ਪੰਜਾਬ ‘ਚ 21 ਦਿਨਾਂ ਦੌਰਾਨ 18 ਕਤਲ
ਪੰਜਾਬ ਜਿੱਤਣ ਤੋਂ ਬਾਅਦ ‘ਆਪ’ ਦੀ ਨਿਗ੍ਹਾ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ‘ਤੇ ਟਿਕੀ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਪੰਜਾਬ ਜਿੱਤਣ ਤੋਂ ਬਾਅਦ ਹੁਣ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵੱਲ ਨੂੰ ਕਦਮ ਵਧਾ ਦਿੱਤੇ ਹਨ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਚ ਰੋਡ ਸ਼ੋਅ ਵੀ ਕੀਤਾ ਹੈ। ਉਧਰ ਦੂਜੇ ਪਾਸੇ ਜੇਕਰ ਪੰਜਾਬ ਦੇ ਹਾਲਾਤ ‘ਤੇ ਨਜ਼ਰ ਮਾਰੀ ਜਾਵੇ ਤਾਂ ਕਾਨੂੰਨ ਵਿਵਸਥਾ ਫੇਲ੍ਹ ਹੁੰਦੀ ਦਿਸ ਰਹੀ ਹੈ। ਇਸ ਗੱਲ ਦਾ ਅੰਦਾਜ਼ਾ ਇਸ ਤੋਂ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਵਿਚ 21 ਦਿਨਾਂ ਦੌਰਾਨ 18 ਕਤਲ ਦੀਆਂ ਵਾਰਦਾਤਾਂ ਹੋ ਚੁੱਕੀਆਂ ਹਨ, ਜੋ ਚਿੰਤਾ ਦਾ ਵਿਸ਼ਾ ਹੈ। ਅਜਿਹੇ ਹਾਲਾਤ ਨੂੰ ਦੇਖਦਿਆਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੱਧੂ, ਪਰਗਟ ਸਿੰਘ ਅਤੇ ਮਨਜਿੰਦਰ ਸਿੰਘ ਸਿਰਸਾ ਨੇ ਭਗਵੰਤ ਮਾਨ ਸਰਕਾਰ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਅਜਿਹੀਆਂ ਘਟਨਾਵਾਂ ਨੂੰ ਰੋਕਣ ਦੀ ਬਜਾਏ ਗੁਜਰਾਤ ਅਤੇ ਹਿਮਾਚਲ ‘ਚ ਘੁੰਮ ਰਹੇ ਹਨ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਭਗਵੰਤ ਮਾਨ ਸਰਕਾਰ ਨੇ ਪਿਛਲੇ ਦਿਨੀਂ ਪੰਜਾਬ ‘ਚ ਐਂਟੀ ਗੈਂਗਸਟਰ ਟਾਸਕ ਫੋਰਸ ਵੀ ਬਣਾਈ ਹੈ। ਜਿਸ ਬਾਰੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਇਸ ਨੂੰ ਨਵੀਂ ਬੋਤਲ ਵਿਚ ਪੁਰਾਣੀ ਸ਼ਰਾਬ ਦੱਸਿਆ ਸੀ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿਚ ਪਹਿਲਾਂ ਹੀ ਆਰਗੇਨਾਈਜਡ ਕਰਾਈਮ ਕੰਟਰੋਲ ਯੂਨਿਟ (ਓਸੀਸੀਯੂ) ਬਣੀ ਹੋਈ ਹੈ। ਇਹ ਵੀ ਗੈਂਗਸਟਰਾਂ ‘ਤੇ ਕਾਰਵਾਈ ਲਈ ਬਣੀ ਸੀ। ਪਰਗਟ ਸਿੰਘ ਨੇ ਕਿਹਾ ਕਿ ਸਾਡੇ ਕੋਲ ਪਹਿਲਾਂ ਹੀ ਟੀਮ ਹੈ, ਜ਼ਰੂਰਤ ਰਾਜਨੀਤਕ ਇੱਛਾਸ਼ਕਤੀ ਦੀ ਹੈ।
ਵਿਰੋਧੀਆਂ ਦੇ ਨਿਸ਼ਾਨੇ ‘ਤੇ ‘ਆਪ’ ਸਰਕਾਰ
ਕਾਂਗਰਸੀ ਆਗੂ ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਜੰਗਲ ਰਾਜ ਵਰਗਾ ਮਾਹੌਲ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਚੁੱਪ ਹੈਰਾਨੀ ਭਰੀ ਹੈ ਜਦਕਿ ਗੁੰਡਾ ਅਨਸਰ ਹਥਿਆਰਾਂ ਸਮੇਤ ਘੁੰਮ ਰਹੇ ਹਨ। ਸਾਬਕਾ ਕਾਂਗਰਸੀ ਮੰਤਰੀ ਪਰਗਟ ਸਿੰਘ ਨੇ ਪੰਜਾਬ ‘ਚ ਅਮਨ-ਕਾਨੂੰਨ ਦੀ ਵਿਗੜ ਰਹੀ ਵਿਵਸਥਾ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਵਿਚ ਰੋਜ਼ਾਨਾ ਦੋ-ਤਿੰਨ ਕਤਲ ਹੋ ਰਹੇ ਹਨ ਅਤੇ ਥੋੜ੍ਹੇ ਦਿਨਾਂ ਵਿਚ ਹੀ ਡੇਢ ਦਰਜਨ ਨੌਜਵਾਨਾਂ ਦਾ ਕਤਲ ਹੋ ਚੁੱਕਾ ਹੈ। ਉਨ੍ਹਾਂ ਅਫ਼ਸੋਸ ਜ਼ਾਹਿਰ ਕੀਤਾ ਕਿ ਕਾਨੂੰਨ-ਵਿਵਸਥਾ ਦੀ ਸਥਿਤੀ ਬੇਹੱਦ ਨਾਜ਼ੁਕ ਬਣੀ ਹੋਈ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਹਿਮਾਚਲ ਦੀਆਂ ਠੰਢੀਆਂ ਵਾਦੀਆਂ ਵਿਚ ਆਨੰਦ ਮਾਣ ਰਹੇ ਹਨ। ਇਸੇ ਦੌਰਾਨ ਸਾਬਕਾ ਸੰਸਦ ਮੈਂਬਰ ਅਤੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਦਾ ‘ਬਦਲਾਅ’ ਪੰਜਾਬ ਵਿਚ ਹਿੰਸਾ ਤੇ ਭ੍ਰਿਸ਼ਟਾਚਾਰ ਦੀ ਵਾਪਸੀ ਵਜੋਂ ਉੱਭਰਿਆ ਹੈ।