ਪੰਜਾਬ ਸਰਕਾਰ ਨੇ ਅਧਿਕਾਰੀਆਂ ਨੂੰ ਮਿਲਣ ਸਮੇਂ ਮੋਬਾਈਲ ਫੋਨ ਲਿਜਾਣ ’ਤੇ ਲਗਾਈ ਰੋਕ ਹਟਾਈ
ਮੋਗਾ/ਬਿਊਰੋ ਨਿਊਜ਼
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਦਫਤਰਾਂ ਵਿੱਚ ਅਧਿਕਾਰੀਆਂ ਨੂੰ ਮਿਲਣ ਸਮੇਂ ਮੋਬਾਈਲ ਫੋਨ ਲਿਜਾਣ ਉੱਤੇ ਲਗਾਈ ਰੋਕ ਖਤਮ ਕਰ ਦਿੱਤੀ ਹੈ। ਸਰਕਾਰੀ ਦਫਤਰਾਂ ਵਿੱਚ ਹੁਣ ਮੋਬਾਈਲ ਫ਼ੋਨ ਲਿਜਾਣ ਉੱਤੇ ਕੋਈ ਪਾਬੰਦੀ ਨਹੀਂ ਹੋਵੇਗੀ। ਸੂਬਾ ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਆਖਿਆ ਗਿਆ ਹੈ ਕਿ ਇਸ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਵਿੱਢੀ ਮੁਹਿੰਮ ਉੱਤੇ ਵੀ ਸਵਾਲ ਉੱਠ ਰਹੇ ਸਨ। ਸਰਕਾਰ ਦੇ ਇਸ ਹੁਕਮ ਤੋਂ ਬਾਅਦ ਹੁਣ ਸਰਕਾਰੀ ਦਫਤਰਾਂ ਤੋਂ ਮੋਬਾਈਲ ਸਵਿੱਚ ਆਫ ਕਰਨ ਅਤੇ ਨਾਲ ਲਿਜਾਣ ਵਾਲੇ ਬੋਰਡ ਹਟਣੇ ਸ਼ੁਰੂ ਹੋ ਗਏ ਹਨ। ਫਿਰੋਜ਼ਪੁਰ ਰੇਂਜ ਦੇ ਡੀਆਈਜੀ ਇੰਦਰਬੀਰ ਸਿੰਘ ਨੇ ਪਹਿਲ ਕਰਦਿਆਂ ਆਪਣੇ ਦਫਤਰ ਦੇ ਬਾਹਰ ਨੋਟਿਸ ਲਗਾਇਆ ਹੈ, ਜਿਸ ਵਿੱਚ ਲਿਖਿਆ ਹੈ ਕਿ ਉਨ੍ਹਾਂ ਦੇ ਦਫਤਰ ਅੰਦਰ ਮੋਬਾਈਲ ਫੋਨ ਲੈ ਕੇ ਆਉਣ ਦੀ ਕੋਈ ਮਨਾਹੀ ਨਹੀਂ ਹੈ। ਇਹ ਨੋਟਿਸ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਪੰਜਾਬ ਦੇ ਕਈ ਅਫਸਰਾਂ ਨੇ ਆਪਣੇ ਦਫਤਰਾਂ ਦੇ ਅੰਦਰ ਫੋਨ ਲਿਆਉਣ ’ਤੇ ਪਾਬੰਦੀ ਲਗਾ ਦਿੱਤੀ ਸੀ।