Breaking News
Home / ਪੰਜਾਬ / ਬਹਿਬਲ ਗੋਲੀ ਕਾਂਡ ਮਾਮਲੇ ਸਬੰਧੀ ਸਰਕਾਰ ਫਾਸਟ ਟਰੈਕ ਅਦਾਲਤ ‘ਚ ਸੁਣਵਾਈ ਕਰਵਾਏ : ਨਵਜੋਤ ਸਿੱਧੂ

ਬਹਿਬਲ ਗੋਲੀ ਕਾਂਡ ਮਾਮਲੇ ਸਬੰਧੀ ਸਰਕਾਰ ਫਾਸਟ ਟਰੈਕ ਅਦਾਲਤ ‘ਚ ਸੁਣਵਾਈ ਕਰਵਾਏ : ਨਵਜੋਤ ਸਿੱਧੂ

ਪੀੜਤ ਪਰਿਵਾਰ ਤੇ ਸਿੱਖ ਜਥੇਬੰਦੀਆਂ ਵੱਲੋਂ ਬਠਿੰਡਾ-ਅੰਮ੍ਰਿਤਸਰ ਹਾਈਵੇ ‘ਤੇ ਲਗਾਇਆ ਧਰਨਾ
ਫਰੀਦਕੋਟ: ਬਹਿਬਲ ਗੋਲੀ ਕਾਂਡ ਮਾਮਲੇ ਵਿੱਚ ਪੀੜਤਾਂ ਨੂੰ ਇਨਸਾਫ ਨਾ ਮਿਲਣ ਅਤੇ ਇਸ ਕਾਂਡ ਵਿੱਚ ਨਾਮਜ਼ਦ ਮੁਲਜ਼ਮਾਂ ਖਿਲਾਫ ਸੱਤ ਸਾਲ ਬਾਅਦ ਵੀ ਕੋਈ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਪੀੜਤ ਪਰਿਵਾਰ ਅਤੇ ਸਿੱਖ ਜਥੇਬੰਦੀਆਂ ਨੇ ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਧਰਨਾ ਲਗਾਇਆ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਇਨਸਾਫ਼ ਮੋਰਚੇ ‘ਚ ਸ਼ਾਮਲ ਹੋਏ। ਸਿੱਧੂ ਨੇ ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਸਬੰਧੀ ਕੇਸ ਦੀ ਸੁਣਵਾਈ ਫਾਸਟ ਟਰੈਕ ਅਦਾਲਤ ਵਿੱਚ ਕਰਵਾਈ ਜਾਵੇ ਤਾਂ ਜੋ ਪੀੜਤ ਪਰਿਵਾਰਾਂ ਨੂੰ ਜਲਦੀ ਇਨਸਾਫ ਮਿਲੇ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖਤ ਸਜ਼ਾਵਾਂ ਮਿਲਣ। ਉਨ੍ਹਾਂ ਕਿਹਾ ਕਿ ਜੇਕਰ ਭਗਵੰਤ ਮਾਨ ਉਨ੍ਹਾਂ ਦੀ ਮੰਗ ਨੂੰ ਮੰਨ ਕੇ ਇਨਸਾਫ ਦਿਵਾਉਂਦੇ ਹਨ ਤਾਂ ਉਹ ਵੀ ਮਾਨ ਨਾਲ ਖੜ੍ਹਨਗੇ, ਨਹੀਂ ਤਾਂ ਮਾਨ ਸਰਕਾਰ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ।
‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਇੱਕ ਬਿਆਨ ਦਾ ਹਵਾਲਾ ਦਿੰਦਿਆਂ ਸਿੱਧੂ ਨੇ ਆਖਿਆ ਕਿ ਸੱਤਾ ‘ਚ ਆਉਣ ਤੋਂ ਪਹਿਲਾਂ ਕੇਜਰੀਵਾਲ ਨੇ ਕਿਹਾ ਸੀ ਕਿ ਇਨ੍ਹਾਂ ਸੰਜੀਦਾ ਮਸਲਿਆਂ ਦੀਆਂ ਪੜਤਾਲਾਂ ਹੋ ਚੁੱਕੀਆਂ ਹਨ। ਉਨ੍ਹਾਂ ਨੂੰ ਪਤਾ ਹੈ ਕਿ ਇਸ ਮਾਮਲੇ ਵਿੱਚ ਦੋਸ਼ੀ ਕੌਣ ਹਨ, ਸਰਕਾਰ ਆਉਣ ‘ਤੇ 24 ਘੰਟਿਆਂ ਦੇ ਅੰਦਰ ਇਨਸਾਫ਼ ਦਿਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿੱਚ ‘ਆਪ’ ਦੀ ਸਰਕਾਰ ਹੈ, ਇਸ ਲਈ ਹੁਣ ਪੰਜਾਬ ਸਰਕਾਰ ਇਨ੍ਹਾਂ ਸੰਜੀਦਾ ਮਾਮਲਿਆਂ ਦੀ ਸੁਣਵਾਈ ਕਰਵਾ ਕੇ ਦੋਸ਼ੀਆਂ ਨੂੰ ਬਣਦੀਆਂ ਸਜ਼ਾਵਾਂ ਦਿਵਾਏ। ਫਰੀਦਕੋਟ ਤੋਂ ‘ਆਪ’ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਭਰੋਸਾ ਦਿਵਾਇਆ ਕਿ ਛੇਤੀ ਹੀ ਸਰਕਾਰ ਇਸ ਮਾਮਲੇ ਵਿੱਚ ਕਾਰਵਾਈ ਕਰੇਗੀ।
ਉਨ੍ਹਾਂ ਵੱਲੋਂ ਇਸ ਸਬੰਧੀ ਉੱਚ ਪੁਲਿਸ ਅਧਿਕਾਰੀਆਂ ਨਾਲ ਸੰਪਰਕ ਕਾਇਮ ਕੀਤਾ ਗਿਆ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਪੀੜਤ ਪਰਿਵਾਰ ਦੇ ਮੈਂਬਰ ਸੁਖਰਾਜ ਸਿੰਘ ਅਤੇ ਸਾਧੂ ਸਿੰਘ ਨੇ ਕਿਹਾ ਕਿ ਸੱਤ ਸਾਲ ਬੀਤਣ ਮਗਰੋਂ ਵੀ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਹੀਂ ਹੋਈ। ਇਸ ਮੌਕੇ ਪੰਥਕ ਆਗੂਆਂ ਨੇ ਕਿਹਾ ਕਿ ਪੰਜਾਬ ਦੀਆਂ ਸਿਆਸੀ ਧਿਰਾਂ ਨੇ ਬੇਅਦਬੀ ਅਤੇ ਬਹਿਬਲ ਕਾਂਡ ਦੇ ਮੁੱਦੇ ‘ਤੇ ਹੁਣ ਤੱਕ ਸਿਰਫ਼ ਸਿਆਸਤ ਕੀਤੀ ਹੈ, ਪਰ ਇਨਸਾਫ਼ ਦਿਵਾਉਣ ਲਈ ਕੋਈ ਉਪਰਾਲਾ ਨਹੀਂ ਕੀਤਾ। ਪੰਜਾਬ ਭਰ ਤੋਂ ਦੋ ਦਰਜਨ ਤੋਂ ਵੱਧ ਸਿੱਖ ਜਥੇਬੰਦੀਆਂ ਦੇ ਆਗੂ ਇਸ ਧਰਨੇ ਵਿੱਚ ਸ਼ਾਮਲ ਹੋਏ।

