Breaking News
Home / ਭਾਰਤ / ਦਿੱਲੀ ਤੋਂ ਚੱਲ ਰਹੀ ਹੈ ਪੰਜਾਬ ਦੀ ਭਗਵੰਤ ਮਾਨ ਸਰਕਾਰ

ਦਿੱਲੀ ਤੋਂ ਚੱਲ ਰਹੀ ਹੈ ਪੰਜਾਬ ਦੀ ਭਗਵੰਤ ਮਾਨ ਸਰਕਾਰ

ਰਾਜਾ ਵੜਿੰਗ, ਨਵਜੋਤ ਸਿੱਧੂ ਅਤੇ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਕੋਲੋਂ ਮੰਗਿਆ ਜਵਾਬ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਦਾ ਆਰੋਪ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਿੱਲੀ ਤੋਂ ਚਲੇਗੀ ਅਤੇ ਹੁਣ ਇਹ ਸਾਬਤ ਵੀ ਹੋ ਗਿਆ ਹੈ। ਕੇਜਰੀਵਾਲ ਨੇ ਬੇਸ਼ੱਕ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਦਿੱਤਾ ਹੈ ਪ੍ਰੰਤੂ ਸਾਰੇ ਫੈਸਲੇ ਦਿੱਲੀ ਤੋਂ ਹੋ ਰਹੇ ਹਨ। ਧਿਆਨ ਰਹੇ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ ਸਬੰਧੀ ਫੈਸਲਾ ਵੀ ਦਿੱਲੀ ’ਚ ਲਿਆ ਜਾਵੇਗਾ, ਕਿਉਂਕਿ ਲੰਘੇ ਕੱਲ੍ਹ ਪੰਜਾਬ ਦੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ, ਊਰਜਾ ਸਕੱਤਰ ਦਲੀਪ ਕੁਮਾਰ ਅਤੇ ਪੀਐਸਪੀਸੀਐਲ ਦੇ ਚੇਅਰਮੈਨ ਬਲਦੇਵ ਸਰਨ ਦੇ ਨਾਲ ਮੁਫ਼ਤ ਬਿਜਲੀ ਦੇਣ ਨੂੰ ਲੈ ਕੇ ਚਰਚਾ ਕੀਤੀ ਗਈ। ਹੈਰਾਨੀ ਦੀ ਗੱਲ ਹੈ ਕਿ ਇਸ ਮੀਟਿੰਗ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਨੂੰ ਸ਼ਾਮਲ ਨਹੀਂ ਕੀਤਾ ਗਿਆ। ਪੰਜਾਬ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੀ ਪ੍ਰਧਾਨਗੀ ਅਰਵਿੰਦ ਕੇਜਰੀਵਾਲ ਨੇ ਕੀਤੀ ਅਤੇ ਇਸ ’ਚ ਦਿੱਲੀ ਦੇ ਮੰਤਰੀ ਸਤਿੰਦਰ ਜੈਨ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਮੌਜੂਦ ਸਨ। ਦਿੱਲੀ ’ਚ ਹੋਈ ਇਸ ਮੀਟਿੰਗ ’ਤੇ ਪੰਜਾਬ ਕਾਂਗਰਸ ਦੇ ਨਵੇਂ ਚੁਣੇ ਗਏ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਵਾਲ ਚੁੱਕੇ ਹਨ। ਰਾਜਾ ਵੜਿੰਗ ਨੇ ‘ਸਰ ਤੋ ਝੁਕਾ ਦਿਯਾ ਹੀ ਥਾ ਅਬ ਮਾਥਾ ਵੀ ਟੇਕ ਦਿਯਾ ਹੈ ਕਯਾ? ਸ਼ੇਅਰ ਲਿਖ ਕੇ ਮੁੱਖ ਮੰਤਰੀ ’ਤੇ ਸਖਤ ਟਿੱਪਣੀ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ, ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਭਗਵੰਤ ਮਾਨ ਨੂੰ ਇਸ ਸਬੰਧੀ ਜਵਾਬ ਦੇਣ ਲਈ ਕਿਹਾ ਹੈ।

 

Check Also

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਨਾਂ ’ਤੇ ਲਿਆ ਨੋਟਿਸ

ਭਾਜਪਾ ਅਤੇ ਕਾਂਗਰਸ ਦੇ ਪ੍ਰਧਾਨ ਕੋਲੋਂ 29 ਅਪ੍ਰੈਲ ਤੱਕ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : …