ਚੰਡੀਗੜ੍ਹ ਮਾਮਲੇ ਸਬੰਧੀ ਹਰਿਆਣਾ ਨੇ ਵੀ ਭਲਕੇ 5 ਅਪ੍ਰੈਲ ਨੂੰ ਸੱਦਿਆ ਇਜਲਾਸ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਦੇ ਮਾਮਲੇ ’ਤੇ ਭਾਜਪਾ ਨੂੰ ਛੱਡ ਕੇ ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਇਸ ਦੌਰਾਨ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਵੀ ਇਕ ਟਵੀਟ ਕੀਤਾ ਗਿਆ ਹੈ। ਸਿੱਧੂ ਦਾ ਕਹਿਣਾ ਹੈ ਕਿ ਪੰਜਾਬ ਦੇ 27 ਪਿੰਡ ਉਜਾੜ ਕੇ ਬਣਾਇਆ ਗਿਆ ਚੰਡੀਗੜ੍ਹ ਪੰਜਾਬ ਦਾ ਸੀ ਅਤੇ ਪੰਜਾਬ ਦਾ ਹੀ ਰਹੇਗਾ। ਸਿੱਧੂ ਦਾ ਕਹਿਣਾ ਹੈ ਕਿ ਚੰਡੀਗੜ੍ਹ ਤਾਂ ਬਹਾਨਾ ਹੈ, ਪੰਜਾਬ ਦੇ ਦਰਿਆਈ ਪਾਣੀਆਂ ’ਤੇ ਨਿਸ਼ਾਨਾ ਹੈ। ਇਸੇ ਦੌਰਾਨ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਨੂੰ ਲੈ ਕੇ ਦੋਵਾਂ ਸੂਬਿਆਂ ਵਿਚਾਲੇ ਸਿਆਸਤ ਵੀ ਤੇਜ਼ ਹੋ ਗਈ ਹੈ। ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੰਡੀਗੜ੍ਹ ’ਤੇ ਸਿਰਫ਼ ਆਪਣਾ ਦਾਅਵਾ ਕਰਦੇ ਹੋਏ ਵਿਧਾਨ ਸਭਾ ਵਿਚ ਜਿਵੇਂ ਮਤਾ ਪਾਸ ਕੀਤਾ ਸੀ, ਉਸ ਕਾਰਨ ਹਰਿਆਣਾ ਸੂਬਾ ਗੁੱਸੇ ਵਿਚ ਹੈ। ਇਸੇ ਦੌਰਾਨ ਹਰਿਆਣਾ ਦੀ ਭਾਜਪਾ-ਜਜਪਾ ਗੱਠਜੋੜ ਦੀ ਅਗਵਾਈ ਵਾਲੀ ਮਨੋਹਰ ਲਾਲ ਖੱਟਰ ਸਰਕਾਰ ਨੇ ਚੰਡੀਗੜ੍ਹ ’ਤੇ ਆਪਣਾ ਦਾਅਵਾ ਬਰਕਰਾਰ ਰੱਖਦੇ ਹੋਏ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਭਲਕੇ 5 ਅਪ੍ਰੈਲ ਨੂੰ ਸੱਦ ਕੇ ਪੰਜਾਬ ਨੂੰ ਜਵਾਬ ਦੇਣ ਦੀ ਤਿਆਰੀ ਕਰ ਲਈ ਹੈ।