ਬਾਦਲ ਕਹਿੰਦੇ, ਇਹ ਪੰਜਾਬ ਨਾਲ ਧੱਕੇਸ਼ਾਹੀ ਤੇ ਕੈਪਟਨ ਬੋਲੇ ਇਹ ਤਾਂ ਕਰਮਚਾਰੀਆਂ ਦੀ ਮੰਗ ਸੀ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਦੇ ਕਰਮਚਾਰੀਆਂ ’ਤੇ ਕੇਂਦਰੀ ਨਿਯਮ ਲਾਗੂ ਕਰਨ ਦੇ ਮੁੱਦੇ ’ਤੇ ਪੰਜਾਬ ਦੇ ਦੋ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਆਹਮੋ-ਸਾਹਮਣੇ ਹੋ ਗਏ ਹਨ। ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਹ ਵੱਡਾ ਗੁਨਾਹ ਅਤੇ ਧੋਖਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੂਰੀ ਤਰ੍ਹਾਂ ਚੰਡੀਗੜ੍ਹ ’ਤੇ ਆਪਣਾ ਕਬਜ਼ਾ ਕਰਨਾ ਚਾਹੁੰਦੀ ਹੈ। ਬਾਦਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਵੀ ਕੇਂਦਰ ਨੇ ਅਜਿਹਾ ਕੁਝ ਹੀ ਕੀਤਾ ਹੈ। ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਕਰਮਚਾਰੀਆਂ ਦੀ ਮੰਗ ਸੀ ਕਿ ਉਨ੍ਹਾਂ ਨੂੰ ਕੇਂਦਰੀ ਕਰਮਚਾਰੀਆਂ ਦੇ ਬਰਾਬਰ ਸਾਰੀਆਂ ਸੇਵਾਵਾਂ ਦੇ ਲਾਭ ਮਿਲਣੇ ਚਾਹੀਦੇ ਹਨ। ਇਹ ਮੰਗ ਕਰਨ ਵਾਲਿਆਂ ਵਿਚ ਪੰਜਾਬ ਤੋਂ ਗਏ ਕਰਮਚਾਰੀ ਵੀ ਸ਼ਾਮਲ ਸਨ। ਕੈਪਟਨ ਨੇ ਕਿਹਾ ਕਿ ਕੇਂਦਰ ਨੇ ਕਰਮਚਾਰੀਆਂ ਦੀ ਮੰਗ ਪੂਰੀ ਕਰ ਦਿੱਤੀ ਤਾਂ ਇਸ ਨਾਲ ਚੰਡੀਗੜ੍ਹ ’ਤੇ ਪੰਜਾਬ ਦਾ ਦਾਅਵਾ ਕਿਸ ਤਰ੍ਹਾਂ ਕਮਜ਼ੋਰ ਹੋਇਆ। ਕੈਪਟਨ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਦੇ ਖਿਲਾਫ ਕੋਈ ਕਦਮ ਉਠਾਇਆ ਗਿਆ ਤਾਂ ਉਹ ਸਭ ਤੋਂ ਪਹਿਲਾਂ ਵਿਰੋਧ ਕਰਨਗੇ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕਿਹਾ ਸੀ ਕਿ ਪੰਜਾਬ ਦੇ ਹੱਕਾਂ ਲਈ ਮਜ਼ਬੂਤੀ ਨਾਲ ਲੜਾਂਗੇ। ਧਿਆਨ ਰਹੇ ਕਿ ਪਿਛਲੇ ਦਿਨੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ਲਈ ਸੈਂਟਰਲ ਸਰਵਿਸ ਰੂਲਜ਼ ਦਾ ਐਲਾਨ ਕਰ ਦਿੱਤਾ ਸੀ, ਜਿਸਦਾ ਭਾਜਪਾ ਤੇ ਉਸਦੀਆਂ ਸਹਿਯੋਗੀ ਪਾਰਟੀਆਂ ਨੂੰ ਛੱਡ ਕੇ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਵਿਰੋਧ ਕਰ ਰਹੀਆਂ ਹਨ।