ਨਸ਼ਾ ਤਸਕਰੀ ਦੇ ਮਾਮਲੇ ਵਿਚ ਪਟਿਆਲਾ ਦੀ ਜੇਲ੍ਹ ‘ਚ ਬੰਦ ਹੈ ਮਜੀਠੀਆ
ਮੁਹਾਲੀ : ਨਸ਼ਾ ਤਸਕਰੀ ਦੇ ਮਾਮਲੇ ਵਿਚ ਘਿਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਮੁਹਾਲੀ ਅਦਾਲਤ ਨੇ 14 ਦਿਨਾਂ ਲਈ ਹੋਰ ਵਧਾ ਦਿੱਤੀ ਹੈ। ਅਦਾਲਤ ਨੇ ਅਕਾਲੀ ਆਗੂ ਨੂੰ 19 ਅਪਰੈਲ ਨੂੰ ਅਗਲੀ ਸੁਣਵਾਈ ਦੌਰਾਨ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਹੈ। ਧਿਆਨ ਰਹੇ ਕਿ ਮਜੀਠੀਆ ਨਸ਼ਾ ਤਸਕਰੀ ਦੇ ਮਾਮਲੇ ਵਿਚ ਪਟਿਆਲਾ ਦੀ ਜੇਲ੍ਹ ਵਿਚ ਹੈ। ਇਸ ਦੌਰਾਨ ਮਜੀਠੀਆ ਦੇ ਵਕੀਲਾਂ ਨੇ ਆਪਣੇ ਮੁਵੱਕਿਲ ਦੀ ਜਾਨ ਨੂੰ ਜੇਲ੍ਹ ਵਿੱਚ ਖ਼ਤਰਾ ਹੋਣ ਦੇ ਖਦਸ਼ੇ ਵੀ ਜਤਾਏ। ਮਜੀਠੀਆ ਨੇ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਿੱਚ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ।
ਮਜੀਠੀਆ ਦੀ ਜਾਨ ਨੂੰ ਜੇਲ੍ਹ ‘ਚ ਕੋਈ ਖਤਰਾ ਨਹੀਂ
ਮੁਹਾਲੀ : ਨਸ਼ਾ ਤਸਕਰੀ ਦੇ ਆਰੋਪਾਂ ਵਿੱਚ ਘਿਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪਟਿਆਲਾ ਜੇਲ੍ਹ ਵਿਚ ਆਪਣੀ ਜਾਨ ਨੂੰ ਖਤਰਾ ਦੱਸਦਿਆਂ ਮੁਹਾਲੀ ਅਦਾਲਤ ਵਿਚ ਅਰਜ਼ੀ ਦਿੱਤੀ ਸੀ। ਧਿਆਨ ਰਹੇ ਕਿ ਮਜੀਠੀਆ ਨਸ਼ਾ ਤਸਕਰੀ ਦੇ ਮਾਮਲੇ ਵਿਚ ਪਟਿਆਲਾ ਦੀ ਜੇਲ੍ਹ ਵਿਚ ਬੰਦ ਹੈ। ਇਸੇ ਦੌਰਾਨ ਮਜੀਠੀਆ ਵਲੋਂ ਦਿੱਤੀ ਗਈ ਅਰਜ਼ੀ ‘ਤੇ ਬੁੱਧਵਾਰ ਨੂੰ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਿੱਚ ਸੁਣਵਾਈ ਹੋਈ ਹੈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਦੀ ਤਰਫੋਂ ਸਰਕਾਰੀ ਵਕੀਲ ਸੰਜੀਵ ਬੱਤਰਾ ਅਤੇ ਪਟਿਆਲਾ ਦੀ ਜੇਲ੍ਹ ਦੇ ਸੁਪਰਡੈਂਟ ਸੁੱਚਾ ਸਿੰਘ ਪੇਸ਼ ਹੋਏ ਤੇ ਉਨ੍ਹਾਂ ਆਪਣਾ ਪੱਖ ਰੱਖਿਆ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਜੇਲ੍ਹ ਵਿੱਚ ਮਜੀਠੀਆ ਦੀ ਜਾਨ ਨੂੰ ਕੋਈ ਖਤਰਾ ਨਹੀਂ ਹੈ। ਸੁਪਰਡੈਂਟ ਨੇ ਇੱਥੋਂ ਤੱਕ ਕਿਹਾ ਕਿ ਉਹ ਖੁਦ ਬੈਰਕ ਦੇ ਬਾਹਰ ਕੁਰਸੀ ਡਾਹ ਕੇ ਬੈਠਣ ਨੂੰ ਤਿਆਰ ਹਨ। ਉਨ੍ਹਾਂ ਕਿਹਾ ਕਿ ਜੇਲ੍ਹ ਦੇ ਨਿਯਮਾਂ ਮੁਤਾਬਕ ਹੀ ਮਜੀਠੀਆ ਦੀ ਬੈਰਕ ਬਦਲੀ ਗਈ ਹੈ। ਇਸੇ ਦੌਰਾਨ ਮੁਹਾਲੀ ਅਦਾਲਤ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਬਿਕਰਮ ਮਜੀਠੀਆ ਦੀ ਅਰਜ਼ੀ ‘ਤੇ ਮੁਹਾਲੀ ਅਦਾਲਤ ‘ਚ ਹੋਈ ਸੁਣਵਾਈ ਮੌਕੇ ਮਜੀਠੀਆ ਦੀ ਪਤਨੀ ਗਨੀਵ ਕੌਰ ਵੀ ਹਾਜ਼ਰ ਰਹੇ।
ਧਿਆਨ ਰਹੇ ਕਿ ਲੰਘੇ ਕੱਲ੍ਹ ਮਜੀਠੀਆ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੀ ਹਾਜ਼ਰੀ ਲਗਾਉਣ ਸਮੇਂ ਅਦਾਲਤ ਨੂੰ ਸੰਬੋਧਨ ਹੁੰਦਿਆਂ ਕਿਹਾ ਸੀ ਕਿ ਜੇਲ੍ਹ ਵਿੱਚ ਸਾਰਾ ਕੁੱਝ ਠੀਕ ਨਹੀਂ ਹੈ ਅਤੇ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …