ਹੁਣ ਸਾਲ ‘ਚ 7 ਵਾਰ ਪਾਕਿਸਤਾਨ ਜਾ ਸਕਣਗੇ ਸਿੱਖ ਸ਼ਰਧਾਲੂ
ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ ਹੋਰ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਹੁਣ ਸਾਲ ਵਿਚ 7 ਵਾਰ ਸੰਗਤਾਂ ਜਾ ਸਕਣਗੀਆਂ ਅਤੇ ਪਹਿਲਾਂ ਇਕ ਸਾਲ ਵਿਚ ਸਿਰਫ 4 ਵਾਰ ਹੀ ਭਾਰਤੀ ਸੰਗਤਾਂ ਨੂੰ ਜਾਣ ਦੀ ਇਜਾਜਤ ਸੀ। ਇਮਰਾਨ ਖਾਨ ਸਰਕਾਰ ਦੇ ਇਸ ਫੈਸਲੇ ਨਾਲ ਸਿੱਖ ਸੰਗਤਾਂ ਵਿਚ ਖੁਸ਼ੀ ਦੀ ਲਹਿਰ ਦੇਖੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲਹਿੰਦੇ ਪੰਜਾਬ ਤੋਂ ਮੰਤਰੀ ਮਹਿੰਦਰਪਾਲ ਸਿੰਘ ਨੇ ਦੱਸਿਆ ਕਿ ਇਮਰਾਨ ਸਰਕਾਰ ਨੇ ਇਸ ਸਬੰਧੀ ਫੈਸਲਾ ਲੈ ਲਿਆ ਹੈ ਕਿ ਸਾਲ ਵਿਚ ਹੁਣ 4 ਦੀ ਬਜਾਏ 7 ਵਾਰ ਸਿੱਖ ਸੰਗਤਾਂ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਕਰਨ ਲਈ ਜਾ ਸਕਣਗੀਆਂ। ਮਹਿੰਦਰਪਾਲ ਸਿੰਘ ਨੇ ਕਿਹਾ ਕਿ ਜੋ ਕੰਮ ਇਮਰਾਨ ਸਰਕਾਰ ਨੇ ਘੱਟ ਗਿਣਤੀਆਂ ਖਾਸ ਕਰਕੇ ਸਿੱਖ ਭਾਈਚਾਰੇ ਲਈ ਕੀਤੇ ਹਨ, ਉਹ ਅਜ਼ਾਦੀ ਤੋਂ ਬਾਅਦ ਅੱਜ ਤੱਕ ਕਿਸੇ ਵੀ ਸਰਕਾਰ ਨੇ ਨਹੀਂ ਕੀਤੇ। ਜ਼ਿਕਰਯੋਗ ਹੈ ਕਿ ਪਾਕਿਸਤਾਨ ਵਿਚ ਇਮਰਾਨ ਖਾਨ ਦੀ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਪੇਸ਼ ਹੋਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਡਿੱਗ ਸਕਦੀ ਹੈ, ਪਰ ਪਾਕਿਸਤਾਨ ਵਿਚ ਰਹਿ ਰਹੇ ਹਿੰਦੂ ਅਤੇ ਸਿੱਖ ਵਸਨੀਕਾਂ ਦਾ ਮੰਨਣਾ ਹੈ ਕਿ ਇਮਰਾਨ ਖਾਨ ਸਰਕਾਰ ਨੂੰ ਆਪਣਾ ਕਾਰਜਕਾਲ ਪੂਰਾ ਕਰਨ ਦੇਣਾ ਚਾਹੀਦਾ ਹੈ।
ਇਨ੍ਹਾਂ ਸੱਤ ਦਿਹਾੜਿਆਂ ‘ਤੇ ਸਿੱਖ ਜੱਥੇ ਜਾ ਸਕਣਗੇ ਪਾਕਿਸਤਾਨ : ਪਹਿਲਾਂ ਵਿਸਾਖੀ, ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ, ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਹੀ ਸਿੱਖ ਸ਼ਰਧਾਲੂਆਂ ਦੇ ਜੱਥੇ ਪਾਕਿ ਜਾਂਦੇ ਸਨ ਪਰ ਹੁਣ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 9 ਅਕਤੂਬਰ ਨੂੰ ਚੂਨਾ ਮੰਡੀ ਲਾਹੌਰ ਵਿਖੇ ਗੁਰਪੁਰਬ ਮਨਾਉਣ ਲਈ, ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ (29 ਸਤੰਬਰ) ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਮਨਾਉਣ ਲਈ ਤੇ ਸਾਕਾ ਨਨਕਾਣਾ ਸਾਹਿਬ 21 ਫਰਵਰੀ ਨੂੰ ਮਨਾਉਣ ਲਈ ਵੀ ਸਿੱਖ ਸ਼ਰਧਾਲੂਆਂ ਦੇ ਜੱਥੇ ਪਾਕਿਸਤਾਨ ਜਾ ਸਕਣਗੇ।
ਕਰਤਾਰਪੁਰ ਲਾਂਘਾ ਖੋਲ੍ਹਣਾ ਇਮਰਾਨ ਦਾ ਵੱਡਾ ਕੰਮ
ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਨੇ ਦੱਸਿਆ ਕਿ ਭਾਵੇਂ ਉਹ ਮੁਸਲਿਮ ਲੀਗ ਪਾਰਟੀ ਨਾਲ ਸਬੰਧ ਰੱਖਦੇ ਹਨ ਪਰ ਜੋ ਇਮਰਾਨ ਖ਼ਾਨ ਸਰਕਾਰ ਨੇ ਨਵਜੋਤ ਸਿੱਧੂ ਨਾਲ ਮਿਲ ਕੇ ਕਰਤਾਰਪੁਰ ਲਾਂਘਾ ਖੋਲ੍ਹਿਆ ਹੈ ਉਸ ਲਈ ਦੁਨੀਆ ਭਰ ਦੇ ਸਿੱਖ ਉਨ੍ਹਾਂ ਦੀ ਪ੍ਰਸ਼ੰਸਾ ਕਰਦੇ ਹਨ। 1947 ਦੀ ਵੰਡ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਵਿਛੜੇ ਪਰਿਵਾਰ ਵੀ ਇਸ ਲਾਂਘੇ ਦਾ ਲਾਭ ਲੈਂਦੇ ਹੋਏ ਇਕ ਦੂਸਰੇ ਨੂੰ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਪਾਕਿ ‘ਚ ਹਰ ਧਰਮ ਦੇ ਲੋਕਾਂ ਨੂੰ ਬਰਾਬਰ ਦਾ ਸਤਿਕਾਰ ਦਿੱਤਾ ਜਾ ਰਿਹਾ ਹੈ। ਪਾਕਿਸਤਾਨ ਦੀ ਇਮਰਾਨ ਸਰਕਾਰ ਨੂੰ ਆਪਣਾ ਕਾਰਜਕਾਲ ਪੂਰਾ ਕਰਨ ਦੇਣਾ ਚਾਹੀਦਾ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …