ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾਰਾਂ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਪਾਣੀ ਦੇ ਵਧਾਏ ਗਏ ਰੇਟਾਂ ਖਿਲਾਫ ਆਮ ਆਦਮੀ ਪਾਰਟੀ ਨੇ ਰੋਸ ਪ੍ਰਦਰਸ਼ਨ ਕੀਤਾ ਹੈ। ਪ੍ਰਦਰਸ਼ਨਕਾਰੀਆਂ ਨੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ। ਆਮ ਆਦਮੀ ਪਾਰਟੀ ਵਲੋਂ ਭਾਜਪਾ ਦੀਆਂ ਨੀਤੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਦੋਂ ਪੁਲਿਸ ਨੇ ਸੈਕਟਰ 17 ਵਿਚ ਬੈਰੀਕੇਡ ਲਗਾ ਕੇ ‘ਆਪ’ ਦੇ ਪ੍ਰਦਰਸ਼ਨਕਾਰੀਆਂ ਨੂੰ ਰੋਕਿਆ ਤਾਂ ਦੋਵਾਂ ਵਿਚਾਲੇ ਝੜਪ ਵੀ ਹੋਈ। ਪੁਲਿਸ ਨੇ ਬਚਾਅ ਲਈ ਵਾਟਰ ਕੈਨਨ ਦਾ ਇਸਤੇਮਾਲ ਵੀ ਕੀਤਾ। ਆਮ ਆਦਮੀ ਪਾਰਟੀ ਦੇ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਮਹਿੰਗਾਈ ਦੀ ਮਾਰ ਪੈ ਰਹੀ ਹੈ ਅਤੇ ਹੁਣ ਚੰਡੀਗੜ੍ਹ ਪ੍ਰਸ਼ਾਸਨ ਨੇ ਪਾਣੀ ਦੇ ਰੇਟ ਵਧਾ ਦਿੱਤੇ ਹਨ। ਉਨ੍ਹਾਂ ਦਾ ਕਹਿਣਾ ਸੀ ਚੰਡੀਗੜ੍ਹ ਪ੍ਰਸ਼ਾਸਨ ਨੂੰ ਇਸ ਬਾਰੇ ਸੋਚਣਾ ਚਾਹੀਦਾ ਹੈ। ਇਸ ਰੋਸ ਪ੍ਰਦਰਸ਼ਨ ਵਿਚ ਆਮ ਆਦਮੀ ਪਾਰਟੀ ਦੇ ਆਗੂ ਪਰੇਮ ਗਰਗ ਅਤੇ ਪਰਦੀਪ ਛਾਬੜਾ ਸਣੇ ਹੋਰ ਕੌਂਸਲਰ ਵੀ ਪਹੁੰਚੇ ਹੋਏ ਸਨ।

