖ ਸੰਗਤਾਂ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਕਰਨ ਲਈ ਜਾ ਸਕਣਗੀਆਂ। ਮਹਿੰਦਰਪਾਲ ਸਿੰਘ ਨੇ ਕਿਹਾ ਕਿ ਜੋ ਕੰਮ ਇਮਰਾਨ ਸਰਕਾਰ ਨੇ ਘੱਟ ਗਿਣਤੀਆਂ ਖਾਸ ਕਰਕੇ ਸਿੱਖ ਭਾਈਚਾਰੇ ਲਈ ਕੀਤੇ ਹਨ, ਉਹ ਅਜ਼ਾਦੀ ਤੋਂ ਬਾਅਦ ਅੱਜ ਤੱਕ ਕਿਸੇ ਵੀ ਸਰਕਾਰ ਨੇ ਨਹੀਂ ਕੀਤੇ। ਜ਼ਿਕਰਯੋਗ ਹੈ ਕਿ ਪਾਕਿਸਤਾਨ ਵਿਚ ਇਮਰਾਨ ਖਾਨ ਦੀ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਪੇਸ਼ ਹੋਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਡਿੱਗ ਸਕਦੀ ਹੈ, ਪਰ ਪਾਕਿਸਤਾਨ ਵਿਚ ਰਹਿ ਰਹੇ ਹਿੰਦੂ ਅਤੇ ਸਿੱਖ ਵਸਨੀਕਾਂ ਦਾ ਮੰਨਣਾ ਹੈ ਕਿ ਇਮਰਾਨ ਖਾਨ ਸਰਕਾਰ ਨੂੰ ਆਪਣਾ ਕਾਰਜਕਾਲ ਪੂਰਾ ਕਰਨ ਦੇਣਾ ਚਾਹੀਦਾ ਹੈ।

