ਪੰਜਾਬ ਕੈਬਨਿਟ ਨੇ ਮੀਟਿੰਗ ’ਚ ਲਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਬੁੱਧਵਾਰ ਨੂੰ ਚੰਡੀਗੜ੍ਹ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ। ਮੀਟਿੰਗ ਵਿਚ ਕੇਂਦਰ ਸਰਕਾਰ ਦੀਆਂ ਸ਼ਰਤਾਂ ਅਨੁਸਾਰ ਰੂਰਲ ਡਿਵੈਲਪਮੈਂਟ ਫੰਡ ਦਾ ਪੈਸਾ ਪਿੰਡਾਂ ਦੇ ਵਿਕਾਸ ’ਤੇ ਹੀ ਖਰਚਣ ਦਾ ਫੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ 1100 ਕਰੋੜ ਰੁਪਏ ਆਰਡੀਐਫ ਫੰਡ ਕੇਂਦਰ ਸਰਕਾਰ ਨੇ ਰੋਕ ਲਿਆ ਸੀ ਅਤੇ ਇਤਰਾਜ਼ ਕੀਤਾ ਸੀ ਕਿ ਇਹ ਪੈਸਾ ਪਿੰਡਾਂ ਦੇ ਵਿਕਾਸ ਲਈ ਹੀ ਖਰਚ ਹੋਣਾ ਚਾਹੀਦਾ ਹੈ। ਦੱਸਿਆ ਗਿਆ ਕਿ ਪੰਜਾਬ ਸਰਕਾਰ ਇਹ ਪੈਸਾ ਕਿਸਾਨਾਂ ਅਤੇ ਮਜ਼ਦੂਰਾਂ ਦਾ ਕਰਜ਼ ਉਤਾਰਨ ਲਈ ਖਰਚ ਕਰ ਰਹੀ ਸੀ। ਅੱਜ ਦੀ ਮੀਟਿੰਗ ਵਿਚ ਫੈਸਲਾ ਲਿਆ ਗਿਆ ਕਿ ਕੇਂਦਰ ਸਰਕਾਰ ਦੀਆਂ ਸ਼ਰਤਾਂ ਨੂੰ ਮੰਨ ਲਿਆ ਗਿਆ ਹੈ ਅਤੇ ਪੇਂਡੂ ਵਿਕਾਸ ਫੰਡ ਐਕਟ ’ਚ ਸੋਧ ਕੀਤੀ ਗਈ ਹੈ ਅਤੇ ਹੁਣ ਇਹ ਪੈਸਾ ਪਿੰਡਾਂ ਦੇ ਵਿਕਾਸ ਲਈ ਖਰਚ ਹੋਵੇਗਾ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਹਿਲਾਂ ਬਾਦਲ ਅਤੇ ਕੈਪਟਨ ਅਮਰਿੰਦਰ ਸਰਕਾਰ ਵਿਚ ਪੇਂਡੂ ਵਿਕਾਸ ਫੰਡ ਦੀ ਦੁਰਵਰਤੋਂ ਹੋਈ ਹੈ। ਹਰਪਾਲ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਵੀ ਵਾਅਦੇ ਕੀਤੇ ਹਨ, ਉਨ੍ਹਾਂ ਨੂੰ ਜ਼ਰੂਰ ਪੂਰਾ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਕੈਬਨਿਟ ਨੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ 145 ਅਸਾਮੀਆਂ ਭਰਨ ਨੂੰ ਮਨਜ਼ੂਰੀ ਵੀ ਦਿੱਤੀ ਹੈ।