ਇਨਸਾਫ ਦਾ ਭਰੋਸਾ ਮਿਲਣ ਤੋਂ ਬਾਅਦ ਪੀੜਤਾਂ ਨੇ ਹਾਈਵੇ ਤੋਂ ਜਾਮ ਹਟਾਇਆ
ਮੁੱਖ ਮੰਤਰੀ ਦੇ ਭੇਜੇ ਸਰਕਾਰੀ ਵਕੀਲ ਕਹਿੰਦੇ, ਤਿੰਨ ਦਿਨਾਂ ‘ਚ ਜਾਂਚ ਪੂਰੀ ਹੋਵੇਗ਼ੀ
ਚੰਡੀਗੜ੍ਹ : ਬਹਿਬਲ ਕਲਾਂ ਗੋਲੀਕਾਂਡ ਦੇ ਵਿਰੋਧ ਵਿਚ ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਲਗਾਇਆ ਗਿਆ ਧਰਨਾ ਹਟਾ ਲਿਆ ਗਿਆ ਹੈ। ਧਿਆਨ ਰਹੇ ਕਿ ਇਨਸਾਫ ਨਾ ਮਿਲਣ ਕਰਕੇ ਪੀੜਤਾਂ ਨੇ ਨੈਸ਼ਨਲ ਹਾਈਵੇ ‘ਤੇ ਧਰਨਾ ਲਗਾ ਦਿੱਤਾ ਸੀ। ਇਸ ਧਰਨੇ ਦਾ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਕੋਲ ਪਹੁੰਚਿਆ ਤਾਂ ਉਨ੍ਹਾਂ ਇਸ ਕੇਸ ਨਾਲ ਜੁੜੇ ਸਰਕਾਰੀ ਵਕੀਲਾਂ ਦੀ ਟੀਮ ਨੂੰ ਧਰਨਾ ਸਥਾਨ ‘ਤੇ ਭੇਜਿਆ। ਇਨ੍ਹਾਂ ਵਕੀਲਾਂ ਨੇ ਸਰਕਾਰ ਤਰਫੋਂ ਭਰੋਸਾ ਦਿੱਤਾ ਕਿ ਤਿੰਨ ਦਿਨਾਂ ਵਿਚ ਮਾਮਲੇ ਦੀ ਜਾਂਚ ਪੂਰੀ ਕਰ ਲਈ ਜਾਵੇਗੀ। ਇਸੇ ਦੌਰਾਨ ਭਗਵੰਤ ਮਾਨ ਦਾ ਕਹਿਣਾ ਸੀ ਕਿ ਬੇਅਦਬੀ ਅਤੇ ਗੋਲੀਕਾਂਡ ਦੇ ਮਾਮਲਿਆਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਇਨਸਾਫ ਕਰੇਗੀ। ਜਿਸ ਤੋਂ ਬਾਅਦ ਪੀੜਤਾਂ ਨੇ ਹਾਈਵੇ ਤੋਂ ਧਰਨਾ ਹਟਾ ਕੇ ਪੁਰਾਣੀ ਜਗ੍ਹਾ ‘ਤੇ ਧਰਨਾ ਲਗਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਸ ਧਰਨੇ ਵਿਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਅਤੇ ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਪਹੁੰਚੇ ਸਨ।

 

Check Also

ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਮੁਖੀ ਨੂੰ ਮਿਲੀ ਪੈਰੋਲ ਦਾ ਕੀਤਾ ਵਿਰੋਧ

ਭਾਜਪਾ ਰਾਮ ਰਹੀਮ ਨੂੰ ਪੈਰੋਲ ਦੇ ਕੇ ਸਿੱਖ ਜਜ਼ਬਾਤਾਂ ਨਾਲ ਖੇਡ ਰਹੀ ਹੈ : ਧਾਲੀਵਾਲ …