ਪਰਗਟ ਸਿੰਘ ਬੋਲੇ, ਨਵੀਂ ਬੋਤਲ ’ਚ ਪੁਰਾਣੀ ਸ਼ਰਾਬ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਣਾਈ ਗਈ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ। ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਇਸ ਨੂੰ ਨਵੀਂ ਬੋਤਲ ਵਿਚ ਪੁਰਾਣੀ ਸ਼ਰਾਬ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿਚ ਪਹਿਲਾਂ ਹੀ ਆਰਗੇਨਾਈਜਡ ਕਰਾਈਮ ਕੰਟਰੋਲ ਯੂਨਿਟ (ਓਸੀਸੀਯੂ) ਬਣੀ ਹੋਈ ਹੈ। ਇਹ ਵੀ ਗੈਂਗਸਟਰਾਂ ’ਤੇ ਕਾਰਵਾਈ ਲਈ ਬਣੀ ਸੀ। ਪਰਗਟ ਸਿੰਘ ਨੇ ਕਿਹਾ ਕਿ ਸਾਡੇ ਕੋਲ ਪਹਿਲਾਂ ਹੀ ਟੀਮ ਹੈ, ਜ਼ਰੂਰਤ ਰਾਜਨੀਤਕ ਇੱਛਾਸ਼ਕਤੀ ਦੀ ਹੈ। ਧਿਆਨ ਰਹੇ ਕਿ ਪੰਜਾਬ ਪੁਲਿਸ ਨੇ 2018 ਵਿਚ ਆਰਗੇਨਾਈਜਡ ਕਰਾਈਮ ਕੰਟਰੋਲ ਬਿਊਰੋ ਗਠਿਤ ਕੀਤੀ ਸੀ। ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਸਨ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਵਿਚ ਪੁਲਿਸ ਅਫਸਰਾਂ ਨਾਲ ਹੋਈ ਮੀਟਿੰਗ ’ਚ ਐਂਟੀ ਗੈਂਗਸਟਰ ਟਾਸਕ ਫੋਰਸ ਬਣਾਉਣ ਦਾ ਫੈਸਲਾ ਕੀਤਾ ਗਿਆ ਸੀ।