Breaking News
Home / ਪੰਜਾਬ / ਜੋਗਿੰਦਰ ਸਿੰਘ ਉਗਰਾਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਜੋਗਿੰਦਰ ਸਿੰਘ ਉਗਰਾਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਕਿਹਾ : ਲੰਬੀ ‘ਚ ਧਰਨਾ ਦੇ ਰਹੇ ਕਿਸਾਨਾਂ ‘ਤੇ ਦਰਜ ਹੋਏ ਪਰਚੇ ਹੋਣਗੇ ਰੱਦ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਲੰਬੀ ‘ਚ ਕਿਸਾਨਾਂ ਅਤੇ ਰੈਵੇਨਿਊ ਅਫ਼ਸਰਾਂ ਦਰਮਿਆਨ ਹੋਏ ਝਗੜੇ ਸਬੰਧੀ ਕਿਸਾਨ ਜਥੇਬੰਦੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਚੰਡੀਗੜ੍ਹ ‘ਚ ਮੁਲਾਕਾਤ ਕੀਤੀ।
ਮੁੱਖ ਮੰਤਰੀ ਨਾਲ ਹੋਈ ਮੁਲਾਕਾਤ ਤੋਂ ਬਾਅਦ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਲੰਬੀ ਵਿਖੇ ਕਿਸਾਨਾਂ ‘ਤੇ ਹੋਏ ਲਾਠੀਚਾਰਜ ਤੋਂ ਬਾਅਦ ਦਰਜ ਕੀਤੇ ਗਏ ਸਾਰੇ ਪਰਚੇ ਰੱਦ ਹੋਣਗੇ। ਇਸ ਤੋਂ ਇਲਾਵਾ ਮੁਕਤਸਰ ਦੇ ਡੀਸੀ ਅਤੇ ਡੀਐਸਪੀ ‘ਤੇ ਵੀ ਪੰਜਾਬ ਸਰਕਾਰ ਵੱਲੋਂ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਧਿਆਨ ਰਹੇ ਕਿ ਲੰਬੀ ਵਿਖੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕੁਝ ਦਿਨ ਪਹਿਲਾਂ ਕਿਸਾਨਾਂ ਅਤੇ ਰੈਵੇਨਿਊ ਅਫ਼ਸਰਾਂ ਦਰਮਿਆਨ ਟਕਰਾਅ ਹੋ ਗਿਆ ਸੀ, ਜਿਸ ਤੋਂ ਬਾਅਦ ਪਟਵਾਰੀ ਅਤੇ ਰੈਵੇਨਿਊ ਅਫ਼ਸਰ ਹੜਤਾਲ ‘ਤੇ ਚਲੇ ਗਏ ਸਨ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂਆਂ ਨਾਲ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਸਹਿਮਤੀ ਜ਼ਾਹਿਰ ਕੀਤੀ ਹੈ।
ਮੁੱਖ ਮੰਤਰੀ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ‘ਚ ਨਰਮੇ ਦੀ ਕੁੱਲ ਬਿਜਾਈ ਦਾ ਪੰਜਾਹ ਫੀਸਦੀ ਨੁਕਸਾਨ ਨੂੰ ਆਧਾਰ ਮੰਨ ਕੇ ਮੁਆਵਜ਼ਾ ਦੇਣ ਅਤੇ ਇਸ ਦਾ ਦਸ ਫੀਸਦੀ ਮੁਆਵਜ਼ਾ ਮਜ਼ਦੂਰਾਂ ਨੂੰ ਦੇਣ, ਨਰਮਾ ਚੁਗਣ ਵਾਲੇ ਮਜ਼ਦੂਰਾਂ ਦੀ ਸ਼ਨਾਖਤ ਲਈ ਪਿੰਡਾਂ ‘ਚ ਇਜਲਾਸ ਕਰਨ, ਲੰਬੀ ‘ਚ ਲਾਠੀਚਾਰਜ ਦੇ ਮਾਮਲੇ ‘ਚ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਤੇ ਮਲੋਟ ਦੇ ਡੀਐੱਸਪੀ ਖਿਲਾਫ ਸਖਤ ਕਾਨੂੰਨੀ ਤੇ ਵਿਭਾਗੀ ਕਾਰਵਾਈ ਕਰਨ ਅਤੇ ਮਜ਼ਦੂਰਾਂ-ਕਿਸਾਨਾਂ ‘ਤੇ ਦਰਜ ਕੇਸ ਵਾਪਸ ਲੈਣ ਆਦਿ ਮੰਗਾਂ ਪ੍ਰਵਾਨ ਕਰ ਲੈਣ ਤੋਂ ਬਾਅਦ ਦੋਹਾਂ ਜਥੇਬੰਦੀਆਂ ਵੱਲੋਂ ਮੁਕਤਸਰ ਦੇ ਡੀਸੀ ਦਫਤਰ ਅੱਗੇ ਚੱਲ ਰਿਹਾ ਅਣਮਿੱਥੇ ਸਮੇਂ ਦਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ। ਕਿਸਾਨ-ਮਜ਼ਦੂਰ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਬਾਕੀ ਮੰਗਾਂ ਦੇ ਹੱਲ ਲਈ ਇਸ ਮਹੀਨੇ ਦੇ ਆਖਰੀ ਹਫਤੇ ਇੱਕ ਹੋਰ ਮੀਟਿੰਗ ਕਰਨ ਦਾ ਭਰੋਸਾ ਵੀ ਦਿੱਤਾ।

Check Also

ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਝੂੰਦਾਂ ਕਮੇਟੀ ਦੀ ਰਿਪੋਰਟ ਜਨਤਕ

ਸੁਖਬੀਰ ਸਿੰਘ ਬਾਦਲ ਲਈ ਨਵੀਂ ਮੁਸੀਬਤ ਕੀਤੀ ਖੜ੍ਹੀ ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ …