ਪੰਜਾਬ ਵਿਧਾਨ ਸਭਾ ’ਚ ਸਰਬਸੰਮਤੀ ਨਾਲ ਮਤਾ ਪਾਸ, ਕਾਂਗਰਸ ਤੇ ਅਕਾਲੀ ਦਲ ਨੇ ਵੀ ਕੀਤਾ ਸਮਰਥਨ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਚੰਡੀਗੜ੍ਹ ’ਚ ਮੁਲਾਜ਼ਮਾਂ ’ਤੇ ਕੇਂਦਰੀ ਨਿਯਮ ਲਾਗੂ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਖਿਲਾਫ਼ ਪੇਸ਼ ਕੀਤੇ ਗਏ ਮਤੇ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਇਹ ਮਤਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ’ਚ ਪੇਸ਼ ਕੀਤਾ ਗਿਆ, ਜਿਸ ਦਾ ਕਾਂਗਰਸ, ਸ਼ੋ੍ਰਮਣੀ ਅਕਾਲੀ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਵੀ ਸਮਰਥਨ ਕੀਤਾ ਗਿਆ। ਜਿਸ ਤੋਂ ਬਾਅਦ ਸਦਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ। ਜਦਕਿ ਭਾਰਤੀ ਜਨਤਾ ਪਾਰਟੀ ਵੱਲੋਂ ਇਸ ਦਾ ਵਿਰੋਧ ਕਰਦੇ ਹੋਏ ਪੰਜਾਬ ਸਰਕਾਰ ਦੀ ਮਨਸ਼ਾ ’ਤੇ ਸਵਾਲ ਖੜ੍ਹੇ ਕੀਤੇ ਗਏ। ਪੇਸ਼ ਕੀਤਾ ਗਿਆ ਮਤਾ ਸਰਬਸੰਮਤੀ ਨਾਲ ਪਾਸ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਉਹ ਸਦਨ ਦੇ ਅੰਦਰ-ਬਾਹਰ ਅਤੇ ਸੜਕਾਂ ’ਤੇ ਵੀ ਲੜਾਈ ਲੜਨ ਲਈ ਤਿਆਰ ਹਨ। ਮਾਨ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਨੂੰ ਰੋਕਣ ਲਈ ਕਈਆਂ ਨੇ ਕੋਸ਼ਿਸ਼ ਕੀਤੀ ਪ੍ਰੰਤੂ ਪੰਜਾਬ ਹਮੇਸ਼ਾ ਦੁੱਗਣੀ ਤਾਕਤ ਨਾਲ ਉਭਰ ਕੇ ਸਾਹਮਣੇ ਆਉਂਦਾ ਰਿਹਾ ਹੈ।
ਭਗਵੰਤ ਮਾਨ ਅੱਗੇ ਕਿਹਾ ਕਿ ਪੰਜਾਬ ਨਾਲ ਜੋ ਧੱਕਾ ਕੇਂਦਰ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਇਸ ਦੀ ਅਸੀਂ ਸਖਤ ਸ਼ਬਦਾਂ ’ਚ ਨਿਖੇਧੀ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਕਦੇ ਵੀ ਪੰਜਾਬ ਦੇ ਹੱਕਾਂ ਲਈ ਦੋਗਲੀ ਨੀਤੀ ਨਹੀਂ ਅਪਣਾਵਾਂਗੇ ਅਤੇ ਅਸੀਂ ਜੋ ਕੰਮ ਕਰਾਂਗੇ ਉਹ ਡੰਕੇ ਦੀ ਚੋਟ ’ਤੇ ਕਰਾਂਗੇ। ਉਨ੍ਹਾਂ ਅੱਗੇ ਕਿਹਾ ਕਿ ਹੁਣ ਤੱਕ ਪੰਜਾਬ ਦੇ ਲੋਕਾਂ ਨੂੰ ਜੋ ਘਾਟਾ ਪਿਆ ਹੈ, ਸਭ ਤੋਂ ਪਹਿਲਾਂ ਉਸ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੂੰ ਪੰਜਾਬ ਅਤੇ ਪੰਜਾਬੀਅਤ ਲਈ ਜਿੱਥੇ ਵੀ ਲੜਾਈ ਲੜਨਗੀ ਪਵੇਗੀ ਉਹ ਅਸੀਂ ਲੜਾਂਗੇ ਕਿਉਂਕਿ ਅਸੀਂ ਪੰਜਾਬ ਨੂੰ ਦੇਸ਼ ਦਾ ਸਿਰਮੌਰ ਸੂਬਾ ਬਣਾਉਣਾ ਹੈ। ਇਸ ਦੌਰਾਨ ਉਨ੍ਹਾਂ ਸਦਨ ’ਚ ਮੌਜੂਦ ਵਿਰੋਧੀ ਪਾਰਟੀਆਂ ਵਿਸ਼ਵਾਸ ਦਿਵਾਇਆ ਕਿ ਉਹ ਜਲਦੀ ਹੀ ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਧਿਆਨ ਰਹੇ ਕਿ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਣ ਵਾਲੇ ਮੁਲਾਜ਼ਮਾਂ ਲਈ ਸੈਂਟਰਲ ਸਰਵਿਸਿਜ਼ ਰੂਲਜ਼ ਨੂੰ ਲਾਗੂ ਕਰ ਦਿੱਤਾ ਗਿਆ ਹੈ, ਜਿਸ ਦਾ ਪੰਜਾਬ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ।