Breaking News
Home / ਪੰਜਾਬ / ਹਰਿਆਣਾ ਦੀ ਖੱਟਰ ਸਰਕਾਰ ਨੇ ਚੰਡੀਗੜ੍ਹ ‘ਤੇ ਹੱਕ ਜਤਾਉਣ ਵਾਲਾ ਪੰਜਾਬ ਦਾ ਮਤਾ ਕੀਤਾ ਰੱਦ

ਹਰਿਆਣਾ ਦੀ ਖੱਟਰ ਸਰਕਾਰ ਨੇ ਚੰਡੀਗੜ੍ਹ ‘ਤੇ ਹੱਕ ਜਤਾਉਣ ਵਾਲਾ ਪੰਜਾਬ ਦਾ ਮਤਾ ਕੀਤਾ ਰੱਦ

ਪੰਜਾਬ ਕੋਲੋਂ ਪਾਣੀ ਅਤੇ ਹਿੰਦੀ ਬੋਲਦੇ ਇਲਾਕੇ ਵੀ ਮੰਗੇ
ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਮੰਗਲਵਾਰ ਨੂੰ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਵੱਲੋਂ ਵੀ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਚੰਡੀਗੜ੍ਹ ‘ਤੇ ਆਪਣਾ ਹੱਕ ਜਤਾਉਣ, ਹਿੰਦੀ ਬੋਲਦੇ ਇਲਾਕੇ ਹਰਿਆਣਾ ਨੂੰ ਸੌਂਪਣ ਦੇ ਨਾਲ-ਨਾਲ ਐਸ ਵਾਈ ਐਲ ਦੇ ਮੁੱਦੇ ਨੂੰ ਲੈ ਕੇ ਵੀ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਵਿਰੋਧੀ ਧਿਰ ਸਮੇਤ ਸਾਰਿਆਂ ਵੱਲੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
ਵਿਧਾਨ ਸਭਾ ‘ਚ ਮਤਾ ਪੇਸ਼ ਕਰਦੇ ਹੋਏ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਚੰਡੀਗੜ੍ਹ ‘ਤੇ ਆਪਣਾ ਹੱਕ ਜਤਾਉਣ ਵਾਲਾ ਪੰਜਾਬ ਦਾ ਦਾਅਵਾ ਹਰਿਆਣਾ ਨੂੰ ਮਨਜ਼ੂਰ ਨਹੀਂ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਹਰਿਆਣ ਦੀ ਰਾਜਧਾਨੀ ਹੈ ਅਤੇ ਰਹੇਗੀ। ਧਿਆਨ ਰਹੇ ਕਿ 1 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ, ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ‘ਚ ਕੇਂਦਰੀ ਨਿਯਮ ਲਾਗੂ ਕਰਨ ਵਾਲੇ ਮਤੇ ਨੂੰ ਰੱਦ ਕਰਦਿਆਂ, ਚੰਡੀਗੜ੍ਹ ‘ਤੇ ਆਪਣਾ ਹੱਕ ਜਤਾਉਣ ਵਾਲਾ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਜਿਸ ਨੂੰ ਲੈ ਕੇ ਹਰਿਆਣਾ ਦੀ ਖੱਟਰ ਸਰਕਾਰ ਸਮੇਤ ਸਾਰੀਆਂ ਵਿਰੋਧੀ ਧਿਰਾਂ ਵੱਲੋਂ ਪੰਜਾਬ ਸਰਕਾਰ ਦੇ ਪਾਸ ਕੀਤੇ ਗਏ ਮਤੇ ਵਿਰੋਧ ਕੀਤਾ ਜਾ ਰਿਹਾ ਸੀ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਚੰਡੀਗੜ੍ਹ ਹਰਿਆਣਾ ਦੀ ਰਾਜਧਾਨੀ ਹੈ, ਜਿਸ ‘ਤੇ ਸੂਬੇ ਦਾ ਪੂਰਾ ਹੱਕ ਹੈ। ਉਨ੍ਹਾਂ ਕਿਹਾ ਕਿ 23 ਅਪਰੈਲ 1966 ਨੂੰ ਬਣਾਏ ਗਏ ਸ਼ਾਹ ਕਮਿਸ਼ਨ ਨੇ ਖਰੜ ਖੇਤਰ ਦੇ ਹਿੰਦੀ ਭਾਸ਼ਾਈ ਪਿੰਡਾਂ ਅਤੇ ਚੰਡੀਗੜ੍ਹ ਨੂੰ ਹਰਿਆਣਾ ਹਵਾਲੇ ਕਰਨ ਦਾ ਐਲਾਨ ਕੀਤਾ ਸੀ, ਪਰ 9 ਜੂਨ 1966 ਨੂੰ ਹੋਈ ਕੇਂਦਰੀ ਕੈਬਨਿਟ ਦੀ ਮੀਟਿੰਗ ਵਿੱਚ ਚੰਡੀਗੜ੍ਹ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਐਲਾਨ ਦਿੱਤਾ। ਉਸ ਦੇ ਨਾਲ ਹੀ ਚੰਡੀਗੜ੍ਹ ਨੂੰ ਦੋਵਾਂ ਸੂਬਿਆਂ ਦੀ ਰਾਜਧਾਨੀ ਐਲਾਨਿਆ ਗਿਆ। ਇਸ ਤੋਂ ਬਾਅਦ ਕਈ ਸਮਝੌਤੇ ਹੋਏ, ਪਰ ਕੋਈ ਪੁਖਤਾ ਹੱਲ ਨਹੀਂ ਨਿਕਲ ਸਕਿਆ। ਖੱਟਰ ਨੇ ਕਿਹਾ ਕਿ ਐੱਸਵਾਈਐੱਲ ਦਾ ਪਾਣੀ ਹਰਿਆਣਾ ਨੂੰ ਮਿਲਣਾ ਚਾਹੀਦਾ ਹੈ। ਇਸ ਲਈ ਸੁਪਰੀਮ ਕੋਰਟ ਤੋਂ ਜਲਦ ਹੀ ਕਾਰਵਾਈ ਹੁਕਮ ਲਏ ਜਾਣਗੇ। ਇਸ ਨਾਲ ਨਹਿਰ ਦੀ ਜ਼ਿੰਮੇਵਾਰੀ ਕੇਂਦਰ, ਪੰਜਾਬ ਜਾਂ ਕਿਸੇ ਹੋਰ ਸੰਸਥਾ ਨੂੰ ਮਿਲ ਜਾਵੇਗੀ। ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਮਤੇ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਤੇ ਦਾ ਕੋਈ ਮਤਲਬ ਨਹੀਂ ਹੈ, ਇਹ ਆਮ ਆਦਮੀ ਪਾਰਟੀ (ਆਪ) ਦੀ ਸਿਆਸੀ ਡਰਾਮੇਬਾਜ਼ੀ ਹੈ।

Check Also

ਪੰਜਾਬ ’ਚ ਨਾਮਜ਼ਦਗੀਆਂ ਦੇ ਚੌਥੇ ਦਿਨ 18 ਤੋਂ ਵੱਧ ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖਲ

ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਸੰਜੇ ਟੰਡਨ ਨੇ ਜੇਪੀ ਨੱਢਾ ਦੀ ਅਗਵਾਈ ’ਚ ਭਰੀ ਨਾਮਜ਼ਦਗੀ ਚੰਡੀਗੜ੍ਹ/ਬਿਊਰੋ …