ਸੀਸੀਟੀਵੀ ਕੈਮਰੇ ਤੇ ਬੈਰੀਅਰ ਤੋੜੇ, ਗੇਟ ਉਤੇ ਰੰਗ ਸੁੱਟਿਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਯੂਥ ਵਿੰਗ ਦੇ ਕਾਰਕੁਨਾਂ ਨੇ ਬੁੱਧਵਾਰ ਨੂੰ ਵਿਰੋਧ ਪ੍ਰਦਰਸ਼ਨ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਤੇ ਬੈਰੀਅਰ ਤੋੜ ਦਿੱਤੇ। ਇਸ ਤੋਂ ਬਾਅਦ ਉਨ੍ਹਾਂ ਰਿਹਾਇਸ਼ ਦੇ ਮੁੱਖ ਗੇਟ ਉਤੇ ਪੇਂਟ ਸੁੱਟ ਦਿੱਤਾ। ਇਸੇ ਦੌਰਾਨ ਬੂਮ ਬੈਰੀਅਰ ਵੀ ਤੋੜ ਦਿੱਤਾ ਗਿਆ। ਯੂਥ ਵਿੰਗ ਦੇ ਕਾਰਕੁਨ ਇੱਥੇ ਕੇਜਰੀਵਾਲ ਵੱਲੋਂ ‘ਕਸ਼ਮੀਰ ਫਾਈਲਜ਼’ ਫਿਲਮ ਬਾਰੇ ਕੀਤੀ ਟਿੱਪਣੀ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਸਨ। ਕੇਜਰੀਵਾਲ ਦੀ ਟਿੱਪਣੀ ਤੋਂ ਬਾਅਦ ਦੋਵਾਂ ਪਾਰਟੀਆਂ ਵਿਚਾਲੇ ਖਿੱਚੋਤਾਣ ਕਾਫ਼ੀ ਵਧੀ ਹੋਈ ਹੈ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਭਾਜਪਾ ‘ਤੇ ਵਰ੍ਹਦਿਆਂ ਆਰੋਪ ਲਾਇਆ ਕਿ ਇਹ ਕੇਜਰੀਵਾਲ ਨੂੰ ਮਾਰਨ ਦੀ ‘ਸਾਜਿਸ਼’ ਸੀ ਕਿਉਂਕਿ ਭਗਵਾਂ ਪਾਰਟੀ ਚੋਣਾਂ ‘ਚ ‘ਆਪ’ ਨੂੰ ਹਰਾਉਣ ਵਿਚ ਨਾਕਾਮ ਰਹੀ ਹੈ। ਦਿੱਲੀ ਪੁਲਿਸ ਨੇ ਇਸ ਮਾਮਲੇ ਵਿਚ ਅਣਪਛਾਤਿਆਂ ਖਿਲਾਫ ਕੇਸ ਦਰਜ ਕਰ ਲਿਆ ਹੈ। ਡੀਸੀਪੀ (ਉੱਤਰ) ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕੀਤਾ ਗਿਆ ਹੈ ਤੇ ਜਾਂਚ ਜਾਰੀ ਹੈ। ਗ੍ਰਿਫ਼ਤਾਰੀਆਂ ਲਈ ਟੀਮਾਂ ਭੇਜੀਆਂ ਗਈਆਂ ਹਨ।
ਕੇਜਰੀਵਾਲ ਦੀ ਹੱਤਿਆ ਕਰਨਾ ਚਾਹੁੰਦੀ ਹੈ ਭਾਜਪਾ: ਸਿਸੋਦੀਆ
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਰੋਪ ਲਾਇਆ ਕਿ ਭਾਜਪਾ ਹਾਲੀਆ ਪੰਜਾਬ ਚੋਣਾਂ ‘ਚ ਅਰਵਿੰਦ ਕੇਜਰੀਵਾਲ ਨੂੰ ਨਹੀਂ ਹਰਾ ਸਕੀ ਤੇ ਹੁਣ ਉਨ੍ਹਾਂ ਦੀ ਹੱਤਿਆ ਕਰਨਾ ਚਾਹੁੰਦੀ ਹੈ। ਸਿਸੋਦੀਆ ਨੇ ਆਰੋਪ ਲਾਇਆ ਕਿ ਇਹ ਘਟਨਾ ਇਸ ਗੱਲ ਦਾ ਸਬੂਤ ਹੈ ਕਿ ਭਾਜਪਾ ਪੁਲਿਸ ਦੀ ਮਦਦ ਨਾਲ ਕੇਜਰੀਵਾਲ ਨੂੰ ਮਾਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਯੋਜਨਾਬੱਧ ਸੀ ਤੇ ‘ਆਪ’ ਇਸ ਘਟਨਾ ਬਾਰੇ ਸ਼ਿਕਾਇਤ ਦਰਜ ਕਰਵਾਏਗੀ।
ਕੇਜਰੀਵਾਲ ਦੀ ਰਿਹਾਇਸ਼ ‘ਤੇ ਹਮਲਾ ਕਾਇਰਤਾ ਪੂਰਨ ਕਾਰਵਾਈ: ਭਗਵੰਤ ਮਾਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਪੁਲਿਸ ਦੀ ਮੌਜੂਦਗੀ ਵਿਚ ‘ਹਮਲਾ’ ਕਾਇਰਤਾ ਪੂਰਨ ਕਾਰਵਾਈ ਹੈ ਜੋ ਦਿਖਾਉਂਦਾ ਹੈ ਕਿ ਭਾਜਪਾ ਹੁਣ ‘ਆਪ’ ਤੋਂ ਡਰੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਹੱਥੋਂ ਮਿਲੀ ਕਰਾਰੀ ਹਾਰ ਤੋਂ ਬਾਅਦ ਭਾਜਪਾ ਬੁਖਲਾਹਟ ਵਿਚ ਹੈ। ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੀ ਹਾਜ਼ਰੀ ਵਿੱਚ ਅਜਿਹਾ ਹੋਣਾ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦਾ ਹੈ। ਪੰਜਾਬ ਦੇ ਮੰਤਰੀ ਗੁਰਮੀਤ ਸਿੰਘ ਹੇਅਰ ਨੇ ਟਵੀਟ ਕੀਤਾ ਕਿ ਦੇਸ਼ ਦੇ ਸ਼ਾਸਕ ਡਰੇ ਹੋਏ ਹਨ। ਹੇਅਰ ਤੋਂ ਇਲਾਵਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਘਟਨਾ ਦੀ ਨਿਖੇਧੀ ਕੀਤੀ ਹੈ।