-3.7 C
Toronto
Wednesday, December 3, 2025
spot_img
Homeਪੰਜਾਬਪੰਜਾਬ 'ਚ ਨਿੱਜੀ ਸਕੂਲ ਹੁਣ ਨਹੀਂ ਵਧਾ ਸਕਣਗੇ ਫੀਸਾਂ

ਪੰਜਾਬ ‘ਚ ਨਿੱਜੀ ਸਕੂਲ ਹੁਣ ਨਹੀਂ ਵਧਾ ਸਕਣਗੇ ਫੀਸਾਂ

ਸਕੂਲਾਂ ਦੀਆਂ ਵਰਦੀਆਂ ਤੇ ਕਿਤਾਬਾਂ ਵੀ ਮਾਪੇ ਆਪਣੀ ਸਹੂਲਤ ਅਨੁਸਾਰ ਖਰੀਦ ਸਕਣਗੇ : ਭਗਵੰਤ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਿੱਜੀ ਸਕੂਲਾਂ ਵਲੋਂ ਵਧਾਈਆਂ ਜਾਂਦੀਆਂ ਫੀਸਾਂ ‘ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਸਿੱਖਿਆ ਨਾਲ ਸਬੰਧਤ ਦੋ ਵੱਡੇ ਫੈਸਲੇ ਲਏ ਗਏ ਹਨ। ਭਗਵੰਤ ਮਾਨ ਵਲੋਂ ਤੁਰੰਤ ਪ੍ਰਭਾਵ ਨਾਲ ਨਿੱਜੀ ਸਕੂਲਾਂ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਇਸ ਸਮੈਸਟਰ ਤੋਂ ਇਕ ਰੁਪਈਆ ਵੀ ਫੀਸ ਨਹੀਂ ਵਧਾਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਫੀਸ ਵਧਾਉਣ ਬਾਰੇ ਆਉਣ ਵਾਲੇ ਦਿਨਾਂ ਵਿਚ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕੋਈ ਵੀ ਸਕੂਲ ਪ੍ਰਸ਼ਾਸਨ ਵਿਦਿਆਰਥੀਆਂ ਲਈ ਵਰਦੀ ਅਤੇ ਕਿਤਾਬਾਂ ਦੀ ਖਰੀਦ ਲਈ ਕਿਸੇ ਖਾਸ ਦੁਕਾਨ ਦਾ ਪਤਾ ਨਹੀਂ ਦੱਸ ਸਕੇਗਾ ਅਤੇ ਮਾਪੇ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਦੁਕਾਨ ਤੋਂ ਵਰਦੀ ਅਤੇ ਕਿਤਾਬਾਂ ਖਰੀਦ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਦੇ ਮਾਪਿਆਂ ਦੀ ਕਿਸੇ ਵੀ ਤਰ੍ਹਾਂ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ। ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਐਨੀ ਮਹਿੰਗੀ ਹੋ ਚੁੱਕੀ ਹੈ ਕਿ ਇਹ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੁੰਦੀ ਜਾ ਰਹੀ ਹੈ। ਮਾਪੇ ਆਪਣੇ ਬੱਚਿਆਂ ਨੂੰ ਚੰਗੀ ਸਿੱਖਿਆ ਦਿਵਾਉਣਾ ਚਾਹੁੰਦੇ ਹਨ ਪਰ ਉਨ੍ਹਾਂ ਦੀ ਜੇਬ ਇਜਾਜ਼ਤ ਨਹੀਂ ਦੇ ਰਹੀ। ਮਜਬੂਰੀਵੱਸ ਮਾਪਿਆਂ ਨੂੰ ਬੱਚੇ ਸਕੂਲਾਂ ਤੋਂ ਹਟਾਉਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਹਰ ਬੱਚੇ ਨੂੰ ਵਧੀਆ ਸਿੱਖਿਆ ਦੇਣਾ ਚਾਹੁੰਦੀ ਹੈ, ਇਹ ਫ਼ੈਸਲਾ ਲੋਕ ਹਿੱਤ ‘ਚ ਲਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ‘ਚ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਵਿਦਿਅਕ ਸੈਸ਼ਨ 2022-23 ਦੇ ਮੌਜੂਦਾ ਸਮੈਸਟਰ ਦੌਰਾਨ ਫੀਸ ਵਿੱਚ ਵਾਧਾ ਨਹੀਂ ਕਰ ਸਕਣਗੇ। ਇਸ ਬਾਰੇ ਨੀਤੀ ਸਕੂਲੀ ਬੱਚਿਆਂ ਦੇ ਮਾਪਿਆਂ, ਸਕੂਲ ਪ੍ਰਬੰਧਕਾਂ, ਪ੍ਰਿੰਸੀਪਲਾਂ ਅਤੇ ਹੋਰ ਸਬੰਧਤ ਧਿਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਉਲੀਕੀ ਜਾਵੇਗੀ, ਜਿਸ ਦਾ ਐਲਾਨ ਆਉਣ ਵਾਲੇ ਦਿਨਾਂ ਵਿੱਚ ਕੀਤਾ ਜਾਵੇਗਾ।
ਕਿਤਾਬਾਂ-ਵਰਦੀਆਂ ਦੀ ਖਰੀਦ ਬਾਰੇ ਵੀ ਬਣੇਗੀ ਨਵੀਂ ਨੀਤੀ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਤਾਬਾਂ ਅਤੇ ਵਰਦੀਆਂ ਦੀ ਖਰੀਦ ਬਾਰੇ ਨੀਤੀ ਵੀ ਛੇਤੀ ਲਿਆਂਦੀ ਜਾਵੇਗੀ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ‘ਚ ਸਿੱਖਿਆ ਦੇ ਪੱਧਰ ‘ਚ ਸੁਧਾਰ ਦਾ ਮੁੱਦਾ ਜ਼ੋਰ-ਸ਼ੋਰ ਨਾਲ ਚੁੱਕਿਆ ਗਿਆ ਸੀ। ‘ਆਪ’ ਨੇ ਪੰਜਾਬ ਵਿੱਚ ਦਿੱਲੀ ਦੇ ਸਿੱਖਿਆ ਪ੍ਰਬੰਧਾਂ ਅਤੇ ਇਮਾਰਤਾਂ ਦਾ ਹਵਾਲਾ ਦੇ ਕੇ ਪੰਜਾਬ ਸਰਕਾਰ ਨੂੰ ਵੀ ਕਈ ਵਾਰ ਘੇਰਿਆ ਸੀ।

 

RELATED ARTICLES
POPULAR POSTS