Breaking News
Home / ਪੰਜਾਬ / ਐਸਜੀਪੀਸੀ ਨੇ ਚੈਨਲ ਸ਼ੁਰੂ ਕਰਨ ਲਈ ਸੱਤ ਮੈਂਬਰੀ ਕਮੇਟੀ ਬਣਾਈ

ਐਸਜੀਪੀਸੀ ਨੇ ਚੈਨਲ ਸ਼ੁਰੂ ਕਰਨ ਲਈ ਸੱਤ ਮੈਂਬਰੀ ਕਮੇਟੀ ਬਣਾਈ

ਕਮੇਟੀ ਤਿੰਨ ਮਹੀਨਿਆਂ ‘ਚ ਦੇਵੇਗੀ ਰਿਪੋਰਟ ੲ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਮੰਗੀ
ਤਲਵੰਡੀ ਸਾਬੋ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖੀ ਦੇ ਪਸਾਰ, ਪ੍ਰਚਾਰ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣਾ ਚੈਨਲ ਚਲਾਉਣ ਸਬੰਧੀ ਸੱਤ ਮੈਂਬਰੀ ਕਮੇਟੀ ਬਣਾਈ ਗਈ ਹੈ ਜੋ ਤਿੰਨ ਮਹੀਨੇ ਵਿੱਚ ਆਪਣੀ ਰਿਪੋਰਟ ਤਿਆਰ ਕਰਕੇ ਸ਼੍ਰੋਮਣੀ ਕਮੇਟੀ ਨੂੰ ਸੌਂਪੇਗੀ। ਇਸ ਤੋਂ ਬਾਅਦ ਚੈਨਲ ਸ਼ੁਰੂ ਕਰਨ ਲਈ ਸ਼੍ਰੋਮਣੀ ਕਮੇਟੀ ਅੰਤਿਮ ਫੈਸਲਾ ਲਵੇਗੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖ ਸੰਗਤ ਦੀ ਲੰਮੇਂ ਸਮੇਂ ਤੋਂ ਮੰਗ ਸੀ ਕਿ ਸ਼੍ਰੋਮਣੀ ਕਮੇਟੀ ਦਾ ਆਪਣਾ ਟੀਵੀ ਚੈਨਲ ਹੋਣਾ ਚਾਹੀਦਾ ਹੈ ਜਿਸ ਕਰਕੇ ਹੁਣ ਸ਼੍ਰੋਮਣੀ ਕਮੇਟੀ ਨੇ ਆਪਣਾ ਚੈਨਲ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ। ਬੰਦੀ ਸਿੰਘਾਂ ਬਾਰੇ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੰਘਾਂ ਨੂੰ ਰਿਹਾਅ ਕਰਨ ਬਾਰੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਸੀ ਪਰ ਹਾਲੇ ਤੱਕ ਸਿੰਘਾਂ ਦੀ ਰਿਹਾਈ ਨਹੀਂ ਹੋਈ।
ਉਨ੍ਹਾਂ ਕਿਹਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੜਿੱਕਾ ਬਣਦੇ ਆ ਰਹੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਖਾਲਸਾ ਸਾਜਨਾ ਦਿਵਸ ਮੌਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ।
ਅਦਾਲਤੀ ਹੁਕਮਾਂ ਦੀ ਉਲੰਘਣਾ ਨਹੀਂ ਕੀਤੀ: ਧਾਮੀ
ਪਿੰਡ ਗਹਿਲ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਮੁੜ ਮੁਅੱਤਲ ਕੀਤੇ ਗਏ ਤਿੰਨ ਮੁਲਾਜ਼ਮਾਂ ਬਾਰੇ ਕਿਹਾ ਕਿ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰਾਂ ਦੀ ਵਰਤੋਂ ਕਰ ਕੇ ਹੀ ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਹੈ। ਇਸ ਮਾਮਲੇ ਵਿੱਚ ਹਾਈ ਕੋਰਟ ਦੇ ਹੁਕਮਾਂ ਦੀ ਕੋਈ ਉਲੰਘਣਾ ਨਹੀਂ ਹੋਈ।

Check Also

ਕਾਂਗਰਸ ਪਾਰਟੀ ਦੀ ਪੰਜਾਬ ਦੇ ਕਿਸਾਨ ਵੋਟਰਾਂ ’ਤੇ ਨਜ਼ਰ

ਰਾਜਾ ਵੜਿੰਗ ਨੇ ਲਾਲੜੂ ’ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਵਿਰੋਧੀ ’ਤੇ ਸਾਧਿਆ ਨਿਸ਼ਾਨਾ ਲਾਲੜੂ/ਬਿਊਰੋ ਨਿਊਜ਼ …